- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਪਿਊਟਰ ਅਧਿਆਪਕ ਕਰਨਗੇ ਪੱਕੇ ਮੋਰਚੇ ਦੀ ਸੁਰੂਆਤ

ਸਿੱਖਿਆ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਅਮਿਤ ਪਵਾਰ ਅਨੁਸਾਰ 20 ਸਤੰਬਰ ਵਾਲੇ ਦਿਨ ਸੀਐੱਮ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ’ਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਤੇ 2011 ’ਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਦੇ ਨਾਂ 'ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਹਾਈਕੋਰਟ ’ਚ ਕੰਪਿਊਟਰ ਅਧਿਆਪਕਾਂ ਦੇ ਹੱਕ ’ਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ।
ਇਸ ਮੌਕੇ ਆਗੂਆਂ ਨੇ ਦੱਸਿਆ ਕਿ 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾਅ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ ਬਿੰਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 114 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਸੇਵਾਮੁਕਤ ਵੀ ਹੋ ਚੁੱਕੇ ਹਨ ਪਰ ਉਨ੍ਹਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ’ਚ ਕੀਤਾ ਵਾਅਦਾ ਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇੰਨ-ਬਿੰਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਇਸ ਸਮੇ ਜਿਲ੍ਹਾ ਲੁਧਿਆਣਾ ਤੋਂ ਰੰਜਨ ਭਨੋਟ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਸਿੰਘ ਮਾਂਗਟ, ਜਸਵਿੰਦਰ ਸਿੰਘ, ਸੰਦੀਪ ਵਾਲੀਆ, ਹਰ ਰਾਏ ਕੁਮਾਰ, ਜਸਵਿੰਦਰ ਸਿੰਘ, ਵਿਪਨ ਪਾਲ ਗੁਰੂ, ਕੁਲਵੰਤ ਸਿੰਘ ਪੰਡੋਰੀ, ਹਰਪ੍ਰੀਤ ਕੌਰ, ਅੰਜੂ ਮਾਰਟਨ, ਵਤਨਜੋਤ ਕੌਰ, ਬਵਲੀਨ ਕੌਰ ਬੇਦੀ, ਰਵਿੰਦਰ ਕੌਰ, ਇਕਬਾਲ ਸਿੰਘ, ਜਸਪ੍ਰੀਤ ਸਿੰਘ ਰੱਜੋਵਾਲ ਤੇ ਹੋਰ ਵੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਕੰਪਿਊਟਰ ਅਧਿਆਪਕ ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।