- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੁਨਿਆਦੀ ਸਹੂਲਤਾਂ ਤੋਂ ਕਾਨੂੰਨ ਵਿਵਸਥਾ ਤੱਕ ਸਰਕਾਰ ਨਾਕਾਮ-ਦੀਵਾਨ

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦਾ ਕਾਰਜਕਾਲ ਪੰਜਾਬ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ। ਦੀਵਾਨ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਲੰਬੇ ਬਿਜਲੀ ਕੱਟਾਂ, ਖ਼ਰਾਬ ਸੜਕਾਂ, ਜਾਮ ਸੀਵਰੇਜ ਅਤੇ ਬੰਦ ਸਟਰੀਟ ਲਾਈਟਾਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਹਾਲੀਆ ਬਿਜਲੀ ਸੰਕਟ ਦੌਰਾਨ ਉਦਯੋਗਿਕ ਖੇਤਰਾਂ ਵਿੱਚ 8 ਤੋਂ 14 ਘੰਟਿਆਂ ਤੱਕ ਕੱਟਾਂ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਲੋਕ ਭਾਰੀ ਬਿੱਲਾਂ ਅਤੇ ਟੈਕਸ ਅਦਾ ਕਰਨ ਦੇ ਬਾਵਜੂਦ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਥੋੜ੍ਹੀ ਜਿਹੀ ਬਾਰਿਸ਼ ਨਾਲ ਸੀਵਰੇਜ ਓਵਰਫਲੋਅ ਹੋ ਜਾਂਦਾ ਹੈ, ਜਦਕਿ ਕਈ ਇਲਾਕਿਆਂ ਵਿੱਚ ਸਟਰੀਟ ਲਾਈਟਾਂ ਬੰਦ ਹਨ ਅਤੇ ਸੜਕਾਂ ਦੀ ਹਾਲਤ ਖ਼ਰਾਬ ਹੈ। ਦੀਵਾਨ ਨੇ ਕਿਹਾ ਕਿ ਘਰੋਂ-ਘਰੀ ਕੂੜਾ ਇਕੱਠਾ ਕਰਨ ਅਤੇ ਪਾਰਕਾਂ ਦੀ ਸਾਂਭ-ਸੰਭਾਲ ਦੇ ਵਾਅਦੇ ਵੀ ਪੂਰੇ ਨਹੀਂ ਹੋਏ। ਕਾਨੂੰਨ-ਵਿਵਸਥਾ ਬਾਰੇ ਉਨ੍ਹਾਂ ਗੈਂਗਵਾਰ, ਕਤਲਾਂ ਅਤੇ ਗ੍ਰਨੇਡ ਹਮਲਿਆਂ ਦਾ ਹਵਾਲਾ ਦਿੰਦਿਆਂ ਸਰਕਾਰ ਨੂੰ ਘੇਰਿਆ। ਉਨ੍ਹਾਂ ਨਸ਼ਿਆਂ ਦੀ ਸਮੱਸਿਆ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਲੋਕਾਂ ਦੀਆਂ ਸ਼ਿਕਾਇਤਾਂ ਜਾਰੀ ਹਨ। ਦੀਵਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਸੰਘਰਸ਼ ਕਰ ਰਹੀ ਹੈ।