- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ.ਬੀਆਰ. ਅੰਬੇਦਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੀ ਘਟਨਾ ਬੇਹੱਦ ਮੰਦਭਾਗੀ-ਨੱਤ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਇੱਥੋਂ ਦੇ ਜਲੰਧਰ ਬਾਈਪਾਸ ਸਥਿਤ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਅੰਬੇ਼ਡਕਰ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਛੇੜਛਾੜ ਦੀ ਘਟਨਾ ਦੀ ਚੌਤਰਫ਼ਾ ਨਿਖੇਧੀ ਹੋ ਰਹੀ ਹੈ। ਇਸ ਬੇਹੱਦ ਸੰਵੇਦਨਸ਼ੀਲ ਤੇ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਾਂਗਰਸ ਐੱਸਸੀ ਵਿਭਾਗ ਦੇ ਸੀਨੀਅਰ ਆਗੂ ਬਿੱਕਰ ਸਿੰਘ ਨੱਤ ਨੇ ਇਸ ਨੂੰ ਸਮਾਜਿਕ ਭਾਈਚਾਰੇ ਤੇ ਦੇਸ਼ ਦੇ ਸੰਵਿਧਾਨ ਨੂੰ ਠੇਸ ਪਹੁੰਚਾਉਣ ਵਾਲੀ ਸ਼ਰਾਰਤ ਕਰਾਰ ਦਿੱਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਬਿੱਕਰ ਸਿੰਘ ਨੱਤ ਨੇ ਕਿਹਾ ਕਿ ਡਾ. ਅੰਬੇਡਕਰ ਕਿਸੇ ਇੱਕ ਵਰਗ ਦੇ ਨਹੀਂ, ਸਗੋਂ ਪੂਰੇ ਦੇਸ਼ ਦੇ ਸਰਬਸਾਂਝੇ ਰਹਿਬਰ ਹਨ, ਜਿਨ੍ਹਾਂ ਨੇ ਭਾਰਤ ਨੂੰ ਦੁਨੀਆ ਦਾ ਸਭ ਤੋਂ ਬਿਹਤਰੀਨ ਸੰਵਿਧਾਨ ਦੇ ਕੇ ਹਰ ਨਾਗਰਿਕ ਨੂੰ ਬਰਾਬਰੀ ਦੇ ਹੱਕ ਦਿੱਤੇ। ਅਜਿਹੇ ਮਹਾਨ ਰਹਿਬਰਾਂ ਦੇ ਬੁੱਤਾਂ ਦੀ ਬੇਅਦਬੀ ਜਾਂ ਉਨ੍ਹਾਂ ਨਾਲ ਛੇੜਛਾੜ ਕਰਨਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਇਹ ਘਟਨਾ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹੋ ਸਕਦੀ ਹੈ। ਨੱਤ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਘਟਨਾ ਵਾਲੀ ਜਗ੍ਹਾ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ. ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਇਸ ਘਿਨੌਣੀ ਹਰਕਤ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ’ਚ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਜ਼ ਹਾਜ਼ਰ ਸਨ।