- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਨਿਗਮ ਦਾ ਜੂਹੀ ਐਨਕਲੇਵ ’ਚ ਨਾਜਾਇਜ਼ ਉਸਾਰੀਆਂ ’ਤੇ ਚਲਿਆ ਪੀਲਾ ਪੰਜਾਂ

-ਬਿਨਾਂ ਨਕਸ਼ਾ ਪਾਸ ਕਰਵਾਏ ਉਸਾਰੀ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਨਗਰ ਨਿਗਮ ਵਲੋਂ ਸ਼ਹਿਰ ਵਿੱਚ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਸ਼ੁੱਕਰਵਾਰ ਨੂੰ ਨਗਰ ਨਿਗਮ ਜ਼ੋਨ-ਏ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਨੇ ਜੱਸੀਆਂ ਰੋਡ ਨੇੜੇ ਜੂਹੀ ਐਨਕਲੇਵ ਵਿੱਚ ਤਿੰਨ ਨਾਜਾਇਜ਼ ਵਪਾਰਕ ਉਸਾਰੀਆਂ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਢਾਹ ਦਿੱਤਾ। ਨਿਗਮ ਅਧਿਕਾਰੀਆਂ ਅਨੁਸਾਰ ਇਨ੍ਹਾਂ ਇਮਾਰਤਾਂ ਦੀ ਉਸਾਰੀ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਸੀ। ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਬਿਲਡਿੰਗ ਬ੍ਰਾਂਚ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਅਤੇ ਨਾਜਾਇਜ਼ ਨਿਰਮਾਣ ਨੂੰ ਹਟਾ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ਤਹਿਤ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਜਿੱਥੇ ਵੀ ਬਿਨਾਂ ਮਨਜ਼ੂਰੀ ਜਾਂ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਨਿਰਮਾਣ ਕੀਤੇ ਜਾਣ ਦੀ ਸੂਚਨਾ ਮਿਲਦੀ ਹੈ, ਉੱਥੇ ਜਾਂਚ ਤੋਂ ਬਾਅਦ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਬਿਲਡਿੰਗ ਬ੍ਰਾਂਚ ਨੇ ਸ਼ਹਿਰ ਵਾਸੀਆਂ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਏ ਬਿਨਾਂ ਉਸਾਰੀ ਸ਼ੁਰੂ ਨਾ ਕੀਤੀ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਉਸਾਰੀਆਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।