
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਉਗਰਾਹਾਂ ਦਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ

-ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਲੁਧਿਆਣਾ ਦੇ ਸਾਹਮਣੇ ਲਾਇਆ ਗਿਆ। ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਸਰਕਾਰਾਂ ਵੱਲੋਂ ਕਿਸਾਨਾਂ-ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਉਂਦਿਆਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ।
ਮੋਰਚੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਡਾਂਗਾਂ ਨਾਲ ਨਿਵਾਜਿਆ ਜਾ ਰਿਹਾ ਹੈ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਜਥੇਬੰਦੀ ਦੀਆਂ ਮੁੱਖ ਮੰਗਾਂ ਵਿੱਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨਾ, ਸੋਧਿਆ ਲੈਂਡ ਪੂਲਿੰਗ ਕਾਨੂੰਨ ਵਾਪਸ ਲੈਣਾ ਅਤੇ ਆਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣਾ ਸ਼ਾਮਲ ਹੈ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ’ਤੇ ਦਰਜ ਕੇਸ ਵਾਪਸ ਲੈਣ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਣ ਅਤੇ ਕਾਰਪੋਰੇਟ ਘਰਾਣਿਆਂ ਦੇ ਅੰਨ੍ਹੇ ਮੁਨਾਫ਼ੇ ’ਤੇ ਰੋਕ ਲਗਾ ਕੇ ਉਨ੍ਹਾਂ ਦੀ ਪੂੰਜੀ ’ਤੇ ਟੈਕਸ ਲਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਵੰਡ ਸੰਸਾਰ ਦੇ ਅਸੂਲਾਂ ਅਨੁਸਾਰ ਭਾਈਚਾਰਕ ਤਰੀਕੇ ਨਾਲ ਕੀਤੀ ਜਾਵੇ। ਇਸ ਤੋਂ ਇਲਾਵਾ ਬਿਜਲੀ ਬਿੱਲ ਅਤੇ ਬੀਜ ਬਿੱਲ ਰੱਦ ਕਰਨ ਦੀ ਮੰਗ ਵੀ ਰੱਖੀ ਗਈ।
ਮੋਰਚੇ ਦੌਰਾਨ ਪਾਸ ਕੀਤੇ ਇੱਕ ਮਤੇ ਰਾਹੀਂ ਤਲਵੰਡੀ ਸਲੇਮ ਵਿਖੇ ਪਾਸ਼-ਹੰਸਰਾਜ ਯਾਦਗਾਰ ’ਤੇ ਕਥਿਤ ਤੌਰ ’ਤੇ ਸਰਕਾਰ ਦੀ ਸ਼ਹਿ ’ਤੇ ਪਿੰਡ ਦੇ ਸਰਪੰਚ ਰਾਹੀਂ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਧਰਨੇ ਨੂੰ ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ, ਯੁਵਰਾਜ ਸਿੰਘ ਘੁਡਾਣੀ, ਨਾਜਰ ਸਿੰਘ ਸਿਆੜ, ਜਸਵੀਰ ਸਿੰਘ ਅਸ਼ਕਰੀਪੁਰ, ਕੁਲਦੀਪ ਸਿੰਘ, ਮਜ਼ਦੂਰ ਆਗੂ ਜੌਹਰੀ ਅਤੇ ਮਨਜੀਤ ਕੌਰ ਲੁਧਿਆਣਾ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਮਨੋਹਰ ਸਿੰਘ ਕਲਾਹੜ ਨੇ ਨਿਭਾਈ।