- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਾਇਆ

ਵਿਦਿਆਰਥੀਆਂ ਨੇ ਪਰਾਲੀ ਦੇ ਪ੍ਰਬੰਧਨ ਸਬੰਧੀ ਲਾਇਆ ਜਾਗਰੂਕਤਾ ਕੈਂਪ
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੂਰਲ ਐਗਰੀਕਲਚਰਲ ਵਰਕ ਐਕਸਪੀਰੀਅੰਸ (ਰਾਵੇ) ਵਿਦਿਆਰਥੀਆਂ ਵੱਲੋਂ ਡਾ. ਲੋਪਾਮੁਦਰਾ ਮੋਹਾਪਾਤਰਾ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੇ ਵਿਗਿਆਨਕ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ (ਏਡੀਓ) ਹਰਸ਼ ਕੁਮਾਰ ਮਹੇ ਤੇ ਹਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕੈਂਪ ਦੌਰਾਨ ਰਾਵੇ ਵਿਦਿਆਰਥੀਆਂ ਅਤੇ ਖੇਤੀਬਾੜੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਖੇਤਾਂ ’ਚ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਮਿੱਟੀ ਵਿਚਲੇ ਕੀਮਤੀ ਪੌਸ਼ਟਿਕ ਤੱਤ ਅਤੇ ਜੈਵਿਕ ਪਦਾਰਥ ਵੀ ਨਸ਼ਟ ਹੁੰਦੇ ਹਨ, ਜਿਸ ਨਾਲ ਮਿੱਟੀ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਢੁੱਕਵੀਆਂ ਵਿਗਿਆਨਕ ਪ੍ਰਬੰਧਨ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੇ ਕਿਸਾਨਾਂ ਨੂੰ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਤੇ ਮਲਚਿੰਗ ਸਮੇਤ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਮਲਚਰ, ਰੋਟਾਵੇਟਰ ਅਤੇ ਹੋਰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਖੇਤ ਦੀ ਸਥਿੱਤੀ ਅਤੇ ਅਗਲੀ ਫ਼ਸਲ ਨੂੰ ਧਿਆਨ ਵਿੱਚ ਰੱਖਦਿਆਂ ਢੁੱਕਵੀਂ ਮਸ਼ੀਨਰੀ ਦੀ ਚੋਣ ਕਰਨੀ ਚਾਹੀਦੀ ਹੈ। ਪਰਾਲੀ ਦਾ ਸਹੀ ਪ੍ਰਬੰਧਨ ਕਰਨ ਨਾਲ ਮਿੱਟੀ ਵਿੱਚ ਨਮੀ ਦੀ ਸੰਭਾਲ, ਪੌਸ਼ਟਿਕ ਤੱਤਾਂ ਦੀ ਮੁੜ ਵਰਤੋਂ ਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਏਡੀਓ. ਹਰਸ਼ ਕੁਮਾਰ ਮਹੇ ਅਤੇ ਹਰਪ੍ਰੀਤ ਕੌਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਸਰਕਾਰੀ ਸਹਾਇਤਾ ਤੇ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਵੱਲੋਂ ਮਸ਼ੀਨਰੀ ਦੀ ਚੋਣ, ਪਰਾਲੀ ਦੇ ਪ੍ਰਬੰਧਨ ਅਤੇ ਸਮੇਂ ਸਿਰ ਖੇਤ ਵਿੱਚ ਕਾਰਵਾਈ ਕਰਨ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਵਿਚਾਰ-ਵਟਾਂਦਰੇ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਨਾਲ ਜੁੜੀਆਂ ਵਿਹਾਰਕ ਮੁਸ਼ਕਲਾਂ ਸਾਂਝੀਆਂ ਕਰਨ ਅਤੇ ਉਨ੍ਹਾਂ ਦੇ ਸੰਭਵ ਹੱਲ ਜਾਣਨ ਦਾ ਮੌਕਾ ਮਿਲਿਆ।
ਕੈਂਪ ਦੇ ਅੰਤ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਿਗਿਆਨਕ ਤਰੀਕਿਆਂ ਨਾਲ ਇਸ ਦਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਗਈ। ਰਾਵੇ ਵਿਦਿਆਰਥੀਆਂ ਅਤੇ ਖੇਤੀਬਾੜੀ ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਦਾ ਪ੍ਰਭਾਵਸ਼ਾਲੀ ਪ੍ਰਬੰਧਨ ਸਾਫ਼ ਹਵਾ, ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀਬਾੜੀ ਵੱਲ ਮਹੱਤਵਪੂਰਨ ਕਦਮ ਹੈ। ਵਿਭਾਗ ਦੇ ਮੁਖੀ ਡਾ. ਵਿਪਨ ਰਾਮਪਾਲ ਨੇ ਰਾਵੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਖੇਤਰੀ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਵਰਗੇ ਅਹਿਮ ਖੇਤੀਬਾੜੀ ਮੁੱਦਿਆਂ ਸਬੰਧੀ ਵਿਦਿਆਰਥੀਆਂ ਵੱਲੋਂ ਕੀਤੇ ਜਾਗਰੂਕਤਾ ਪ੍ਰੋਗਰਾਮ ਖੇਤੀ ਤਕਨਾਲੋਜੀ ਤੇ ਵਿਗਿਆਨਕ ਜਾਣਕਾਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਾਲਜ ਆਫ਼ ਐਗਰੀਕਲਚਰ ਦੇ ਡੀਨ ਡਾ. ਸੀਐੱਸ. ਔਲਖ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੀਐੱਸਸੀ. (ਐਗਰੀਕਲਚਰ) ਆਨਰਜ਼ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਪੀਏਯੂ ਦੀਆਂ ਨਵੀਆਂ ਖੇਤੀ ਤਕਨੀਕਾਂ ਅਤੇ ਵਿਗਿਆਨਕ ਹੱਲਾਂ ਨੂੰ ਖੇਤ ਪੱਧਰ ਤੱਕ ਪਹੁੰਚਾਉਣਾ ਸ਼ਲਾਘਾਯੋਗ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਸਾਨ-ਕੇਂਦਰਿਤ ਵਿਸਥਾਰ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਵਾਤਾਵਰਨ ਪੱਖੋਂ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਵਧਾਈ ਦਿੱਤੀ।