ਈਡੀ ਦੀ ਕਾਰਵਾਈ ਤੋਂ ਬਾਅਦ ਮੁੰਡੀਆਂ ਅਸਤੀਫ਼ਾ ਦੇਣ : ਧਾਲੀਵਾਲ ਈਡੀ ਦੀ ਕਾਰਵਾਈ ਤੋਂ ਬਾਅਦ ਮੂੰਡੀਆਂ ਅਸਤੀਫ਼ਾ ਦੇਣ-ਧਾਲੀਵਾਲ
Publish Date: Wed, 23 Sep 2026 07:55 PM (IST)
Updated Date: Thu, 24 Sep 2026 04:01 AM (IST)
ਫੋਟੋ ਨੰਬਰ-40 ਗੁਰਦੀਪ ਭਾਮੀਆਂ, ਪੰਜਾਬੀ ਜਾਗਰਣ, ਸਾਹਨੇਵਾਲ/ਕੋਹਾੜਾ : ਹਲਕਾ ਸਾਹਨੇਵਾਲ ਤੋਂ ਵਿਧਾਇਕ ਤੇ ਪੰਜਾਬ ਸਰਕਾਰ ਦੇ ਸ਼ਹਿਰੀ ਤੇ ਪੇਂਡੂ ਵਿਕਾਸ ਮੰਤਰੀ ਹਰਦੀਪ ਸਿੰਘ ਮੂੰਡੀਆਂ ਦੇ ਕਰੀਬੀ ਰਿਸ਼ਤੇਦਾਰ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਸਵਾਲ ਖੜ੍ਹੇ ਹੋ ਗਏ ਹਨ। ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਮੰਤਰੀ ਮੁੰਡੀਆਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਧਾਲੀਵਾਲ ਨੇ ਕਿਹਾ ਕਿ ਜਦੋਂ ਇੱਕ ਕੈਬਨਿਟ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣੇ ’ਤੇ ਕੇਂਦਰੀ ਜਾਂਚ ਏਜੰਸੀ ਵੱਲੋਂ ਕਾਰਵਾਈ ਹੁੰਦੀ ਹੈ ਤਾਂ ਨਿਰਪੱਖ ਜਾਂਚ ਲਈ ਨੈਤਿਕ ਜ਼ਿੰਮੇਵਾਰੀ ਦੇ ਤੌਰ ’ਤੇ ਮੰਤਰੀ ਨੂੰ ਅਹੁਦੇ ਤੋਂ ਹਟ ਕੇ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਵੀ ਵੱਡੇ ਘੁਟਾਲਿਆਂ ਦੇ ਮਾਮਲਿਆਂ ਵਿੱਚ ਜਾਂਚ ਸ਼ੁਰੂ ਹੋਣ ਅਤੇ ਫਿਰ ਮਾਮਲੇ ਠੰਢੇ ਬਸਤੇ ਵਿੱਚ ਪੈ ਜਾਣ ਦਾ ਤਜਰਬਾ ਕਰ ਚੁੱਕੇ ਹਨ। ਧਾਲੀਵਾਲ ਨੇ ਕਿਹਾ ਕਿ ਜੇਕਰ ਮੌਜੂਦਾ ਮਾਮਲੇ ਵਿੱਚ ਕੋਈ ਗੈਰ-ਕਾਨੂੰਨੀ ਲੈਣ-ਦੇਣ ਜਾਂ ਵਿੱਤੀ ਬੇਨਿਯਮਤਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਜੇਕਰ ਜਾਂਚ ’ਚ ਕੋਈ ਦੋਸ਼ ਸਾਬਤ ਨਹੀਂ ਹੁੰਦਾ ਤਾਂ ਉਸਦੀ ਜਾਣਕਾਰੀ ਵੀ ਜਨਤਕ ਕੀਤੀ ਜਾਣੀ ਚਾਹੀਦੀ ਹੈ।