- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਰ੍ਹਦੇ ਮੀਂਹ ’ਚ ਵੀ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਰਿਹਾ ਜਾਰੀ

-ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣੀਆਂ 13 ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਲਾਇਆ ਗਿਆ ਪੱਕਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਵਰ੍ਹਦੇ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ ਧਰਨੇ ਵਿੱਚ ਡਟੇ ਰਹੇ ਅਤੇ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ।
ਧਰਨੇ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਦੇਸ਼ ਦੇ ਸਰਕਾਰੀ ਤੇ ਸਹੂਲਤੀ ਅਦਾਰਿਆਂ ਦਾ ਨਿੱਜੀਕਰਨ ਕਰਕੇ ਉਨ੍ਹਾਂ ਨੂੰ ਵੱਡੀਆਂ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਕਾਰਨ ਆਉਣ ਵਾਲੇ ਸਮੇਂ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਵਿੱਚ ਹੋਰ ਵਾਧਾ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਨੀਤੀ ਕਮਿਸ਼ਨ ਤਹਿਤ ਵੀ ਜ਼ਮੀਨਾਂ ਐਕੁਆਇਰ ਕਰਨ ਦੀਆਂ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਵਰਗੇ ਸਮਝੌਤਿਆਂ ਰਾਹੀਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਮੰਡੀਆਂ ਵਿੱਚ ਮੁਕਾਬਲੇ ਦੀ ਮਾਰ ਹੇਠ ਲਿਆਉਣ ਅਤੇ ਕਿਸਾਨਾਂ ਨੂੰ ਖੇਤੀਬਾੜੀ ਤੋਂ ਬਾਹਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂ ਮਨੋਹਰ ਸਿੰਘ ਕਲਾਹੜ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ’ਤੇ ਦਬਾਉਣ ਦੀ ਸਰਕਾਰ ਦੀ ਕੋਸ਼ਿਸ਼ ਦੀ ਜਥੇਬੰਦੀ ਵੱਲੋਂ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 4 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਲੱਗੇ ਪੱਕੇ ਮੋਰਚਿਆਂ ਦੌਰਾਨ ਮੁਲਾਜ਼ਮ ਜਥੇਬੰਦੀਆਂ ਨੂੰ ਵੀ ਸ਼ਮੂਲੀਅਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ। ਕਿਸਾਨ ਆਗੂ ਨਾਜਰ ਸਿੰਘ ਸਿਆੜ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੀਆਂ ਸਥਾਨਕ ਮੰਗਾਂ ਨੂੰ ਲੈ ਕੇ ਵੀ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਯੁਵਰਾਜ ਸਿੰਘ ਘੁਡਾਣੀ, ਜਸਦੀਪ ਸਿੰਘ ਜੱਸੋਵਾਲ, ਦਵਿੰਦਰ ਸਿੰਘ ਸਿਰਥਲਾ, ਤੀਰਥ ਸਿੰਘ ਤਲਵੰਡੀ ਅਤੇ ਮਨਜੀਤ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।