- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਜਸ਼ਨ-ਏ-ਇਨਕਲਾਬ’ ਸਮਾਗਮ ’ਚ 1 ਲੱਖ ਨੌਜਵਾਨ ਕੇਸਰੀ ਪੱਗਾਂ ਬੰਨ੍ਹ ਕੇ ਭਗਤ ਸਿੰਘ ਦੇ ਜਨਮ ਦਿਨ ਦਾ ਜਸ਼ਨ ਮਨਾਉਣਗੇ

-‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਧਾਇਕ ਸਮੇਤ ਲਿਆ ਤਿਆਰੀਆਂ ਦਾ ਜਾਇਜ਼ਾ
-ਗਾਇਕ ਬਾਵਾ, ਬਿੱਲਾ, ਪਰੀ ਪੰਧੇਰ, ਬਸੰਤ ਕੌਰ ਤੇ ਢਾਡੀ ਜਥੇ ਕਰਨਗੇ ਪੇਸ਼ਕਾਰੀਆਂ
-ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਹੋਰ ਆਗੂਆਂ ਸਮੇਤ ਪੁੱਜਣਗੇ ਭਗਵੰਤ ਸਿੰਘ ਮਾਨ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਸਮਾਗਮ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਵਾਸੀਆਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ, ਸੱਭਿਆਚਾਰ, ਸੰਗੀਤ ਤੇ ਵਿਰਸੇ ਨੂੰ ਸਮਰਪਿਤ ਹੋਵੇਗਾ।
ਪ੍ਰੈੱਸ ਕਾਨਫਰੰਸ ਦੌਰਾਨ ਬਲਤੇਜ ਪੰਨੂ ਨੇ ਦੱਸਿਆ ਕਿ ਸਮਾਗਮ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਇਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਪੰਜਾਬ ਭਰ ਤੋਂ ਲੋਕ ਸ਼ਾਮਲ ਹੋਣਗੇ। ਪ੍ਰੋਗਰਾਮ ਦੌਰਾਨ ਪ੍ਰਸਿੱਧ ਨਾਟਕ ‘ਗਗਨ ਦਮਾਮਾ ਬਾਜਿਓ’ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬੀ ਗਾਇਕ ਰਣਜੀਤ ਬਾਵਾ, ਕੁਲਵਿੰਦਰ ਬਿੱਲਾ,ਪਰੀ ਪੰਧੇਰ, ਬਸੰਤ ਕੌਰ ਅਤੇ ਪ੍ਰਮੁੱਖ ਢਾਡੀ ਜਥਿਆਂ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਸਮਾਗਮ ਵਿੱਚ ਪੰਜਾਬ ਭਰ ਤੋਂ ਇੱਕ ਲੱਖ ਨੌਜਵਾਨਾਂ ਦਾ ਕੇਸਰੀ ਪੱਗਾਂ ਬੰਨ੍ਹ ਕੇ ਪੁੱਜਣ ਦਾ ਅੰਦਾਜ਼ਾ ਹੈ। ਨੌਜਵਾਨਾਂ ਵਿੱਚ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਪੰਨੂ ਨੇ ਕਿਹਾ ਕਿ ਪੰਜਾਬ ਦੀ ਸੰਗੀਤਕ ਤੇ ਸੱਭਿਆਚਾਰਕ ਪਛਾਣ ਦੇਸ਼ ਹੀ ਨਹੀਂ, ਸਗੋਂ ਦੁਨੀਆ ਭਰ ਵਿੱਚ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ‘ਜਸ਼ਨ-ਏ-ਇਨਕਲਾਬ’ ਰਾਹੀਂ ਪੰਜਾਬ ਦੇ ਸੰਗੀਤ, ਸੱਭਿਆਚਾਰ ਤੇ ਪਰੰਪਰਾਵਾਂ ਦੇ ਵੱਖ-ਵੱਖ ਰੰਗਾਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ‘ਰੰਗਲਾ ਪੰਜਾਬ’ ਦੀ ਰੂਹ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੀ ਹੈ ਤੇ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 28 ਸਤੰਬਰ ਦਾ ਸਮਾਗਮ ਪੰਜਾਬ ਦੇ ਸ਼ਹੀਦਾਂ, ਸੱਭਿਆਚਾਰ ਅਤੇ ਵਿਰਸੇ ਨੂੰ ਯਾਦ ਕਰਨ ਦਾ ਮੌਕਾ ਹੋਵੇਗਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਦੁਪਹਿਰ 3 ਵਜੇ ਆਪਣੇ ਪਰਿਵਾਰਾਂ ਸਮੇਤ ਪੀਏਯੂ ਮੈਦਾਨ ਵਿੱਚ ਪਹੁੰਚ ਕੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਣ ਅਤੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਵਿਰਾਸਤ ਨੂੰ ਯਾਦ ਕਰਨ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਰਾਜੂ ਚਾਵਲਾ ਆਦਿ ਹਾਜ਼ਰ ਸਨ।
-ਬਾਕਸ-
-ਸੁਖਦੇਵ ਤੇ ਰਾਜਗੁਰੂ ਨੂੰ ਵੀ ਕੀਤਾ ਜਾਵੇਗਾ ਯਾਦ
ਪੰਨੂ ਨੇ ਕਿਹਾ ਕਿ ਸਮਾਗਮ ਵਿੱਚ ਸ਼ਹੀਦ ਭਗਤ ਸਿੰਘ ਦੇ ਨਾਲ ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੀ ਕੁਰਬਾਨੀ ਨੂੰ ਵੀ ਯਾਦ ਕੀਤਾ ਜਾਵੇਗਾ। ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਅਤੇ ਪੰਜਾਬ ਦੇ ਸ਼ਹੀਦਾਂ ਦੀ ਵਿਰਾਸਤ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਦਸਤਾਰਧਾਰੀ ਪੰਜਾਬੀਆਂ ਨੂੰ ਪੀਲੀਆਂ ਦਸਤਾਰਾਂ ਸਜਾ ਕੇ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਜਸ਼ਨ-ਏ-ਇਨਕਲਾਬ’ ਰਾਹੀਂ ਪੰਜਾਬ ਦੀ ਪਛਾਣ, ਸੱਭਿਆਚਾਰ ਅਤੇ ਵਿਰਸੇ ਦੇ ਵੱਖ-ਵੱਖ ਰੰਗਾਂ ਨੂੰ ਪੇਸ਼ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
-ਬਾਕਸ-
-ਕੈਬਨਿਟ ਮੰਤਰੀ ਮੁੰਡੀਆਂ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੀਏਯੂ ਦਾ ਦੌਰਾ ਕਰਕੇ ਜਸ਼ਨ ਏ ਇਨਕਲਾਬ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਸਮਾਗਮ ’ਚ ਪੁੱਜ ਕੇ ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਕਰਵਾਉਣ ਦਾ ਮਕਸਦ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂੰ ਕਰਵਾਉਣਾ ਹੈ।
-ਬਾਕਸ-
-‘ਆਪ’ ਯੂਥ ਵਿੰਗ ਸਮਾਗਮ ਨੂੰ ਲੈ ਕੇ ਸਰਗਰਮ
ਇਹ ਸਮਾਗਮ ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਉਪ ਪ੍ਰਧਾਨ ਪਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਸੰਧੂ ਦੀ ਅਗਵਾਈ ਹੇਠ ਪੂਰੀ ਟੀਮ ਪਿਛਲੇ 15 ਦਿਨਾਂ ਤੋਂ ਤਿਆਰੀ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਸੰਧੂ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਅੱਜ ਦੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਦੇ ਆਦਰਸ਼ਾਂ, ਦੇਸ਼ ਭਗਤੀ ਤੇ ਇਨਕਲਾਬੀ ਸੋਚ ਨਾਲ ਜੋੜਨਾ ਹੈ। ਉਨ੍ਹਾਂ ਲੁਧਿਆਣਾ ਤੇ ਪੰਜਾਬ ਭਰ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।