
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਗੜਦੀ ਕਾਨੂੰਨ ਵਿਵਸਥਾ ਖ਼ਿਲਾਫ਼ ਭਾਜਪਾ ਦਾ ਹੱਲਾ ਬੋਲ ਪ੍ਰਦਰਸ਼ਨ, ਪੁਲਿਸ ਕਮਿਸ਼ਨਰ ਦਫ਼ਤਰ ਘੇਰਿਆ

-ਲੁੱਟਾਂ-ਖੋਹਾਂ ਤੇ ਸਨੈਚਿੰਗ ਦੀਆਂ ਵਾਰਦਾਤਾਂ ਕਾਰਨ ਲੋਕ ਦਹਿਸ਼ਤ ’ਚ : ਸਨੀ ਕੈਂਥ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਤੇ ਲਗਾਤਾਰ ਵੱਧ ਰਹੀਆਂ ਲੁੱਟਾਂ-ਖੋਹਾਂ, ਸਨੈਚਿੰਗ ਤੇ ਹੋਰ ਅਪਰਾਧਕ ਵਾਰਦਾਤਾਂ ਖ਼ਿਲਾਫ਼ ਲੁਧਿਆਣਾ ਦਿਹਾਤੀ ਭਾਜਪਾ ਨੇ ਹੱਲਾ ਬੋਲ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਜਪਾ ਪੰਜਾਬ ਦੇ ਸਹਿ-ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਵੀ ਮੌਜੂਦ ਰਹੇ। ਪ੍ਰਦਰਸ਼ਨ ਉਪਰੰਤ ਭਾਜਪਾ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ। ਸਨੀ ਕੈਂਥ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ ਤੇ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਦਿਨ-ਦਿਹਾੜੇ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਕਿਸੇ ਵੀ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਨਾਗਰਿਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਹੁੰਦੀ ਹੈ, ਪਰ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਸਨੀ ਕੈਂਥ ਨੇ ਕਿਹਾ ਕਿ ਵਪਾਰੀ ਵਰਗ ਆਪਣੇ ਕਾਰੋਬਾਰ ਅਤੇ ਆਮ ਪਰਿਵਾਰ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਸਰਕਾਰ ਨੂੰ ਸਿਰਫ਼ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ ਤੇ ਅਪਰਾਧਕ ਤੱਤਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਚੁੱਪ ਨਹੀਂ ਬੈਠੇਗੀ। ਪੁਲਿਸ ਪ੍ਰਸ਼ਾਸਨ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਵਾਰਦਾਤਾਂ ’ਤੇ ਤੁਰੰਤ ਨਕੇਲ ਕੱਸੇ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਭਾਜਪਾ ਇਸ ਮੁੱਦੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਚੁੱਕੇਗੀ।