ਰੈਲੀ ਕੱਢ ਕੇ ਨਸ਼ਿਆਂ ਤੋਂ ਦੂਰ ਰਹਿਣ ਤੇ ਪਰਾਲੀ ਨਾ ਸਾੜਨ ਦਾ ਦਿੱਤਾ ਸੁਨੇਹਾ ਨਸ਼ਿਆਂ ਤੋਂ ਦੂਰ ਰਹਿਣ ਅਤੇ ਪਰਾਲੀ ਨਾ ਸਾੜਨ ਦਾ ਦਿੱਤਾ ਸੁਨੇਹਾ
Publish Date: Wed, 23 Sep 2026 06:53 PM (IST)
Updated Date: Thu, 24 Sep 2026 04:00 AM (IST)
- ਰਾਵੇ ਗਰੁੱਪ ਦੇ ਐਕਸਟੈਂਸ਼ਨ ਸਾਇੰਟਿਸਟ ਡਾ. ਲਖਵਿੰਦਰ ਕੌਰ ਨੇ ਕੀਤੀ ਰੈਲੀ ਦੀ ਅਗਵਾਈ - 35 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ, ਨਾਅਰੇ ਲਾ ਕੇ ਕੀਤਾ ਜਾਗਰੂਕ ਫੋਟੋ ਨੰਬਰ-32 ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਰਾਵੇ ਗਰੁੱਪ ਵੱਲੋਂ ਐਕਸਟੈਂਸ਼ਨ ਸਾਇੰਟਿਸਟ ਡਾ. ਲਖਵਿੰਦਰ ਕੌਰ ਦੀ ਅਗਵਾਈ ਹੇਠ ਪੀਏਯੂ ਵਿਖੇ ਭਾਈਚਾਰੇ ਨੂੰ ਨਸ਼ਿਆਂ ਦੀ ਦੁਰਵਰਤੋਂ, ਪਾਣੀ ਦੀ ਸੰਭਾਲ, ਵਾਤਾਵਰਨ ਦੀ ਸੁਰੱਖਿਆ ਤੇ ਪਰਾਲੀ ਸਾੜਨ ਵਰਗੇ ਗੰਭੀਰ ਸਮਾਜਿਕ ਤੇ ਵਾਤਾਵਰਨਕ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ। ਰੈਲੀ ’ਚ 35 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਨਾਅਰਿਆਂ, ਤਖ਼ਤੀਆਂ ਤੇ ਜਾਗਰੂਕਤਾ ਸੰਦੇਸ਼ਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਪਾਣੀ ਬਚਾਉਣ, ਵਾਤਾਵਰਨ ਦੀ ਰੱਖਿਆ ਕਰਨ ਅਤੇ ਪਰਾਲੀ ਨਾ ਸਾੜਨ ਦਾ ਸੱਦਾ ਦਿੱਤਾ। ਵਿਦਿਆਰਥੀਆਂ ਨੇ ‘ਨਸ਼ਿਆਂ ਨੂੰ ਨਾਂਹ ਕਹੋ, ਪਾਣੀ ਬਚਾਓ, ਵਾਤਾਵਰਨ ਦੀ ਰੱਖਿਆ ਕਰੋ ਅਤੇ ਪਰਾਲੀ ਸਾੜਨੀ ਬੰਦ ਕਰੋ’ ਵਰਗੇ ਸੰਦੇਸ਼ਾਂ ਰਾਹੀਂ ਲੋਕਾਂ ਨੂੰ ਸਾਂਝੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਨਸ਼ਿਆਂ ਦੀ ਵਰਤੋਂ ਦੇ ਵਿਅਕਤੀ, ਪਰਿਵਾਰ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਰੈਲੀ ਦੌਰਾਨ ਪਾਣੀ ਦੀ ਸੁਚੱਜੀ ਵਰਤੋਂ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਸਾਫ਼-ਸੁਥਰੇ ਵਾਤਾਵਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਗਿਆ। ਵਿਦਿਆਰਥੀਆਂ ਨੇ ਲੋਕਾਂ ਨੂੰ ਪਾਣੀ ਦੀ ਬਰਬਾਦੀ ਰੋਕਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਦਾ ਸੰਦੇਸ਼ ਦਿੱਤਾ।ਇਸ ਮੌਕੇ ਪਰਾਲੀ ਸਾੜਨ ਨਾਲ ਹਵਾ ਦੀ ਗੁਣਵੱਤਾ, ਮਿੱਟੀ ਦੀ ਸਿਹਤ ਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਵੱਲ ਵਿਸ਼ੇਸ਼ ਧਿਆਨ ਦਿਵਾਇਆ ਗਿਆ। ਵਿਦਿਆਰਥੀਆਂ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਾਤਾਵਰਨ ਪੱਖੀ ਤਰੀਕੇ ਅਪਣਾਉਣ ਦੀ ਅਪੀਲ ਕੀਤੀ। ਰੈਲੀ ਨੇ ਇਹ ਸੰਦੇਸ਼ ਦਿੱਤਾ ਕਿ ਨਸ਼ਿਆਂ ਤੇ ਵਾਤਾਵਰਨ ਨਾਲ ਜੁੜੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਰਕਾਰੀ ਯਤਨਾਂ ਦੇ ਨਾਲ-ਨਾਲ ਸਮਾਜ ਦੀ ਸਾਂਝੀ ਭਾਗੀਦਾਰੀ ਵੀ ਜ਼ਰੂਰੀ ਹੈ। ਵਿਦਿਆਰਥੀਆਂ ਦੀ ਇਸ ਪਹਿਲਕਦਮੀ ਦਾ ਉਦੇਸ਼ ਸਿਹਤਮੰਦ, ਸਾਫ਼-ਸੁਥਰੇ ਤੇ ਟਿਕਾਊ ਸਮਾਜ ਦੀ ਉਸਾਰੀ ਲਈ ਲੋਕਾਂ ’ਚ ਜਾਗਰੂਕਤਾ ਪੈਦਾ ਕਰਨਾ ਸੀ।