- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਪੰਜਾਬ ਸਰਕਾਰ 20 ਹਜ਼ਾਰ ਕਰੋੜ ਦੀ ਕਥਿਤ ਮਾਈਨਿੰਗ ਚੋਰੀ ’ਤੇ ਐੱਫਆਈਆਰ ਦਰਜ ਕਰੇ-ਭਾਜਪਾ

-ਆਰਟੀਆਈ ਅੰਕੜਿਆਂ ਦੇ ਹਵਾਲੇ ਨਾਲ ‘ਆਪ’ ਸਰਕਾਰ ’ਤੇ 80 ਹਜ਼ਾਰ ਕਰੋੜ ਘਪਲੇ ਦਾ ਦੋਸ਼
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ : ਗੈਰ-ਕਾਨੂੰਨੀ ਮਾਈਨਿੰਗ ਦੇ ਮੁੱਦੇ ’ਤੇ ਭਾਜਪਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ 20 ਹਜ਼ਾਰ ਕਰੋੜ ਰੁਪਏ ਦੀ ਕਥਿਤ ਮਾਈਨਿੰਗ ਚੋਰੀ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕਰਕੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਭਾਜਪਾ ਆਗੂ ਵਿਕਰਮਜੀਤ ਸਿੰਘ ਚੀਮਾ ਅਤੇ ਆਰਟੀਆਈ ਸੈੱਲ ਦੇ ਕਨਵੀਨਰ ਕੀਮਤੀ ਰਾਵਲ ਨੇ ਆਰਟੀਆਈ ਰਾਹੀਂ ਮਿਲੇ ਅੰਕੜਿਆਂ ਦੇ ਆਧਾਰ ’ਤੇ ਪਿਛਲੇ ਚਾਰ ਸਾਲਾਂ ਵਿੱਚ ਕਰੀਬ 80 ਹਜ਼ਾਰ ਕਰੋੜ ਰੁਪਏ ਦੇ ਕਥਿਤ ਘੁਟਾਲੇ ਦਾ ਦੋਸ਼ ਲਾਇਆ। ਚੀਮਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ 20 ਹਜ਼ਾਰ ਕਰੋੜ ਰੁਪਏ ਦੀ ਮਾਈਨਿੰਗ ਚੋਰੀ ਦੇ ਦਾਅਵੇ ਕਰ ਚੁੱਕੇ ਹਨ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਕਰਕੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਆਰਟੀਆਈ ਦੇ ਹਵਾਲੇ ਨਾਲ ਕਿਹਾ ਕਿ ਵੱਖ-ਵੱਖ ਸਰਕਾਰੀ ਦਫ਼ਤਰਾਂ ਵੱਲੋਂ ਮਾਈਨਿੰਗ ਤੋਂ ਹੋਈ ਵਸੂਲੀ ਦੇ ਅੰਕੜਿਆਂ ਵਿੱਚ ਫਰਕ ਨਜ਼ਰ ਆ ਰਿਹਾ ਹੈ। ਭਾਜਪਾ ਨੇ ਸਰਕਾਰ ਤੋਂ ਇਨ੍ਹਾਂ ਅੰਕੜਿਆਂ ਦੀ ਜਾਂਚ ਕਰਕੇ ਅਸਲ ਮਾਲੀਏ ਤੇ ਨੁਕਸਾਨ ਦਾ ਪੂਰਾ ਵੇਰਵਾ ਜਨਤਕ ਕਰਨ ਦੀ ਮੰਗ ਕੀਤੀ। ਚੀਮਾ ਨੇ ਕੇਂਦਰੀ ਗ੍ਰਹਿ ਮੰਤਰਾਲੇ, ਭਾਰਤੀ ਖਾਨ ਬਿਊਰੋ ਅਤੇ ਕੇਂਦਰੀ ਵਾਤਾਵਰਣ ਮੰਤਰਾਲੇ ਤੋਂ ਵੀ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਪੰਜਾਬ ਦੇ ਕੁਦਰਤੀ ਸਰੋਤਾਂ ਦੀ ਕਥਿਤ ਲੁੱਟ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਮਹੇਸ਼ ਸ਼ਰਮਾ, ਯਸ਼ਪਾਲ ਜਨੋਤਰਾ, ਕੀਮਤੀ ਰਾਵਲ, ਡਾ. ਸਤੀਸ਼ ਕੁਮਾਰ ਤੇ ਬੌਬੀ ਜਿੰਦਲ ਸਮੇਤ ਭਾਜਪਾ ਆਗੂ ਹਾਜ਼ਰ ਸਨ।