ਵੋਟਰ ਸੂਚੀ ਦੀ ਸੋਧ ਸਬੰਧੀ ਆਬਜ਼ਰਵਰਾਂ ਵੱਲੋਂ ਸਮੀਖਿਆ ਵੋਟਰ ਸੂਚੀ ਦੀ ਸੋਧ ਪ੍ਰਕਿਰਿਆ ਦੀ ਰੋਲ ਆਬਜ਼ਰਵਰਾਂ ਨੇ ਕੀਤੀ ਸਮੀਖਿਆ
Publish Date: Sun, 06 Sep 2026 10:25 PM (IST)
Updated Date: Mon, 07 Sep 2026 04:07 AM (IST)
-13 ਸਤੰਬਰ ਤੱਕ ਦਾਅਵੇ-ਇਤਰਾਜ਼ ਦਾਖ਼ਲ ਕਰ ਸਕਣਗੇ ਵੋਟਰਜ਼ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੀਆਂ ਹਦਾਇਤਾਂ ਤਹਿਤ ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਸੋਧ ਮੁਹਿੰਮ (ਐਸਆਈਆਰ-2026) ਦੀ ਲੁਧਿਆਣਾ ਜ਼ਿਲ੍ਹੇ ਵਿੱਚ ਚੱਲ ਰਹੀ ਪ੍ਰਕਿਰਿਆ ਦੀ ਸ਼ਨੀਵਾਰ ਨੂੰ ਚੋਣ ਰੋਲ ਆਬਜ਼ਰਵਰਾਂ ਵੱਲੋਂ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਬਚਤ ਭਵਨ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਰੋਲ ਆਬਜ਼ਰਵਰਾਂ ਨੇ ਕੀਤੀ, ਜਿਸ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਆਈਏਐਸ, ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ, ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਧਾਨ ਤੇ ਸਕੱਤਰ ਅਤੇ ਜ਼ਿਲ੍ਹੇ ਦੇ ਸਾਰੇ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈਆਰਓ) ਸ਼ਾਮਲ ਹੋਏ। ਈਸੀਆਈ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ 13 ਅਗਸਤ ਤੋਂ 12 ਸਤੰਬਰ 2026 ਤੱਕ ਵੋਟਰ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਦੇ ਹਨ। ਇਸ ਲਈ ਫਾਰਮ ਨੰਬਰ 6, 6-ਏ, 7 ਅਤੇ 8 ਦੀ ਵਰਤੋਂ ਕੀਤੀ ਜਾ ਸਕਦੀ ਹੈ। ਵੋਟਰ ਆਨਲਾਈਨ ਅਤੇ ਵੋਟਰ ਹੈਲਪਲਾਈਨ ਐਪ ਰਾਹੀਂ ਦਾਅਵੇ-ਇਤਰਾਜ਼ ਦਾਖ਼ਲ ਕਰ ਸਕਦੇ ਹਨ। ਇਸ ਤੋਂ ਇਲਾਵਾ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰ ਜਾਂ ਬੂਥ ਲੈਵਲ ਅਫ਼ਸਰ (ਬੀਐਲਓ) ਕੋਲ ਆਫਲਾਈਨ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਦੋ ਰੋਲ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਆਈਏਐਸ ਅਧਿਕਾਰੀ ਅਰਸ਼ਦੀਪ ਸਿੰਘ ਥਿੰਦ ਨੂੰ 63-ਲੁਧਿਆਣਾ ਕੇਂਦਰੀ, 64-ਲੁਧਿਆਣਾ ਪੱਛਮੀ, 65-ਲੁਧਿਆਣਾ ਉੱਤਰੀ, 66-ਗਿੱਲ (ਐੱਸਸੀ), 68-ਦਾਖਾ, 69-ਰਾਏਕੋਟ (ਐੱਸਸੀ) ਅਤੇ 70-ਜਗਰਾਓਂ (ਐੱਸਸੀ) ਵਿਧਾਨ ਸਭਾ ਹਲਕਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਵਰੁਣ ਰੂਜਮ ਨੂੰ 57-ਖੰਨਾ, 58-ਸਮਰਾਲਾ, 59-ਸਾਹਨੇਵਾਲ, 60-ਲੁਧਿਆਣਾ ਪੂਰਬੀ, 61-ਲੁਧਿਆਣਾ ਦੱਖਣੀ, 62-ਆਤਮ ਨਗਰ ਅਤੇ 67-ਪਾਇਲ (ਐੱਸਸੀ) ਹਲਕਿਆਂ ਲਈ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਰੋਲ ਆਬਜ਼ਰਵਰਾਂ ਦਾ ਸਵਾਗਤ ਕਰਦਿਆਂ ਜ਼ਿਲ੍ਹੇ ਵਿੱਚ ਐਸਆਈਆਰ-2026 ਤਹਿਤ ਹੋ ਰਹੀ ਕਾਰਵਾਈ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸੋਧ ਦਾ ਕੰਮ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ-ਸਾਰਣੀ ਅਤੇ ਹਦਾਇਤਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਵਿਧਾਇਕਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਐਸਆਈਆਰ ਦੌਰਾਨ ਵੋਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਵੋਟਰ ਸਹੂਲਤ ਨਾਲ ਸਬੰਧਤ ਸੁਝਾਅ ਰੋਲ ਆਬਜ਼ਰਵਰਾਂ ਸਾਹਮਣੇ ਰੱਖੇ। ਆਬਜ਼ਰਵਰਾਂ ਨੇ ਸਾਰੇ ਮੁੱਦੇ ਸੁਣਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਈਆਰਓਜ਼ ਨੂੰ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ। ਸਿਆਸੀ ਪਾਰਟੀਆਂ ਵੱਲੋਂ ਦਿੱਤੇ ਸੁਝਾਵਾਂ ’ਤੇ ਵੀ ਚੋਣ ਨਿਯਮਾਂ ਦੇ ਦਾਇਰੇ ਵਿੱਚ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਆਦਿ ਹਾਜ਼ਰ ਸਨ। -ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ’ਤੇ ਵੀ ਚਰਚਾ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਨਾਲ ਸਬੰਧਤ ਕੁੱਝ ਗੜਬੜੀਆਂ ਅਤੇ ਵੋਟਰਾਂ ਦੀਆਂ ਸ਼ਿਕਾਇਤਾਂ ਦਾ ਮੁੱਦਾ ਵੀ ਮੀਟਿੰਗ ਵਿੱਚ ਉਠਿਆ। ਰੋਲ ਆਬਜ਼ਰਵਰਾਂ ਨੇ ਸਾਰੇ ਈਆਰਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਸਬੰਧਤ ਵਿਧਾਇਕਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਪੋਲਿੰਗ ਸਟੇਸ਼ਨਾਂ ਸਬੰਧੀ ਸ਼ਿਕਾਇਤਾਂ ਅਤੇ ਇਤਰਾਜ਼ਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਰੋਲ ਆਬਜ਼ਰਵਰਾਂ ਨੇ ਵਿਸ਼ੇਸ਼ ਕੈਂਪਾਂ ਦੌਰਾਨ ਪੋਲਿੰਗ ਬੂਥਾਂ ਦਾ ਦੌਰਾ ਵੀ ਕੀਤਾ ਅਤੇ ਮੌਕੇ ’ਤੇ ਵੋਟਰ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਮੀਨੀ ਪੱਧਰ ’ਤੇ ਚੱਲ ਰਹੀ ਪ੍ਰਕਿਰਿਆ ਦੀ ਜਾਂਚ ਕਰਦਿਆਂ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਨ ਲਈ ਕਿਹਾ।ਚੋਣ ਵਿਭਾਗ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਮਿਆਦ ਦੌਰਾਨ ਆਪਣੀ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਜਾਂਚ ਕਰਨ ਅਤੇ ਕਿਸੇ ਵੀ ਗਲਤੀ, ਨਾਮ ਸ਼ਾਮਲ ਕਰਵਾਉਣ, ਨਾਮ ਹਟਾਉਣ ਜਾਂ ਵੇਰਵਿਆਂ ਵਿੱਚ ਸੋਧ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ਼ ਸਮੇਂ ਸਿਰ ਦਰਜ ਕਰਵਾਉਣ।