ਕੈਬਨਿਟ ਮੰਤਰੀ ਸੌਂਦ ਦੀ ਅਗਵਾਈ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਹੋਈ ਰਿਵਿਊ ਮੀਟਿੰਗ ਅਹਿਮ-ਕੈਬਨਿਟ ਮੰਤਰੀ ਸੌਂਦ ਦੀ ਪ੍ਰਧਾਨਗੀ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਲੁਧਿਆਣਾ ’ਚ ਹੋਈ ਰਿਵਿਊ ਮੀਟਿੰਗ
Publish Date: Wed, 02 Sep 2026 09:51 PM (IST)
Updated Date: Thu, 03 Sep 2026 04:08 AM (IST)
-ਕਿਹਾ, ਨਸ਼ਾ ਤਸਕਰੀ ’ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਨਹੀਂ ਬਖ਼ਸ਼ਾਂਗੇ, ਪੁਲਿਸ ਰੱਖੇ ਤਿਰਛੀ ਨਜ਼ਰ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਸਥਾਨਕ ਬੱਚਤ ਭਵਨ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਬੁੱਧਵਾਰ ਨੂੰ ਜ਼ਿਲ੍ਹਾ ਪੱਧਰੀ ਰਿਵਿਊ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤੀ। ਮੁਹਿੰਮ ਦਾ ਮਕਸਦ ਨਸ਼ਿਆਂ ਦਾ ਖਾਤਮਾ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਕਰਨਾ ਹੈ। ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਅਤੇ ਕੋਈ ਢਿੱਲ ਨਾ ਵਰਤਣ ਦੀ ਨੀਤੀ ਅਪਣਾਈ ਹੈ, ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਇੱਕ ਦਲੇਰਾਨਾ ਅਲਟੀਮੇਟਮ ਦਿੰਦਿਆਂ ਕਿਹਾ ਕਿ ‘ਆਪਣਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ’। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ ਅਤੇ ਬਹੁਤ ਸਾਰੇ ਤਸਕਰਾਂ ਨੂੰ ਪਹਿਲਾਂ ਹੀ ਕੈਦ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਸਾਫ਼ ਕਰ ਦਿੱਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਨੇਕਾਂ ਵੱਡੇ ਤਸਕਰ ਪਹਿਲਾਂ ਹੀ ਜੇਲ੍ਹਾਂ ਵਿੱਚ ਹਨ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਹੋਏ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਸਿਵਲ ਪ੍ਰਸ਼ਾਸਨ ਤੇ ਸਥਾਨਕ ਲੋਕਾਂ ਨਾਲ ਤਾਲਮੇਲ ਬਣਾ ਕੇ ਰੱਖਣ। ਉਨ੍ਹਾਂ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਲਗਾਤਾਰ ਮੀਟਿੰਗਾਂ ਕਰਨ ਅਤੇ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਤੇ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਨਾ ਸਿਰਫ਼ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਸਗੋਂ ਸ਼ੱਕੀ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਪਿੰਡਾਂ ਤੇ ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪ੍ਰਸ਼ਾਸਨ ਤੇ ਪੁਲਿਸ ਦਾ ਸਹਿਯੋਗ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਪੁਲਿਸ ਨੂੰ ਜ਼ਮਾਨਤ ਤੇ ਬਾਹਰ ਆਏ ਨਸ਼ਾ ਤਸਕਰਾਂ ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਵਿਅਕਤੀ ਮੁੜ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਕਾਨੂੰਨ ਅਨੁਸਾਰ ਉਸ ਦੀ ਜ਼ਮਾਨਤ ਰੱਦ ਕਰਵਾਉਣ ਲਈ ਜ਼ਰੂਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇ। ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੁਲਿਸ, ਸਿਵਲ ਪ੍ਰਸ਼ਾਸਨ, ਪਿੰਡਾਂ ਦੀਆਂ ਸੰਸਥਾਵਾਂ ਅਤੇ ਸਮਾਜਿਕ ਵਲੰਟੀਅਰਾਂ ਦੀ ਸਰਗਰਮ ਭਾਗੀਦਾਰੀ ਨਾਲ ਮਿਸ਼ਨ ਮੋਡ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਛੁਡਾਊ ਢਾਂਚੇ ਨੂੰ ਵੀ ਮਜ਼ਬੂਤ ਕਰ ਰਹੀ ਹੈ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵਾਧੂ ਬੈੱਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਹਰ ਵਿਅਕਤੀ ਦਾ ਵਧੀਆ ਇਲਾਜ ਅਤੇ ਪੁਨਰਵਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਦੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਪਰਿਵਾਰਾਂ, ਭਾਈਚਾਰਿਆਂ ਅਤੇ ਸੰਸਥਾਵਾਂ ਦਾ ਸਮੂਹਿਕ ਸਹਿਯੋਗ ਬਹੁਤ ਜ਼ਰੂਰੀ ਹੈ। ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮਨਜੀਤ ਸਿੰਘ ਚੀਮਾ ਅਤੇ ਐਸਐਸਪੀਜ਼ ਨੇ ਨਸ਼ਿਆਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗਾ ਅਤੇ ਨਾਲ ਹੀ ਜਾਗਰੂਕਤਾ, ਰੋਕਥਾਮ ਅਤੇ ਪੁਨਰਵਾਸ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਜਾਣਕਾਰੀ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਇਸ ਮੀਟਿੰਗ ਵਿੱਚ ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੇਐਨਐਸ ਕੰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮਨਜੀਤ ਸਿੰਘ ਚੀਮਾ, ਡੀਸੀਪੀ ਲੁਧਿਆਣਾ ਹਰਪਾਲ ਸਿੰਘ, ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ, ਐਸਐਸਪੀ (ਲੁਧਿਆਣਾ ਦਿਹਾਤੀ) ਡਾ. ਅੰਕੁਰ ਗੁਪਤਾ, ਐਸਡੀਐਮ (ਲੁਧਿਆਣਾ ਪੱਛਮੀ) ਕੁਲਦੀਪ ਬਾਵਾ, ਐਸਡੀਐਮ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਐਸਡੀਐਮ ਖੰਨਾ ਸਵਾਤੀ ਟਿਵਾਣਾ, ਐਸਡੀਐਮ ਪਾਇਲ ਪ੍ਰੀਤਇੰਦਰ ਸਿੰਘ ਬੈਂਸ, ਐਸਡੀਐਮ ਜਗਰਾਉਂ ਬਾਦਲਦੀਨ, ਐਸਡੀਐਮ ਰਾਏਕੋਟ ਖੁਸ਼ਪ੍ਰੀਤ ਸਿੰਘ, ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਜਸਪ੍ਰੀਤ ਸਿੰਘ ਮਾਂਗਟ, ਬਿਕਰਮਜੀਤ ਥਿੰਦ, ਬਲਵੀਰ ਚੌਧਰੀ, ਜੋਨ ਇੰਚਾਰਜ ਮਾਲਵਾ ਸੈਂਟਰਲ ਮਨਜੀਤ ਸਿੰਘ ਰਾਏਕੋਟ, ਜ਼ਿਲ੍ਹਾ ਕੋਆਰਡੀਨੇਟਰ ਜਸਪ੍ਰੀਤ ਸਿੰਘ ਮਾਂਗਟ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਜ਼ਿਲ੍ਹਾ, ਹਲਕਾ ਅਤੇ ਬਲਾਕ ਕੋਆਰਡੀਨੇਟਰਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਨੂੰ ਕਮੇਟੀਆਂ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।