- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਰਿੰਦਰ ਸਿੰਘ ਅਤੇ ਭਾਈ ਨਛੱਤਰ ਸਿੰਘ, ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਚ ਦਰਜ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਮਨੁੱਖ ਨੂੰ ਆਤਮਿਕ ਅਤੇ ਰੂਹਾਨੀ ਸਕੂਨ ਪ੍ਰਦਾਨ ਕਰਨ ਦੇ ਨਾਲ-ਨਾਲ ਅਕਾਲ ਪੁਰਖ ਦੀ ਬੰਦਗੀ ਦਾ ਮਾਰਗ ਵੀ ਦਿਖਾਉਂਦੀ ਹੈ।
ਮੌਜੂਦਾ ਸਮੇਂ ’ਚ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਅਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣਾ ਸਮੇਂ ਦੀ ਮੁੱਖ ਲੋੜ ਹੈ। ਬੱਚਿਆਂ ਅੰਦਰ ਗੁਰਸਿੱਖੀ ਦੇ ਜਜ਼ਬੇ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਗੁਰੂ ਦੇ ਲੜ ਨਾਲ ਜੋੜਨ ਲਈ ਪਰਿਵਾਰਾਂ ਅਤੇ ਸਮਾਜ ਨੂੰ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸੰਗਤਾਂ ਨੂੰ ਧਰਮ ਦੇ ਮਾਰਗ ’ਤੇ ਚੱਲਣ ਅਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮਹਿੰਦਰ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕਹੋਲੀ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਦਾਨ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਸੁਰਿੰਦਰ ਸਿੰਘ ਸਚਦੇਵਾ ਅਤੇ ਮਨਮੋਹਨ ਸਿੰਘ ਸਮੇਤ ਹੋਰ ਸੰਗਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।