- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਓਐਸਡੀ ਮਾਮਲੇ ’ਤੇ ਭਗਵੰਤ ਮਾਨ ਚੁੱਪੀ ਤੋੜਨ-ਮਹਿਤਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਓਐੱਸਡੀ ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਮਾਮਲੇ ’ਤੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਮਹਿਤਾ ਨੇ ਕਿਹਾ ਕਿ ਈਡੀ ਵੱਲੋਂ ਪੰਜਾਬ ’ਚ ਕਥਿਤ ਟਰਾਂਸਫਰ-ਪੋਸਟਿੰਗ ਨੈੱਟਵਰਕ ਨੂੰ ਲੈ ਕੇ ਪੰਜਾਬ ਪੁਲਿਸ ਨੂੰ ਕਾਰਵਾਈ ਸਬੰਧੀ ਪੱਤਰ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਹੈ। ਮੁੱਖ ਮੰਤਰੀ ਦੇ ਓਐੱਸਡੀ ਦਾ ਨਾਂ ਵੀ ਜੋੜਿਆ ਜਾ ਰਿਹਾ ਹੈ ਅਤੇ ਈਡੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣੀ ਜਾਂਚ ਨਾਲ ਸਬੰਧਤ ਸਮੱਗਰੀ ਵੀ ਪੇਸ਼ ਕੀਤੀ ਗਈ ਹੈ। ਮਹਿਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਵਿਅਕਤੀ ’ਤੇ ਲੱਗ ਰਹੇ ਗੰਭੀਰ ਦੋਸ਼ਾਂ ਦੀ ਅਸਲੀਅਤ ਕੀ ਹੈ ਤੇ ਸਰਕਾਰ ਵੱਲੋਂ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਮਹਿਤਾ ਨੇ ਕਿਹਾ ਕਿ ਇਹ ਮਾਮਲਾ ਹੁਣ ਸਿਰਫ਼ ਸਿਆਸੀ ਦੋਸ਼ਾਂ ਤੇ ਜਵਾਬੀ ਦੋਸ਼ਾਂ ਤੱਕ ਸੀਮਤ ਨਹੀਂ ਰਹਿ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਈਡੀ ਤੇ ਪੰਜਾਬ ਪੁਲਿਸ ਵਿਚਕਾਰ ਇਸ ਮਾਮਲੇ ਨੂੰ ਲੈ ਕੇ ਪੱਤਰਚਾਰ ਹੋ ਚੁੱਕੀ ਹੈ ਅਤੇ ਮਾਮਲਾ ਹਾਈ ਕੋਰਟ ਵਿੱਚ ਵੀ ਵਿਚਾਰ ਅਧੀਨ ਹੈ। ਅਜਿਹੀ ਸਥਿਤੀ ਵਿੱਚ ਸਰਕਾਰ ਨੂੰ ਪੂਰੀ ਪਾਰਦਰਸ਼ਤਾ ਨਾਲ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਮਹਿਤਾ ਨੇ ਕਿਹਾ ਕਿ ਜੇਕਰ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਤਾਂ ਮੁੱਖ ਮੰਤਰੀ ਖੁਦ ਸਾਹਮਣੇ ਆ ਕੇ ਤੱਥਾਂ ਸਮੇਤ ਉਨ੍ਹਾਂ ਨੂੰ ਖਾਰਜ ਕਰਨ। ਜੇਕਰ ਕਿਸੇ ਪੱਧਰ ’ਤੇ ਕੋਈ ਗੜਬੜ ਸਾਹਮਣੇ ਆਉਂਦੀ ਹੈ ਤਾਂ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ•।