- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਇਆ ਜਾਵੇ-ਰਮੇਸ਼ ਜੋਸ਼ੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਮੇਸ਼ ਜੋਸ਼ੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਭਾਜਪਾ ਸਰਕਾਰ ਦੇ ਪ੍ਰਭਾਵ ਹੇਠ ਕੰਮ ਕਰਨ ਦੇ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਜੋਸ਼ੀ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਕਾਇਮ ਰਹਿਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਸੰਵਿਧਾਨਕ ਜ਼ਿੰਮੇਵਾਰੀ ਅਤੇ ਗਰਿਮਾ ਵਾਲਾ ਹੈ। ਉਨ੍ਹਾਂ ਦੇ ਦੋਸ਼ ਅਨੁਸਾਰ ਗਿਆਨੇਸ਼ ਕੁਮਾਰ ਭਾਜਪਾ ਦੇ ਕਾਰਕੁਨ ਵਾਂਗ ਕੰਮ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਅਗਵਾਈ ਹੇਠ ਹੋਣ ਵਾਲੀਆਂ ਚੋਣਾਂ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਜੋਸ਼ੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਕੇ ਅਹੁਦੇ ’ਤੇ ਰਹਿੰਦਿਆਂ ਕੀਤੇ ਕੰਮਕਾਜ ਦੀ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਪੰਜਾਬ ਵਿੱਚ ਚੱਲ ਰਹੀ ਐਸਆਈਆਰ ਪ੍ਰਕਿਰਿਆ ਤੁਰੰਤ ਰੱਦ ਕਰਕੇ ਪੁਰਾਣੀ ਵੋਟਰ ਸੂਚੀ ਅਨੁਸਾਰ ਚੋਣਾਂ ਦੀ ਤਿਆਰੀ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਨਾਲ ਹੀ ਮਾਮਲਾ ਸਾਹਮਣੇ ਲਿਆਉਣ ਵਾਲੀ ਪੱਤਰਕਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।