- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ-ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਸਾਂਝੇ ਸੰਘਰਸ਼ਾਂ ’ਤੇ ਜ਼ੋਰ ਦੇਣ ਦਾ ਸੱਦਾ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਏ ਗਏ ਪੱਕੇ ਮੋਰਚੇ ਦੇ ਮੰਗਲਵਾਰ ਨੂੰ ਤੀਜੇ ਦਿਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਲਗਾਤਾਰ ਚੱਲ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਸਮੇਤ ਹਰ ਵਰਗ ਆਪਣੇ ਹੱਕਾਂ ਲਈ ਸੰਘਰਸ਼ ਦੇ ਰਾਹ ਪੈ ਚੁੱਕਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ, ਮਜ਼ਦੂਰਾਂ ਤੋਂ ਘੱਟ ਉਜਰਤ ’ਤੇ ਵੱਧ ਕੰਮ ਲੈਣ ਅਤੇ ਮੁਲਾਜ਼ਮਾਂ ਦੀਆਂ ਬਣਦੀਆਂ ਤਨਖਾਹਾਂ ਤੇ ਭੱਤੇ ਦੇਣ ਤੋਂ ਇਲਾਵਾ ਉਨ੍ਹਾਂ ਨੂੰ ਪੱਕਾ ਕਰਨ ਦੇ ਮਸਲੇ ਲਟਕਾਏ ਜਾ ਰਹੇ ਹਨ। ਇਸ ਕਾਰਨ ਹਰ ਵਰਗ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਸਰਕਾਰ ਆਪਣਾ ਸਭ ਕੁੱਝ ਵੇਚ ਕੇ ਕਾਰਪੋਰੇਟ ਘਰਾਣਿਆਂ ਦਾ ਢਿੱਡ ਭਰਨ ਵਿੱਚ ਲੱਗੀ ਹੋਈ ਹੈ ਅਤੇ ਸਾਮਰਾਜੀ ਦੇਸ਼ਾਂ ਦੀਆਂ ਨੀਤੀਆਂ ਨੂੰ ਲਾਗੂ ਕਰਕੇ ਉਨ੍ਹਾਂ ਦੀ ਖੁਸ਼ਾਮਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਕਾਰਨ ਆਉਣ ਵਾਲੇ ਸਮੇਂ ਵਿੱਚ ਆਮ ਲੋਕਾਂ ਲਈ ਜੀਵਨ ਹੋਰ ਵੀ ਮੁਸ਼ਕਲ ਹੋ ਸਕਦਾ ਹੈ। ਇਸ ਦੌਰਾਨ ਧਰਨੇ ਵਿੱਚ ਪਹੁੰਚੇ ਡੀਏਪੀ ਖਾਦ ਦੇ ਅਗਾਊਂ ਪ੍ਰਬੰਧ ਸਬੰਧੀ ਗੁਰਦੀਪ ਸਿੰਘ ਏਆਰਓ ਲੁਧਿਆਣਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਕੇਂਦਰ ਅਤੇ ਪੰਜਾਬ ਸਰਕਾਰ ਜਾਣਬੁੱਝ ਕੇ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਮਨਵਾਉਣ ਅਤੇ ਕਿਸਾਨ ਮਾਰੂ ਨੀਤੀਆਂ ਰੱਦ ਕਰਵਾਉਣ ਲਈ ਲੰਮੇ ਸਾਹ ਵਾਲਾ ਸੰਘਰਸ਼ ਕਰਨ ਦੀ ਲੋੜ ਹੈ। ਆਗੂਆਂ ਨੇ ਕਿਸਾਨਾਂ ਨੂੰ ਯਾਦ ਕਰਵਾਇਆ ਕਿ ਜਿਸ ਤਰ੍ਹਾਂ ਪਹਿਲਾਂ ਸਾਂਝੇ ਸੰਘਰਸ਼ ਰਾਹੀਂ ਦਿੱਲੀ ਦੇ ਖੇਤੀ ਕਾਨੂੰਨ ਰੱਦ ਕਰਵਾਏ ਗਏ ਸਨ, ਉਸੇ ਤਰ੍ਹਾਂ ਹੁਣ ਵੀ ਸਾਂਝੇ ਸੰਘਰਸ਼ਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਸਿੰਘ ਨੂਰਪੁਰਾ, ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕਲਾਹੜ, ਬਲਵੰਤ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ, ਯੁਵਰਾਜ ਸਿੰਘ ਘੁਡਾਣੀ, ਜਗਮੀਤ ਸਿੰਘ ਕਲਾੜ, ਜਸਵੀਰ ਸਿੰਘ ਅਸਕਰੀਪੁਰ, ਦਵਿੰਦਰ ਸਿੰਘ ਸਿਰਥਲਾ, ਮਨਜੀਤ ਸਿੰਘ ਬੁਢੇਲ ਅਤੇ ਸੁਰਜੀਤ ਸਿੰਘ ਨੇ ਸੰਬੋਧਨ ਕੀਤਾ।--