
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਾਰਾਬਾਰਾ ਰੋਡ ’ਤੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਨਿਗਮ ਦੀ ਕਾਰਵਾਈ, ਛੇ ਦੁਕਾਨਾਂ ਸੀਲ

ਫੋਟੋ ਨੰਬਰ-35
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹਿਰ ਵਿੱਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਨਗਰ ਨਿਗਮ ਨੇ ਸੋਮਵਾਰ ਨੂੰ ਕਾਰਾਬਾਰਾ ਰੋਡ ’ਤੇ ਪੈਟਰੋਲ ਪੰਪ ਨੇੜੇ ਬਣ ਰਹੀਆਂ ਛੇ ਨਾਜਾਇਜ਼ ਦੁਕਾਨਾਂ ਨੂੰ ਸੀਲ ਕਰ ਦਿੱਤਾ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ’ਤੇ ਜ਼ੋਨ-ਏ ਦੀ ਬਿਲਡਿੰਗ ਬ੍ਰਾਂਚ ਵੱਲੋਂ ਕੀਤੀ ਗਈ। ਸਹਾਇਕ ਟਾਊਨ ਪਲਾਨਰ ਕਪਿਲ ਦੇਵ ਨੇ ਦੱਸਿਆ ਕਿ ਦੁਕਾਨਾਂ ਦੇ ਮਾਲਕ ਨੂੰ ਪਹਿਲਾਂ ਵੀ ਨਾਜਾਇਜ਼ ਉਸਾਰੀ ਰੋਕਣ ਲਈ ਚਿਤਾਵਨੀਆਂ ਅਤੇ ਨੋਟਿਸ ਜਾਰੀ ਕੀਤੇ ਗਏ ਸਨ। ਇਸ ਦੇ ਬਾਵਜੂਦ ਉਸਾਰੀ ਦਾ ਕੰਮ ਜਾਰੀ ਰੱਖਿਆ ਗਿਆ, ਜਿਸ ਤੋਂ ਬਾਅਦ ਨਿਗਮ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਛੇ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ਤਹਿਤ ਸ਼ਹਿਰ ਵਿੱਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਿਗਮ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬਿਨਾਂ ਮਨਜ਼ੂਰੀ ਦੇ ਨਿਰਮਾਣ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।