- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੋਰ-ਟੂ-ਡੋਰ ਕੂੜਾ ਚੁੱਕਣ ਵਾਲੇ ਮਿਹਨਤਕਸ਼ਾਂ ਦੀ ਰੋਜ਼ੀ-ਰੋਟੀ ’ਤੇ ਖਤਰਾ!

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਨਗਰ ਨਿਗਮ ਲੁਧਿਆਣਾ ਦੇ ਸਾਲਿਡ ਵੇਸਟ ਮੈਨੇਜਮੈਂਟ ਟੈਂਡਰ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਨਗਰ ਨਿਗਮ ਦੇ ਐਫਐਂਡਸੀਸੀ ਮੈਂਬਰ ਅਤੇ ਕੌਂਸਲਰ ਗੌਰਵ ਭੱਟੀ ਨੇ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਨਿਗਮ ਦੇ ਕਰੀਬ 1408 ਕਰੋੜ ਰੁਪਏ ਦੇ ਟੈਂਡਰ ’ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਇਸ ਟੈਂਡਰ ਦੇ ਬਹਾਨੇ ਲੁਧਿਆਣਾ ਵਾਸੀਆਂ ’ਤੇ ਵੱਡਾ ਵਿੱਤੀ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਸ਼ਹਿਰ ਵਾਸੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਗੌਰਵ ਭੱਟੀ ਨੇ ਕਿਹਾ ਕਿ ਸ਼ਹਿਰ ਵਿੱਚ ਸਾਲਾਂ ਤੋਂ ਡੋਰ-ਟੂ-ਡੋਰ ਕੂੜਾ ਚੁੱਕਣ ਦਾ ਕੰਮ ਕਰ ਰਹੇ ਹਜ਼ਾਰਾਂ ਮਿਹਨਤਕਸ਼ ਪਰਿਵਾਰ ਆਪਣੀ ਰੋਜ਼ੀ-ਰੋਟੀ ਚਲਾ ਰਹੇ ਹਨ। ਨਵੀਂ ਸਾਲਿਡ ਵੇਸਟ ਮੈਨੇਜਮੈਂਟ ਵਿਵਸਥਾ ਕਾਰਨ ਇਨ੍ਹਾਂ ਮਜ਼ਦੂਰਾਂ ਦੇ ਰੁਜ਼ਗਾਰ ’ਤੇ ਸੰਕਟ ਖੜ੍ਹਾ ਹੋਣ ਦਾ ਖਦਸ਼ਾ ਹੈ। ਇਹ ਮਿਹਨਤੀ ਲੋਕ ਸਾਲਾਂ ਤੋਂ ਲੁਧਿਆਣਾ ਦੀ ਸਫਾਈ ਵਿਵਸਥਾ ਦਾ ਅਹਿਮ ਹਿੱਸਾ ਰਹੇ ਹਨ। ਜੇਕਰ ਨਵੀਂ ਵਿਵਸਥਾ ਕਾਰਨ ਉਨ੍ਹਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ ਤਾਂ ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਪਰਿਵਾਰਾਂ ਦੀ ਆਮਦਨ ’ਤੇ ਪੈ ਸਕਦਾ ਹੈ। ਕੌਂਸਲਰ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਨਗਰ ਨਿਗਮ ਦੇ ਪੱਧਰ ’ਤੇ ਜ਼ੋਰਦਾਰ ਢੰਗ ਨਾਲ ਚੁੱਕਣਗੇ ਤੇ ਟੈਂਡਰ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਸਵਾਲ ਕਰਨਗੇ। ਉਨ੍ਹਾਂ ਕਿਹਾ ਕਿ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਡੋਰ-ਟੂ-ਡੋਰ ਕੂੜਾ ਚੁੱਕਣ ਵਾਲੇ ਮਿਹਨਤਕਸ਼ਾਂ ਦੇ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ। ਕੌਂਸਲਰ ਭੱਟੀ ਨੇ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ’ਤੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ, ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਵੀ ਸੁਚਾਰੂ ਰਹੇ ਅਤੇ ਇਸ ਨਾਲ ਜੁੜੇ ਮਿਹਨਤਕਸ਼ ਪਰਿਵਾਰਾਂ ਦੀ ਰੋਜ਼ੀ-ਰੋਟੀ ਵੀ ਸੁਰੱਖਿਅਤ ਰਹੇ।