- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਦੀ ਲੀਡ:ਗਲਾਡਾ ਨੇ ਚਾਰ ਅਣਅਧਿਕਾਰਤ ਕਲੋਨੀਆਂ ’ਤੇ ਚਲਾਇਆ ਪੀਲਾ ਪੰਜਾ

-ਕਾਰਵਾਈ ਦੌਰਾਨ ਨਾਜਾਇਜ਼ ਕਾਲੋਨੀਆਂ ’ਚ ਪਲਾਟ ਖ਼ਰੀਦਣ ਵਾਲਿਆਂ ਨੂੰ ਕੀਤਾ ਸਾਵਧਾਨ
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ
ਲੁਧਿਆਣਾ ਵਿੱਚ ਅਣਅਧਿਕਾਰਤ ਕਾਲੋਨੀਆਂ ਖ਼ਿਲਾਫ਼ ਗਲਾਡਾ ਦੀ ਕਾਰਵਾਈ ਲਗਾਤਾਰ ਤੇਜ਼ ਹੋ ਰਹੀ ਹੈ। ਬੁੱਧਵਾਰ ਨੂੰ ਗਲਾਡਾ ਦੇ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਮਾਣਕਵਾਲ, ਮਹਿਮੂਦਪੁਰਾ ਤੇ ਖੇੜੀ ਇਲਾਕਿਆਂ ਵਿੱਚ ਵਿਕਸਤ ਕੀਤੀਆਂ ਜਾ ਰਹੀਆਂ ਚਾਰ ਅਣਅਧਿਕਾਰਤ ਕਲੋਨੀਆਂ ’ਤੇ ਕਾਰਵਾਈ ਕਰਦਿਆਂ ਸੜਕਾਂ ਸਮੇਤ ਗੈਰ-ਕਾਨੂੰਨੀ ਤੌਰ ’ਤੇ ਕੀਤੀਆਂ ਉਸਾਰੀਆਂ ਅਤੇ ਹੋਰ ਢਾਂਚੇ ਢਾਹ ਦਿੱਤੇ। ਕਾਰਵਾਈ ਕੀਤੇ ਜਾਣ ਦੌਰਾਨ ਡਿਊਟੀ ਮੈਜਿਸਟ੍ਰੇਟ ਅਤੇ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਗਲਾਡਾ ਦੀ ਟੀਮ ਨੇ ਕਾਲੋਨੀਆਂ ਵਿੱਚ ਕੀਤੇ ਗਏ ਅਣਅਧਿਕਾਰਤ ਵਿਕਾਸ ਨੂੰ ਹਟਾਇਆ।
ਅਧਿਕਾਰੀਆਂ ਮੁਤਾਬਕ ਇਨ੍ਹਾਂ ਕਾਲੋਨੀਆਂ ਦੇ ਡਿਵੈਲਪਰਾਂ ਨੂੰ ਪਹਿਲਾਂ ਹੀ ਗੈਰ-ਕਾਨੂੰਨੀ ਉਸਾਰੀ ਰੋਕਣ ਲਈ ਨੋਟਿਸ ਜਾਰੀ ਕੀਤੇ ਗਏ ਸਨ, ਪਰ ਕੰਮ ਜਾਰੀ ਰਹਿਣ ਕਾਰਨ ਇਨਫੋਰਸਮੈਂਟ ਕਾਰਵਾਈ ਕੀਤੀ। ਪੂਰੀ ਕਾਰਵਾਈ ਦੌਰਾਨ ਕਿਸੇ ਤਰ੍ਹਾਂ ਦਾ ਵਿਰੋਧ ਸਾਹਮਣੇ ਨਹੀਂ ਆਇਆ।
ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਨੇ ਕਿਹਾ ਕਿ ਅਣਅਧਿਕਾਰਤ ਕਾਲੋਨੀਆਂ ਵਿਚ ਹੋ ਰਹੇ ਵਿਕਾਸ ਨੂੰ ਸ਼ੁਰੂਆਤੀ ਪੜਾਅ ’ਤੇ ਹੀ ਰੋਕਣ ਲਈ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਣਅਧਿਕਾਰਤ ਕਾਲੋਨੀ ਵਿਚ ਪਲਾਟ ਜਾਂ ਜਾਇਦਾਦ ਖ਼ਰੀਦਣ ਤੋਂ ਪਹਿਲਾਂ ਉਸ ਦੀ ਮਨਜ਼ੂਰੀ ਤੇ ਨਕਸ਼ੇ ਦੀ ਗਲਾਡਾ ਰਿਕਾਰਡ ਤੋਂ ਪੂਰੀ ਜਾਂਚ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਣਅਧਿਕਾਰਤ ਕਾਲੋਨੀਆਂ ਵਿੱਚ ਪਾਣੀ, ਸੀਵਰੇਜ ਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਗਲਾਡਾ ਦੀ ਨਹੀਂ ਹੋਵੇਗੀ।
ਗਲਾਡਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਅਣਅਧਿਕਾਰਤ ਕਾਲੋਨੀਆਂ ਦੀ ਨਿਗਰਾਨੀ ਕਰਦਿਆਂ ਗੈਰ-ਕਾਨੂੰਨੀ ਵਿਕਾਸ ਖ਼ਿਲਾਫ਼ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜਾਇਦਾਦ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਕਾਲੋਨੀ ਦੀ ਕਾਨੂੰਨੀ ਸਥਿਤੀ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ, ਤਾਂ ਜੋ ਬਾਅਦ ਵਿੱਚ ਪਲਾਟ ਜਾਂ ਮਕਾਨ ਸਬੰਧੀ ਕਿਸੇ ਤਰ੍ਹਾਂ ਦੀ ਕਾਨੂੰਨੀ ਜਾਂ ਬੁਨਿਆਦੀ ਸਹੂਲਤਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।