- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੈਂਗਸਟਰਾਂ ਖ਼ਿਲਾਫ਼ ਮੁਹਿੰਮ,ਦੋ ਦੇਸੀ ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ

-ਇਕ ਮੁਲਜ਼ਮ ਬਾਈਕ ਸਮੇਤ ਕਾਬੂ, ਪੁਲਿਸ ਨੇ ਅਦਾਲਤ ਤੋਂ ਲਿਆ ਇਕ ਦਿਨ ਦਾ ਰਿਮਾਂਡ
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ
ਗੈਂਗਸਟਰਾਂ ਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਦੇਸੀ ਪਿਸਤੌਲ .32 ਬੋਰ, ਪੰਜ ਜ਼ਿੰਦਾ ਰੌਂਦ ਅਤੇ ਇਕ ਬਿਨਾਂ ਨੰਬਰੀ ਬਾਈਕ ਬਰਾਮਦ ਕੀਤੀ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
ਇਸ ਸਬੰਧੀ ਏਡੀਸੀਪੀ-2 ਕਰਨਵੀਰ ਸਿੰਘ ਨੇ ਦੱਸਿਆ ਕਿ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਕਵਾਲਟੀ ਚੌਂਕ ਤੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਉਸ ਦੀ ਤਲਾਸ਼ੀ ਦੌਰਾਨ ਇੱਕ ਦੇਸੀ ਪਿਸਤੌਲ .32 ਬੋਰ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਹੋਏ। ਮੁਲਜ਼ਮ ਦੀ ਪਛਾਣ ਯੋਗੇਸ਼ ਰਾਵਤ ਉਰਫ਼ ਰੋਹਨ ਪੁੱਤਰ ਪਸੂਰਾਮ, ਵਾਸੀ ਗਲੀ ਨੰਬਰ 3, ਬਾਗੀ ਸਟੈਂਡ, ਨੇੜੇ ਬਾਬਾ ਨੰਦ ਸਿੰਘ ਸਕੂਲ, ਡਾਬਾ, ਲੁਧਿਆਣਾ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸ਼ਿਮਲਾਪੁਰੀ ਵਿੱਚ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ। ਪੁਲਿਸ ਵੱਲੋਂ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਏਡੀਸੀਪੀ ਨੇ ਦੱਸਿਆ ਕਿ ਇਸੇ ਥਾਣੇ ਵਿੱਚ ਦਰਜ ਇੱਕ ਹੋਰ ਮੁਕੱਦਮੇ ਵਿੱਚ ਕਾਰਵਾਈ ਕਰਦਿਆਂ ਇੱਕ ਹੋਰ ਦੇਸੀ ਪਿਸਤੌਲ .32 ਬੋਰ ਸਮੇਤ ਦੋ ਜ਼ਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿੱਚ ਬੀਐੱਨਐੱਸ ਦੀਆਂ ਧਾਰਾਵਾਂ ਦੇ ਨਾਲ ਆਰਮਜ਼ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਅਨੁਸਾਰ ਦੋਵਾਂ ਮਾਮਲਿਆਂ ਵਿੱਚ ਕੁੱਲ ਦੋ ਦੇਸੀ ਪਿਸਤੌਲ .32 ਬੋਰ ਅਤੇ ਪੰਜ ਜ਼ਿੰਦਾ ਰੌਂਦ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਇੱਕ ਕਾਲੇ ਰੰਗ ਦਾ ਬਿਨਾਂ ਨੰਬਰੀ ਸਪਲੈਂਡਰ ਬਾਈਕ ਵੀ ਪੁਲਿਸ ਨੇ ਕਬਜ਼ੇ ਵਿੱਚ ਲਿਆ ਹੈ। ਪੁਲਿਸ ਰਿਕਾਰਡ ਮੁਤਾਬਕ ਗ੍ਰਿਫ਼ਤਾਰ ਯੋਗੇਸ਼ ਰਾਵਤ ਉਰਫ਼ ਰੋਹਨ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਦੋ ਮੁਕੱਦਮੇ ਦਰਜ ਹਨ। ਪੁਲਿਸ ਹੁਣ ਰਿਮਾਂਡ ਦੌਰਾਨ ਉਸ ਤੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਤੇ ਹੋਰ ਸਾਥੀਆਂ ਸਬੰਧੀ ਪੁੱਛਗਿੱਛ ਕਰ ਰਹੀ ਹੈ।