- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਧੋਪੁਰੀ ਇਲਾਕੇ ਨੂੰ ਜਲਭਰਾਅ ਤੋਂ ਮਿਲੇਗੀ ਰਾਹਤ, 1.98 ਕਰੋੜ ਦੀ ਨਵੀਂ ਪੁਲੀ ਲੋਕਾਂ ਨੂੰ ਸਮਰਪਿਤ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਬੁੱਢੇ ਦਰਿਆ ’ਤੇ ਬਣੀ ਨਵੀਂ ਮਾਧੋਪੁਰੀ ਪੁਲੀ ਨਾਲ ਇਲਾਕੇ ਦੇ ਲੋਕਾਂ ਨੂੰ ਨਾ ਸਿਰਫ਼ ਬਰਸਾਤ ਦੌਰਾਨ ਹੋਣ ਵਾਲੇ ਜਲਭਰਾਅ ਤੋਂ ਰਾਹਤ ਮਿਲੇਗੀ, ਸਗੋਂ ਟ੍ਰੈਫਿਕ ਦੀ ਆਵਾਜਾਈ ਵੀ ਸੁਚਾਰੂ ਹੋਵੇਗੀ। ਕਰੀਬ 1.98 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਪੁਲੀ ਦਾ ਵੀਰਵਾਰ ਨੂੰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਲੁਧਿਆਣਾ ਸੈਂਟਰਲ ਤੋਂ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਪ੍ਰਦੀਪ ਸ਼ਰਮਾ ਗੈਬੀ, ਰਾਜੂ ਵੋਹਰਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਦੱਸਿਆ ਕਿ ਪੁਰਾਣੀ ਮਾਧੋਪੁਰੀ ਪੁਲੀ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ। ਇਸ ਤੋਂ ਇਲਾਵਾ ਪੁਲੀ ਦੀ ਉਚਾਈ ਘੱਟ ਹੋਣ ਕਾਰਨ ਬਰਸਾਤ ਦੇ ਦਿਨਾਂ ਵਿੱਚ ਇਲਾਕੇ ’ਚ ਪਾਣੀ ਭਰਨ ਦੀ ਸਮੱਸਿਆ ਬਣੀ ਰਹਿੰਦੀ ਸੀ। ਨਵੀਂ ਪੁਲੀ ਦੇ ਨਿਰਮਾਣ ਨਾਲ ਹੁਣ ਇਸ ਸਮੱਸਿਆ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੇਅਰ ਇੰਦਰਜੀਤ ਕੌਰ ਅਤੇ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਕਿਹਾ ਕਿ ਨਵੀਂ ਪੁਲੀ ਨਾਲ ਇਲਾਕੇ ਵਿੱਚ ਜਲਭਰਾਅ ਦੀ ਸਮੱਸਿਆ ਘਟੇਗੀ ਅਤੇ ਟ੍ਰੈਫਿਕ ਦੀ ਆਵਾਜਾਈ ਵੀ ਪਹਿਲਾਂ ਨਾਲੋਂ ਵਧੇਰੇ ਸੁਚਾਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਜ਼ਮੀਨੀ ਪੱਧਰ ’ਤੇ ਵਿਕਾਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋਕਾਂ ਤੋਂ ਵੀ ਫੀਡਬੈਕ ਲਿਆ ਜਾ ਰਿਹਾ ਹੈ। ਮੇਅਰ ਤੇ ਵਿਧਾਇਕ ਨੇ ਕਿਹਾ ਕਿ ਭਵਿੱਖ ’ਚ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਕਰੋੜਾਂ ਰੁਪਏ ਦੇ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।