- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ:ਦਫ਼ਤਰੀ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਦੌਰਾਨ ਡੀਸੀ ਦਫ਼ਤਰ ਵਿਖੇ ਰੋਸ ਰੈਲੀ

-11 ਤੇ 12 ਸਤੰਬਰ ਨੂੰ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਦਫ਼ਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਤੋਂ ਇਲਾਵਾ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਅਤੇ ਫਰੰਟ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਰੈਲੀ ਕੀਤੀ। ਇਸ ਦੌਰਾਨ ਸਮੂਹ ਦਫ਼ਤਰੀ ਕਾਮਿਆਂ ਨੇ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਰੈਲੀ ਵਿੱਚ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿੱਚ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵਿਸ਼ਾਲ ਇਕੱਠ ਅਤੇ ਇਸ ਤੋਂ ਬਾਅਦ 27 ਅਗਸਤ ਦੇ ਪੰਜਾਬ ਬੰਦ ਦੀ ਸਫਲਤਾ ਤੋਂ ਬਾਅਦ ਵੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਗੰਭੀਰਤਾ ਨਾਲ ਗੱਲ ਕਰਕੇ ਮਸਲੇ ਹੱਲ ਕਰਨ ਦੀ ਬਜਾਏ ਮੁਲਾਜ਼ਮਾਂ ਦੇ ਬਕਾਇਆ 18 ਫ਼ੀਸਦੀ ਡੀਏ ਦੀ ਅਦਾਇਗੀ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਸਰਕਾਰ ਵੱਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁਲਾਜ਼ਮ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਵੱਧ ਤਨਖ਼ਾਹ ਲੈ ਰਹੇ ਹਨ, ਜਦਕਿ ਹਕੀਕਤ ਇਸ ਦੇ ਉਲਟ ਹੈ।
ਆਗੂਆਂ ਨੇ ਕਿਹਾ ਕਿ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਬਹੁਤ ਘੱਟ ਤਨਖ਼ਾਹਾਂ ’ਤੇ ਕੰਮ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਸਿਰਫ਼ 18 ਫ਼ੀਸਦੀ ਬਕਾਇਆ ਡੀਏ ਦੀ ਅਦਾਇਗੀ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਹੀ ਮੰਗ ਨਹੀਂ ਕਰ ਰਹੀਆਂ, ਸਗੋਂ ਮੁਲਾਜ਼ਮ ਮਾਰੂ 15-01-2015 ਅਤੇ 17-07-2020 ਦੇ ਪੱਤਰ ਰੱਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਭਵਿੱਖ ਵਿੱਚ ਹੋਣ ਵਾਲੀ ਸਾਰੀ ਭਰਤੀ ਨੂੰ ਛੇਵੇਂ ਪੰਜਾਬ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਰੈਗੂਲਰ ਕਰਨ ਦੀ ਵੀ ਮੰਗ ਜਾਰੀ ਹੈ।ਆਗੂਆਂ ਨੇ ਐਲਾਨ ਕੀਤਾ ਕਿ 11 ਅਤੇ 12 ਸਤੰਬਰ ਨੂੰ ਵੱਖ-ਵੱਖ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਸਬੰਧੀ ਦਿੱਤੇ ਪ੍ਰੋਗਰਾਮ ਨੂੰ ਹਰ ਪੱਖੋਂ ਸਫਲ ਬਣਾਉਣ ਲਈ ਪੂਰਾ ਜ਼ੋਰ ਲਾਇਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ, ਤਾਂ ਭਵਿੱਖ ’ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੰਨੋ, ਨਹੀਂ ਤਾਂ 2027 ਵਿੱਚ ਘਰ ਵਾਪਸੀ ਦੀ ਤਿਆਰੀ ਕਰੋ। ਇਸ ਮੌਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ, ਪੈਨਸ਼ਨਰ ਤੇ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।