- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਪੂਰਬੀ ਹਲਕੇ ਦੇ ਕਈ ਇਲਾਕਿਆਂ ’ਚ ਸੀਵਰੇਜ, ਸੜਕਾਂ ਤੇ ਸਫ਼ਾਈ ਦੀਆਂ ਸਮੱਸਿਆਵਾਂ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਲੁਧਿਆਣਾ ਪੂਰਬੀ ਹਲਕੇ ਦੇ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਦੇ ਵਸਨੀਕਾਂ ਨੇ ਨਗਰ ਨਿਗਮ ਦੀਆਂ ਬੁਨਿਆਦੀ ਸੇਵਾਵਾਂ ਨਾਲ ਸਬੰਧਤ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਸਮਸਿਆਵਾਂ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੂੰ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋ ਦੀ ਅਗਵਾਈ ਵਿੱਚ ਮੰਗ-ਪੱਤਰ ਦੇ ਕੇ ਤੁਰੰਤ ਹੱਲ ਦੀ ਮੰਗ ਕੀਤੀ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਕਈ ਇਲਾਕਿਆਂ ਵਿੱਚ ਲੰਬੇ ਸਮੇਂ ਤੋਂ ਸੀਵਰੇਜ ਜਾਮ, ਗੰਦਾ ਪਾਣੀ ਸੜਕਾਂ ਤੇ ਗਲੀਆਂ ਵਿੱਚ ਖੜ੍ਹਾ ਰਹਿਣ, ਘਰਾਂ ਵਿੱਚ ਸੀਵਰੇਜ ਦਾ ਪਾਣੀ ਦਾਖ਼ਲ ਹੋਣ, ਟੁੱਟੀਆਂ ਸੜਕਾਂ ਅਤੇ ਗੰਦਗੀ ਦੀ ਸਮੱਸਿਆ ਬਣੀ ਹੋਈ ਹੈ।
ਵੱਖ-ਵੱਖ ਵਾਰਡਾਂ ਦੇ ਲੋਕਾਂ ਨੇ ਕਿਹਾ ਕਿ ਸੀਵਰੇਜ ਅਤੇ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਤੋਂ ਇਲਾਵਾ ਇਲਾਕੇ ਦੇ ਦੁਕਾਨਦਾਰਾਂ ਅਤੇ ਵਸਨੀਕਾਂ ਨੂੰ ਵੀ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਕਈ ਥਾਵਾਂ ’ਤੇ ਗੰਦਾ ਪਾਣੀ ਲੰਬੇ ਸਮੇਂ ਤੱਕ ਖੜ੍ਹਾ ਰਹਿਣ ਕਾਰਨ ਬਦਬੂ ਅਤੇ ਗੰਦਗੀ ਦਾ ਮਾਹੌਲ ਬਣਿਆ ਰਹਿੰਦਾ ਹੈ। ਮੰਗ-ਪੱਤਰ ਵਿੱਚ ਦੱਸਿਆ ਗਿਆ ਕਿ ਸਨਿਆਸ ਨਗਰ, ਦੀਪ ਵਿਹਾਰ, ਗੋਲਡਨ ਕਲੋਨੀ ਅਤੇ ਹਰਿੰਦਰ ਨਗਰ (ਵਾਰਡ ਨੰਬਰ 2), ਨੂਰਵਾਲਾ ਰੋਡ (ਵਾਰਡ ਨੰਬਰ 3-4), ਕਾਕੋਵਾਲ ਰੋਡ (ਵਾਰਡ ਨੰਬਰ 4-5), ਵਿਸ਼ਾਲ ਕਾਲੋਨੀ (ਵਾਰਡ-5), ਵਰਧਮਾਨ ਕਲੋਨੀ (ਵਾਰਡ ਨੰਬਰ 6) ਅਤੇ ਰਾਹੋਂ ਰੋਡ (ਵਾਰਡ ਨੰਬਰ 6-7) ਸਮੇਤ ਕਈ ਇਲਾਕਿਆਂ ਵਿੱਚ ਲੋਕ ਬੁਨਿਆਦੀ ਨਗਰ ਨਿਗਮ ਸੇਵਾਵਾਂ ਦੀ ਘਾਟ ਨਾਲ ਜੂਝ ਰਹੇ ਹਨ। ਵਸਨੀਕਾਂ ਨੇ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਦਾ ਮੌਕੇ ’ਤੇ ਜਾਇਜ਼ਾ ਲੈ ਕੇ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਇਸ ਦੇ ਨਾਲ ਹੀ ਟੁੱਟੀਆਂ ਸੜਕਾਂ ਦੀ ਮੁਰੰਮਤ, ਗਲੀਆਂ ਵਿੱਚ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ, ਗੰਦਗੀ ਦੇ ਢੇਰਾਂ ਦੀ ਸਫ਼ਾਈ ਅਤੇ ਨਿਯਮਤ ਸਫ਼ਾਈ ਪ੍ਰਬੰਧ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਲੋਕਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮੱਸਿਆਵਾਂ ਨੂੰ ਸਿਰਫ਼ ਆਰਜ਼ੀ ਤੌਰ ’ਤੇ ਹੱਲ ਕਰਨ ਦੀ ਬਜਾਏ ਇਨ੍ਹਾਂ ਦਾ ਪੱਕਾ ਹੱਲ ਕੀਤਾ ਜਾਵੇ, ਤਾਂ ਜੋ ਇਲਾਕਾ ਵਾਸੀਆਂ ਨੂੰ ਰੋਜ਼ਾਨਾ ਦੀ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ।
ਵਸਨੀਕਾਂ ਨੇ ਆਸ ਪ੍ਰਗਟਾਈ ਕਿ ਨਗਰ ਨਿਗਮ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇਵੇਗਾ ਅਤੇ ਲੁਧਿਆਣਾ ਪੂਰਬੀ ਹਲਕੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਦਰੁਸਤ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਜੱਥਾ ਲੁਧਿਆਣਾ ਸ਼ਾਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਕੌਂਸਲਰ ਕਮਲ ਅਰੋੜਾ ਬਲਵਿੰਦਰ ਸਿੰਘ ਐਮਡੀ ਆਦਿ ਹਾਜ਼ਰ ਸਨ।--