- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਨਰ ਵਿਕਾਸ ਰਾਹੀਂ ਨੌਜਵਾਨਾਂ ਨੂੰ ਮਜ਼ਬੂਤ ਕਰ ਰਹੀ ਸਰਕਾਰ-ਰਾਓ ਇੰਦਰਜੀਤ ਸਿੰਘ

-ਰਾਓ ਇੰਦਰਜੀਤ ਸਿੰਘ ਅਨੁਸਾਰ ਹੁਨਰ ਰਾਹੀਂ ਨੌਜਵਾਨਾਂ ਨੂੰ ਮਜ਼ਬੂਤ ਕਰ ਰਹੀ ਸਰਕਾਰ
ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ ਲੁਧਿਆਣਾ
ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ 20ਵਾਂ ਰਾਸ਼ਟਰੀ ਰੋਜ਼ਗਾਰ ਮੇਲਾ ਕਰਵਾਇਆ ਗਿਆ। ਲੁਧਿਆਣਾ ਕਸਟਮਜ਼ ਨੂੰ ਨੋਡਲ ਦਫ਼ਤਰ ਬਣਾਉਂਦਿਆਂ ਕੇਂਦਰੀ ਅਪ੍ਰਤੱਖ ਕਰ ਤੇ ਕਸਟਮਜ਼ ਬੋਰਡ ਵੱਲੋਂ ਇਨਕਮ ਟੈਕਸ ਵਿਭਾਗ, ਲੁਧਿਆਣਾ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਵੱਖ-ਵੱਖ ਕੇਂਦਰੀ ਸਰਕਾਰੀ ਵਿਭਾਗਾਂ ਵਿੱਚ ਨਵ-ਨਿਯੁਕਤ 72 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸਮਾਗਮ ਵਿੱਚ ਕੇਂਦਰੀ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਅਤੇ ਸੱਭਿਆਚਾਰ ਮੰਤਰਾਲੇ ਦੇ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਨਿਯੁਕਤੀ ਸਰਟੀਫਿਕੇਟ ਸੌਂਪੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਸਮਰੱਥਾ ਨਿਰਮਾਣ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਹੁਨਰਮੰਦ ਨੌਜਵਾਨ ਦੇਸ਼ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਰਾਓ ਇੰਦਰਜੀਤ ਸਿੰਘ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਪੂਰੀ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੀ ਹੁੰਦੀ ਹੈ, ਇਸ ਲਈ ਕਰਮਚਾਰੀਆਂ ਨੂੰ ਲੋਕ-ਕੇਂਦਰਿਤ ਪਹੁੰਚ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਲਗਾਤਾਰ ਸਿੱਖਣ, ਹੁਨਰ ਵਿਕਾਸ ਅਤੇ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਉਨ੍ਹਾਂ ਸਕਿੱਲ ਇੰਡੀਆ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਅਪ੍ਰੈਂਟਿਸਸ਼ਿਪ ਪ੍ਰੋਗਰਾਮ, ਪੀਐੱਮ-ਸੇਤੂ ਅਤੇ ਆਈਗੌਟ ਕਰਮਯੋਗੀ ਵਰਗੀਆਂ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਦੇਸ਼ ਭਰ ਵਿੱਚ ਰੋਜ਼ਗਾਰ ਮੇਲੇ ਦੇ ਤਹਿਤ 45 ਸਥਾਨਾਂ ’ਤੇ 51 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਵੰਡੇ ਗਏ। ਲੁਧਿਆਣਾ ਦੇ ਸਮਾਗਮ ਵਿੱਚ ਇਨਕਮ ਟੈਕਸ ਦੇ ਚੀਫ਼ ਕਮਿਸ਼ਨਰ ਸੁਕੇਸ਼ ਕੁਮਾਰ ਜੈਨ, ਲੁਧਿਆਣਾ ਕਸਟਮਜ਼ ਦੀ ਕਮਿਸ਼ਨਰ ਵਰਿੰਦਰ ਕੌਰ ਸਮੇਤ ਵੱਖ-ਵੱਖ ਕੇਂਦਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਰਹੇ।