- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਵਿਧਾਨ ਨਿਰਮਾਤਾ ਦੇ ਸਨਮਾਨ ਨਾਲ ਖਿਲਵਾੜ ਬਰਦਾਸ਼ਤ ਨਹੀਂ

ਜਗਦੀਪ, ਪੰਜਾਬੀ ਜਾਗਰਣ, ਭਾਮੀਆਂ ਕਲਾਂ
ਜਲੰਧਰ ਬਾਈਪਾਸ ਚੌਂਕ, ਲੁਧਿਆਣਾ ਵਿਖੇ ਸਥਾਪਿਤ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਮੰਦਭਾਗੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਵੱਖ-ਵੱਖ ਵਰਗਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਸ਼ਾਸਨ ਤੋਂ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਉਣ ਦੀ ਮੰਗ ਕੀਤੀ ਹੈ। ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਸਾਬਕਾ ਚੇਅਰਮੈਨ ਤੇ ਸਾਬਕਾ ਕੌਂਸਲਰ ਆਗੂ ਪਾਲ ਸਿੰਘ ਗਰੇਵਾਲ ਅਤੇ ਕਾਂਗਰਸ ਪਾਰਟੀ ਦੇ ਯੂਥ ਆਗੂ ਬੱਬੀ ਮੁੰਡੀ ਨੇ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਰਚਨਾ ਵਿੱਚ ਇਤਿਹਾਸਕ ਭੂਮਿਕਾ ਨਿਭਾਉਂਦਿਆਂ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰੀ, ਨਿਆਂ ਅਤੇ ਸੰਵਿਧਾਨਕ ਹੱਕਾਂ ਦਾ ਰਾਹ ਦਿਖਾਇਆ। ਇਸ ਲਈ ਉਨ੍ਹਾਂ ਦੇ ਸਨਮਾਨ ਦੇ ਪ੍ਰਤੀਕ ਨਾਲ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਨੂੰ ਸਮਾਜ ਕਿਸੇ ਕੀਮਤ ’ਤੇ ਸਵੀਕਾਰ ਨਹੀਂ ਕਰ ਸਕਦਾ। ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿਰਫ਼ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਂਦੀਆਂ, ਸਗੋਂ ਸਮਾਜਿਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵੀ ਪ੍ਰਭਾਵਿਤ ਕਰਨ ਦਾ ਕਾਰਨ ਬਣ ਸਕਦੀਆਂ ਹਨ। ਇਸ ਲਈ ਪ੍ਰਸ਼ਾਸਨ ਨੂੰ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਹਰ ਪਹਿਲੂ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਵਿਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਘਟਨਾ ਨਾਲ ਸਬੰਧਤ ਸਾਰੇ ਤੱਥ ਜਲਦ ਤੋਂ ਜਲਦ ਸਾਹਮਣੇ ਲਿਆਂਦੇ ਜਾਣ ਤੇ ਜੇਕਰ ਜਾਂਚ ਦੌਰਾਨ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਬੱਬੀ ਮੁੰਡੀਆਂ ਅਨੁਸਾਰ ਡਾ. ਅੰਬੇਡਕਰ ਦੇ ਬੁੱਤ ਨਾਲ ਵਾਪਰੀ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਦੇਰੀ ਦੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਹਵਾਲੇ ਕਰਨਾ ਚਾਹੀਦਾ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਦੀ ਮੁੜ ਦੁਹਰਾਈ ਨੂੰ ਰੋਕਿਆ ਜਾ ਸਕੇ।