
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਿਸ਼ਨ ਕਲੀਨ ਪੰਜਾਬ ਤਹਿਤ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਨਿਗਮ ਕਮਿਸ਼ਨਰ ਮੈਦਾਨ ’ਚ ਉਤਰੇ

-ਫੀਲਡ ਗੰਜ ਤੋਂ ਕੇਸਰ ਗੰਜ ਤਕ ਸਫ਼ਾਈ ਪ੍ਰਬੰਧਾਂ ਦੀ ਕੀਤੀ ਚੈਕਿੰਗ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ
ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਤਹਿਤ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸੋਮਵਾਰ ਨੂੰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪ੍ਰਾਸ਼ਰ ਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਖੁਦ ਮੈਦਾਨ ਵਿੱਚ ਉਤਰੇ। ਉਨ੍ਹਾਂ ਫੀਲਡ ਗੰਜ, ਟਰੰਕ ਵਾਲਾ ਬਾਜ਼ਾਰ, ਗੋਕੁਲ ਰੋਡ, ਕੇਸਰਗੰਜ ਮੰਡੀ ਰੋਡ, ਨਵਾਂ ਮੁਹੱਲਾ ਸਮੇਤ ਵੱਖ-ਵੱਖ ਇਲਾਕਿਆਂ ਦਾ ਅਚਾਨਕ ਨਿਰੀਖਣ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੌਰਾਨ ਮੁੱਖ ਸੜਕਾਂ ਦੇ ਨਾਲ-ਨਾਲ ਅੰਦਰੂਨੀ ਗਲੀਆਂ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ। ਕੁਝ ਥਾਵਾਂ ’ਤੇ ਸਫ਼ਾਈ ਪ੍ਰਬੰਧ ਤਸੱਲੀਬਖ਼ਸ਼ ਨਾ ਮਿਲਣ ’ਤੇ ਨਿਗਮ ਦੀ ਸਿਹਤ ਸ਼ਾਖਾ ਦੇ ਸਬੰਧਤ ਅਧਿਕਾਰੀਆਂ ਅਤੇ ਫੀਲਡ ਸਟਾਫ਼ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ’ਤੇ ਕੂੜਾ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਸਫ਼ਾਈ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਮੇਅਰ ਇੰਦਰਜੀਤ ਕੌਰ ਅਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪ੍ਰਾਸ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਸਿਰਫ਼ ਨਿਗਮ ਪ੍ਰਸ਼ਾਸਨ ਹੀ ਨਹੀਂ, ਸਗੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੀ ਸਫ਼ਾਈ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ। ਲੋਕਾਂ ਨੂੰ ਖੁੱਲ੍ਹੇ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਗਈ ਕਿ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਨਿਗਮ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਾਨਕ ਚੈਕਿੰਗ ਜਾਰੀ ਰਹੇਗੀ ਅਤੇ ਸਫ਼ਾਈ ਪ੍ਰਬੰਧਾਂ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸੀਐਸਆਈ ਰਵੀ ਸ਼ਰਮਾ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।