- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੱਚੇ ਜਲ-ਸਪਲਾਈ ਕਾਮਿਆਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਅਗਵਾਈ ਹੇਠ ਕੀਤੀ ਗਈ, ਜਿਸ ’ਚ ਸੂਬਾ ਕਮੇਟੀ ਮੈਂਬਰ, ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨ/ਜਨਰਲ ਸਕੱਤਰ ਸਮੇਤ ਹੋਰ ਸਰਗਰਮ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ’ਚ ਕਈ ਅਹਿਮ ਏਜੰਡਿਆਂ ’ਤੇ ਵਿਚਾਰ ਚਰਚਾ ਕਰਨ ਉਪਰੰਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਵਿਭਾਗੀ ਮੈਨੇਜਮੈਂਟ ਦੇ ਨਾਲ ਪਿਛਲੇ ਸਮੇਂ ਦੌਰਾਨ ਯੂਨੀਅਨ ਵੱਲੋਂ ਕੀਤੀਆਂ ਗਈਆਂ ਮੀਟਿੰਗਾਂ ਬਾਰੇ ਵਿਸਥਾਰ ਨਾਲ ਦੱਸਿਆ ਤੇ ਇਨਲਿਸਟਮੈਂਟ ਤੇ ਆਊਟਸੋਰਸ ਕਾਮਿਆਂ ਨੂੰ ਤੁਰੰਤ ਆਫਰ ਲੈਟਰ ਦੇ ਕੇ ਪੱਕਾ ਰੁਜ਼ਗਾਰ ਕਰਵਾਉਣ ਤੱਕ ਭਵਿੱਖ ’ਚ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ। ਸੂਬਾ ਪ੍ਰਧਾਨ ਮੋਮੀ ਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਕਿਹਾ ਕਿ ਜਿੱਥੇ ਇਕ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ’ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਦੇ ਰੂਪ ਵਿੱਚ ਰੈਗੂਲਰ ਮੁਲਾਜਮਾਂ ਵਾਂਗ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਤਜਵੀਜ (ਪਾਲਿਸੀ) ਲਾਗੂ ਕਰਕੇ ਪੱਕਾ ਰੁਜ਼ਗਾਰ ਕਰਨ ਲਈ ਪੰਜਾਬ ਸਰਕਾਰ ਤੇ ਵਿਭਾਗੀ ਮੈਨੇਜਮੇਟ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ ਉਥੇ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜਗਾਰ ਨੂੰ ਖੋਹ ਕੇ ਬੇਰੁਜਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਕਾਰਨ ਵਰਕਰਾਂ ਵੱਲੋਂ ਮਜਬੂਰੀਵੱਸ ਆਪਣੇ ਕੱਚੇ-ਪਿੱਲੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਸਾਹਨੇਵਾਲ ’ਚ 27 ਸਤੰਬਰ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਪਲੇਟਫਾਰਮ ਤੋਂ 12 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਕੋਠੀ ਸੰਗਰੂਰ ’ਚ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿੱਚ ਜਥੇਬੰਦੀ ਦੀ ਅਗੁਵਾਈ ਹੇਠ ਇਨਲਿਸਟਮੈਂਟ-ਆਊਟਸੋਰਸ ਵਰਕਰਾਂ ਵੱਲੋਂ ਵੱਡੀ ਗਿਣਤੀ ਸ਼ਾਮਲ ਹੋਣ ਦਾ ਫੈਸਲਾ ਕੀਤਾ। ਮੀਟਿੰਗ ’ਚ ਉਪਰੋਕਤ ਆਗੂਆਂ ਤੋਂ ਇਲਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਸੂਬਾ ਖਜਾਨਚੀ ਰੁਪਿੰਦਰ ਸਿੰਘ ਫਿਰੋਜਪੁਰ, ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਗੁਰਵਿੰਦਰ ਸਿੰਘ, ਜਸਵੀਰ ਸਿੰਘ ਜਿੰਦਵੜੀ, ਮੇਜਰ ਸਿੰਘ ਮੋਹਾਲੀ ਮੌਜੂਦ ਸਨ।