- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਬਾਣੀ ਦੇ ਉਪਦੇਸ਼ਾਂ ਨੂੰ ਜੀਵਨ ’ਚ ਅਪਣਾਉਣਾ ਚਾਹੀਦੈ-ਅਮਨਪ੍ਰੀਤ ਕੌਰ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਧਰਮਸ਼ਾਲਾ ਰਵਿਦਾਸ ਚੌਂਕ ਵਿਖੇ ਕੌਮੀ ਵਿਰਸਾ ਸੰਭਾਲ ਸੇਵਾ ਸੋਸਾਇਟੀ ਦੇ ਸਮੂਹ ਮੈਂਬਰਾਂ ਤੇ ਬੱਚਿਆਂ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਇਸ ਮੌਕੇ ਬੱਚਿਆਂ ਤੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਉਪਰੰਤ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਬੱਚਿਆਂ ਤੇ ਮੈਂਬਰਾਂ ਨੇ ਕਵਿਤਾਵਾਂ, ਸ਼ਬਦ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਮਹੱਤਤਾ ਅਤੇ ਗੁਰਬਾਣੀ ਦੇ ਸੰਦੇਸ਼ ਬਾਰੇ ਚਾਨਣਾ ਪਾਇਆ। ਇਸ ਮੌਕੇ ਬੱਚਿਆਂ ਲਈ ਵਿਸ਼ੇਸ਼ ਤੌਰ ’ਤੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ। ਬੱਚਿਆਂ ਨੇ ਸਾਰੇ ਪ੍ਰਸ਼ਨਾਂ ਦੇ ਬਹੁਤ ਹੀ ਸੋਹਣੇ ਢੰਗ ਨਾਲ ਉੱਤਰ ਦਿੱਤੇ। ਮੁਕਾਬਲੇ ’ਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ। ਸੁਸਾਇਟੀ ਦੀ ਸੰਚਾਲਕ ਬੀਬੀ ਅਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਿੱਖ ਧਰਮ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਸਦੀਵੀਂ ਗੁਰੂ ਹਨ ਤੇ ਸਾਨੂੰ ਗੁਰਬਾਣੀ ਦੇ ਉਪਦੇਸ਼ਾਂ ਨੂੰ ਜੀਵਨ ’ਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਸਮਾਜ ਸੇਵੀ ਅਮਰ ਸਿੰਘ ਧੰਜਲ ਤੇ ਮਲਕੀਤ ਸਿੰਘ ਤੋਂ ਇਲਾਵਾ ਜਸਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਨਰਿੰਦਰ ਸਿੰਘ, ਕਮਲਪ੍ਰੀਤ ਸਿੰਘ, ਬੀਬੀ ਗੁਰਮੀਤ ਕੌਰ, ਬੀਬੀ ਸਰਬਜੀਤ ਕੌਰ ਤੇ ਹੋਰ ਮੌਜੂਦ ਸਨ।