- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੀਆਂ 13 ਮੰਗਾਂ ਲਈ ਪੱਕੇ ਮੋਰਚੇ ਦਾ 12ਵਾਂ ਦਿਨ

-ਨਵੇਂ ਬੀਜ ਬਿੱਲ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਸਰਕਾਰ ’ਤੇ ਤਿੱਖੇ ਨਿਸ਼ਾਨੇ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣੀਆਂ 13 ਮੰਗਾਂ ਨੂੰ ਲੈ ਕੇ ਲਾਇਆ ਗਿਆ ਪੱਕਾ ਮੋਰਚਾ ਅੱਜ 12ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ, ਜਦਕਿ ਦੂਜੇ ਪਾਸੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਨਵੇਂ ਬੀਜ ਬਿੱਲ ਲਿਆਉਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੇਂ ਬੀਜ ਬਿੱਲ ਰਾਹੀਂ ਕਿਸਾਨਾਂ ਨੂੰ ਨਕਲੀ ਬੀਜਾਂ ਤੋਂ ਰਾਹਤ ਮਿਲੇਗੀ ਅਤੇ ਗੁਣਵੱਤਾ ਵਾਲੇ ਬੀਜ ਮੁਹੱਈਆ ਕਰਵਾਏ ਜਾਣਗੇ।
ਕਿਸਾਨ ਆਗੂ ਨੇ ਇਸ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਕਿਸਾਨਾਂ ਨਾਲ ਧੋਖਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੇ ਕਾਨੂੰਨ ਲਿਆ ਕੇ ਬੀਜਾਂ ਦਾ ਕਾਰੋਬਾਰ ਕਾਰਪੋਰੇਟ ਕੰਪਨੀਆਂ ਦੇ ਹੱਥਾਂ ਵਿੱਚ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘੁਡਾਣੀ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਆਪਣਾ ਬੀਜ ਸੰਭਾਲ ਕੇ ਬੀਜਣ ਦੀ ਆਜ਼ਾਦੀ ਨਾ ਰਹੀ ਅਤੇ ਬੀਜ ਕੰਪਨੀਆਂ ਤੋਂ ਹੀ ਖਰੀਦਣੇ ਪਏ ਤਾਂ ਇਸ ਨਾਲ ਕਿਸਾਨਾਂ ’ਤੇ ਆਰਥਿਕ ਬੋਝ ਵਧੇਗਾ ਅਤੇ ਉਨ੍ਹਾਂ ਨੂੰ ਗੁਲਾਮੀ ਵੱਲ ਧੱਕਿਆ ਜਾਵੇਗਾ। ਜ਼ਿਲ੍ਹਾ ਮੀਤ ਪ੍ਰਧਾਨ ਮਨੋਹਰ ਸਿੰਘ ਕਲਾਹੜ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ‘ਕਿਸਾਨ ਆਈਡੀਆਂ’ ਬਣਾਉਣ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ, ਜਿਸ ਤਹਿਤ ਭਵਿੱਖ ਵਿੱਚ ਕਿਸਾਨਾਂ ਨੂੰ ਮਿਲਦੀਆਂ ਸਹੂਲਤਾਂ ਘਟਾਏ ਜਾਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਕੋਆਪਰੇਟਿਵ ਸੁਸਾਇਟੀਆਂ ਦੇ ਕੇਂਦਰੀਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੈਂਡ ਬੈਂਕ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਯੋਜਨਾਵਾਂ ’ਤੇ ਕੰਮ ਕਰ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਅਜੇ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਢੁਕਵੀਂ ਖੇਤੀ ਨੀਤੀ ਨਹੀਂ ਬਣਾਈ ਗਈ। ਧਰਨੇ ਨੂੰ ਤੀਰਥ ਸਿੰਘ ਤਲਵੰਡੀ, ਅਜੀਤ ਸਿੰਘ, ਲਵਲੀ ਮਾਜਰੀ, ਮਨਜੀਤ ਸਿੰਘ ਅਤੇ ਧਰਮ ਸਿੰਘ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ।