- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰੂ ਤੇਗ ਬਹਾਦਰ ਨਗਰ ’ਚ ਚਲਾਈ ਸਫਾਈ ਮੁਹਿੰਮ

-ਕਿਹਾ, ਸਾਫ਼-ਸੁਥਰਾ ਪੰਜਾਬ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਭਰ ਵਿਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰੂ ਤੇਗ ਬਹਾਦਰ ਨਗਰ, ਲੁਧਿਆਣਾ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਸਫਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਜੂਦ ਛੋਟੇ ਕੂੜਾ ਡੰਪਾਂ ਦੀ ਸਫਾਈ ਕਰਕੇ ਗੰਦਗੀ ਨੂੰ ਹਟਾਇਆ ਗਿਆ।
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਸੁੰਦਰ ਪੰਜਾਬ ਸਿਰਜਣ ਲਈ ਮਾਨ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਆਓ, ਅਸੀਂ ਸਾਰੇ ਵੀ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿੱਚ ਆਪਣਾ ਯੋਗਦਾਨ ਪਾਈਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਸ਼ਹਿਰ ਦੇ ਛੋਟੇ-ਛੋਟੇ ਕੂੜਾ ਡੰਪਾਂ ਨੂੰ ਸਾਫ਼ ਕਰਨ ਲਈ ਵਿਸ਼ੇਸ਼ ਤੌਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਵੀ ਬਰਾਬਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕ ਆਪਣਾ ਘਰੇਲੂ ਕੂੜਾ ਸਿਰਫ਼ ਨਗਰ ਨਿਗਮ ਦੇ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਨੂੰ ਹੀ ਦੇਣ। ਕੈਬਨਿਟ ਮੰਤਰੀ ਮੁੰਡੀਆਂ ਨੇ ਖਾਸ ਤੌਰ ’ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਅਤੇ ਕੂੜਾ ਨਿਰਧਾਰਤ ਥਾਂ ’ਤੇ ਹੀ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਲੁਧਿਆਣਾ ਨੂੰ ਸਾਫ਼, ਸੁੰਦਰ ਅਤੇ ਸਵੱਛ ਸ਼ਹਿਰ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।