- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਲਈ ਵਿਧਾਇਕਾਂ ਨੇ ਕੋਆਰਡੀਨੇਟਰਾਂ ਨਾਲ ਕੀਤੀ ਮੀਟਿੰਗ

-ਕਿਹਾ, 551 ਦਿਨਾਂ ’ਚ 76,982 ਨਸ਼ਾ ਤਸਕਰ ਗ੍ਰਿਫ਼ਤਾਰ ਕਰਨ ਦਾ ਦਾਅਵਾ, ਨਸ਼ਿਆਂ ਵਿਰੁੱਧ ਮੁਹਿੰਮ ਹੋਵੇਗੀ ਤੇਜ਼
ਫੋਟੋ ਨੰਬਰ-5,6
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੁਧਿਆਣਾ ਸ਼ਹਿਰੀ ਖੇਤਰ ਵਿੱਚ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ ਅਤੇ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਵੀਰਵਾਰ ਨੂੰ ਮਹਾਰਾਜਾ ਰਿਜੈਂਸੀ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਹਲਕਾ ਕੋਆਰਡੀਨੇਟਰਾਂ, ਵਾਈਸ ਕੋਆਰਡੀਨੇਟਰਾਂ, ਬਲਾਕ ਕੋਆਰਡੀਨੇਟਰਾਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਵਿੱਚ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ।
ਵਿਧਾਇਕਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਲਈ ਸਰਕਾਰੀ ਤੰਤਰ ਦੇ ਨਾਲ ਲੋਕਾਂ ਦੀ ਭਾਗੀਦਾਰੀ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨਾਂ ਦੌਰਾਨ 76,982 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਜ਼ੀਰੋ-ਟੌਲਰੈਂਸ ਨੀਤੀ ਤਹਿਤ ਕਾਰਵਾਈ ਜਾਰੀ ਰਹੇਗੀ। ਤਸਕਰੀ ਰਾਹੀਂ ਬਣਾਈਆਂ ਜਾਇਦਾਦਾਂ ਵਿਰੁੱਧ ਕਾਰਵਾਈ ਅਤੇ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਮੁਹਿੰਮ ਦਾ ਅਹਿਮ ਹਿੱਸਾ ਦੱਸਿਆ ਗਿਆ। ਵਿਧਾਇਕਾਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਤਸਕਰਾਂ ’ਤੇ ਕਾਰਵਾਈ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਲੋਕਾਂ ਨੂੰ ਇਲਾਜ, ਮੁੜ ਵਸੇਬੇ ਅਤੇ ਸਮਾਜ ਵਿੱਚ ਮੁੜ ਸਥਾਪਿਤ ਕਰਨ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕੋਆਰਡੀਨੇਟਰਾਂ ਅਤੇ ਵਾਰਡ ਰੱਖਿਆ ਕਮੇਟੀ ਮੈਂਬਰਾਂ ਨੂੰ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਤੱਕ ਪਹੁੰਚਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਲਾਜ ਤੋਂ ਬਾਅਦ ਪਰਿਵਾਰ ਅਤੇ ਸਮਾਜ ਵੱਲੋਂ ਸਹਿਯੋਗ ਮਿਲਣਾ ਵੀ ਜ਼ਰੂਰੀ ਹੈ, ਤਾਂ ਜੋ ਪ੍ਰਭਾਵਿਤ ਵਿਅਕਤੀ ਆਤਮ-ਵਿਸ਼ਵਾਸ ਨਾਲ ਆਮ ਜੀਵਨ ਵੱਲ ਪਰਤ ਸਕਣ।
ਮੀਟਿੰਗ ਦੌਰਾਨ ਕੋਆਰਡੀਨੇਟਰਾਂ ਅਤੇ ਵਾਰਡ ਰੱਖਿਆ ਕਮੇਟੀ ਮੈਂਬਰਾਂ ਨੂੰ ਪੁਲਿਸ ਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਬਣਾਈ ਰੱਖਣ ਲਈ ਕਿਹਾ ਗਿਆ। ਉਨ੍ਹਾਂ ਨੂੰ ਨਸ਼ਾ ਤਸਕਰੀ ਜਾਂ ਨਸ਼ਿਆਂ ਦੀ ਦੁਰਵਰਤੋਂ ਨਾਲ ਸਬੰਧਤ ਸ਼ੱਕੀ ਸਰਗਰਮੀਆਂ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਗਈ। ਨੌਜਵਾਨਾਂ, ਮਾਪਿਆਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਫੈਲਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਵਿਧਾਇਕਾਂ ਨੇ ਇਲਾਕਿਆਂ ਵਿੱਚ ਨਿਯਮਤ ਜਾਗਰੂਕਤਾ ਪ੍ਰੋਗਰਾਮ, ਸੈਮੀਨਾਰ ਅਤੇ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਚੌਕਸੀ ਅਤੇ ਲਗਾਤਾਰ ਸਾਂਝੇ ਯਤਨਾਂ ਰਾਹੀਂ ਨਸ਼ਿਆਂ ਦੇ ਖ਼ਤਰੇ ਨੂੰ ਰੋਕਣ ਲਈ ਲੋਕਾਂ ਦੀ ਭੂਮਿਕਾ ਮਹੱਤਵਪੂਰਨ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਬੈਂਬੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਤੇ ਅਮਨਪ੍ਰੀਤ ਸਿੰਘ, ਏਸੀਪੀ (ਕਰਾਈਮ) ਹਰਸ਼ਪ੍ਰੀਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਅਤੇ ਜ਼ਿਲ੍ਹਾ ਕੋਆਰਡੀਨੇਟਰ (ਲੁਧਿਆਣਾ ਸ਼ਹਿਰੀ) ਬਲਵੀਰ ਚੌਧਰੀ ਸਮੇਤ ਵੱਡੀ ਗਿਣਤੀ ਵਿੱਚ ਕੋਆਰਡੀਨੇਟਰ ਅਤੇ ਵਾਰਡ ਰੱਖਿਆ ਕਮੇਟੀ ਮੈਂਬਰ ਹਾਜ਼ਰ ਸਨ।---