- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹੁਰੇ ਆਏ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

-ਪਰਿਵਾਰ ਨੇ ਡੇਹਲੋਂ ਪੁਲਿਸ ’ਤੇ ਲਾਏ ਢਿੱਲੀ ਕਾਰਵਾਈ ਦੇ ਦੋਸ਼
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਸਾਇਆ ਕਲਾਂ ਵਿਖੇ ਬੀਤੀ 25 ਸਤੰਬਰ ਨੂੰ ਆਪਣੀ ਪਤਨੀ ਨੂੰ ਲੈਣ ਲਈ ਸਹੁਰੇ ਪਰਿਵਾਰ ਕੋਲ ਆਏ ਇੱਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲਣ ਉਪਰੰਤ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਗੱਗੜਪੁਰ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮਨਦੀਪ ਸਿੰਘ ਆਪਣੀ ਪਤਨੀ ਨੂੰ ਲੈਣ ਲਈ ਸਾਇਆ ਕਲਾਂ ਆਇਆ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਘਰੇਲੂ ਕਲੇਸ਼ ਹੋ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਕਲੇਸ਼ ਤੋਂ ਬਾਅਦ ਮਨਦੀਪ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੀ ਹਾਲਤ ਵਿਗੜਨ ’ਤੇ ਉਸ ਨੂੰ ਤੁਰੰਤ ਡੇਹਲੋਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਪਟਿਆਲਾ ਵਿਖੇ ਇਲਾਜ ਦੌਰਾਨ ਮਨਦੀਪ ਸਿੰਘ ਦੀ ਮੌਤ ਹੋ ਗਈ। ਮਨਦੀਪ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਵਿੱਚ ਰੋਸ ਪਾਇਆ ਗਿਆ। ਪਰਿਵਾਰਕ ਮੈਂਬਰਾਂ ਨੇ ਥਾਣਾ ਡੇਹਲੋਂ ਦੀ ਪੁਲਿਸ ’ਤੇ ਮਾਮਲੇ ਵਿਚ ਢਿੱਲੀ ਕਾਰਵਾਈ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਕਥਿਤ ਤੌਰ ’ਤੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਪਿੰਡ ਗੱਗੜਪੁਰ ਤੋਂ ਸਰਪੰਚ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਚਮਕੌਰ ਸਿੰਘ, ਪੰਚ ਗੁਰਲਾਲ ਸਿੰਘ, ਕਿਸਾਨ ਯੂਨੀਅਨ ਆਗੂ ਕੁਲਵੰਤ ਸਿੰਘ, ਪੰਚ ਬਲਜਿੰਦਰ ਸਿੰਘ, ਹਨੀਪਾਲ, ਮਨਦੀਪ ਸਿੰਘ, ਸੁਰਜੀਤ ਸਿੰਘ, ਲਾਲੀ ਮਾਨ, ਸੋਨੀ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਨਿਰਭੈ ਸਿੰਘ, ਜਗਸੀਰ ਸਿੰਘ, ਹਰਦਿਆਲ ਸਿੰਘ, ਬੱਬੂ ਸਿੱਧੂ, ਕੁਲਦੀਪ ਸਿੰਘ, ਗੋਗੀ ਸਿੰਘ ਅਤੇ ਬੰਤ ਸਿੰਘ ਸਮੇਤ ਹੋਰ ਮੌਜੂਦ ਸਨ।
-ਬਾਕਸ-
-ਜਾਂਚ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ : ਐੱਸਐੱਚਓ
ਇਸ ਸਬੰਧੀ ਥਾਣਾ ਡੇਹਲੋਂ ਦੇ ਐਸਐਚਓ. ਗੁਰਮੀਤ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।