- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਮਾਫ਼ੀ ਮੰਗਣ, ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ-ਸ਼ਾਹੀ ਇਮਾਮ ਪੰਜਾਬ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਸ਼ਾਹੀ ਇਮਾਮ ਪੰਜਾਬ ਮੋਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਲੁਧਿਆਣਾ ਵਿਖੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ ਧਰਮ ਸਬੰਧੀ ਕੀਤੀ ਗਈ ਕਥਿਤ ਟਿੱਪਣੀ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਜਾਂ ਧਾਰਮਿਕ ਭਾਵਨਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਨਹੀਂ ਕੀਤੀਆਂ ਜਾਣੀਆਂ ਚਾਹੀਦੀਆਂ। ਸ਼ਾਹੀ ਇਮਾਮ ਪੰਜਾਬ ਨੇ ਕਿਹਾ ਕਿ ਜੇਕਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਕੀਤੀ ਗਈ ਟਿੱਪਣੀ ਨਾਲ ਕਿਸੇ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਸਬੰਧੀ ਸਪੱਸ਼ਟੀਕਰਨ ਦੇਣ ਅਤੇ ਮਾਫ਼ੀ ਮੰਗਣ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਾਫ਼ੀ ਨਾ ਮੰਗੀ ਗਈ ਤਾਂ ਕਾਨੂੰਨੀ ਕਾਰਵਾਈ ਦਾ ਰਾਹ ਅਪਣਾਇਆ ਜਾਵੇਗਾ। ਪੰਜਾਬ ਦੀ ਧਰਤੀ ਹਮੇਸ਼ਾ ਆਪਸੀ ਭਾਈਚਾਰੇ, ਸਾਂਝ ਅਤੇ ਧਾਰਮਿਕ ਸਦਭਾਵਨਾ ਲਈ ਜਾਣੀ ਜਾਂਦੀ ਹੈ। ਵੱਖ-ਵੱਖ ਧਰਮਾਂ ਦੇ ਲੋਕਾਂ ਨੂੰ ਇੱਕ-ਦੂਜੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਧਾਰਮਿਕ ਮੰਚਾਂ ਤੋਂ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ਨਾਲ ਸਮਾਜ ਵਿੱਚ ਤਣਾਅ ਪੈਦਾ ਹੋਣ ਦੀ ਸੰਭਾਵਨਾ ਬਣੇ। ਸ਼ਾਹੀ ਇਮਾਮ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰ ਰਹੇ ਹਨ ਅਤੇ ਜੇਕਰ ਲੋੜ ਪਈ ਤਾਂ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
-ਬਾਕਸ-
-ਅਸੀਂ ਕਿਸੇ ਧਰਮ ਦੇ ਖ਼ਿਲਾਫ਼ ਨਹੀਂ : ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ
ਸ਼ਾਹੀ ਇਮਾਮ ਪੰਜਾਬ ਵੱਲੋਂ ਕਥਾ ਦੌਰਾਨ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ’ਤੇ ਇਤਰਾਜ਼ ਕੀਤੇ ਜਾਣ ਤੋਂ ਬਾਅਦ ਸਪੱਸ਼ਟੀਕਰਨ ਦਿੰਦਿਆਂ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਕਿਹਾ ਕਿ ਉਹ ਕਿਸੇ ਵੀ ਧਰਮ ਦੇ ਖ਼ਿਲਾਫ਼ ਨਹੀਂ ਹਨ ਅਤੇ ਨਾ ਹੀ ਕਦੇ ਹੋਣਗੇ। ਧਾਰਮਿਕ ਕਥਾ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਮਜ਼ਹਬ ਜਾਂ ਧਾਰਮਿਕ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ, ਸਗੋਂ ਆਪਣੀ ਧਾਰਮਿਕ ਪਰੰਪਰਾ, ਸੱਭਿਆਚਾਰ ਅਤੇ ਵਿਰਾਸਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਹ ਖੁਦ ਇੰਗਲੈਂਡ, ਯੂਰਪ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਜਾਂਦੇ ਹਨ ਅਤੇ ਉੱਥੇ ਧਾਰਮਿਕ ਪ੍ਰਵਚਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਵੀ ਉਨ੍ਹਾਂ ਨੂੰ ਧਾਰਮਿਕ ਵਿਚਾਰ ਸਾਂਝੇ ਕਰਨ ਦੇ ਮੌਕੇ ਮਿਲਦੇ ਹਨ ਅਤੇ ਇਸ ਦੌਰਾਨ ਉਹ ਕਿਸੇ ਹੋਰ ਧਰਮ ਦਾ ਵਿਰੋਧ ਨਹੀਂ ਕਰਦੇ। ਪੰਡਿਤ ਸ਼ਾਸਤਰੀ ਨੇ ਕਿਹਾ ਕਿ ਉਹ ਆਪਣੀ ਗੁਰੂ ਪਰੰਪਰਾ ਅਤੇ ਸੱਭਿਆਚਾਰ ਨਾਲ ਜੁੜੇ ਮੁੱਦਿਆਂ ’ਤੇ ਬੋਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਕਿਸੇ ਗੱਲ ਨੂੰ ਕੋਈ ਗਲਤ ਸਮਝਦਾ ਹੈ ਤਾਂ ਉਹ ਆਪਣਾ ਪੱਖ ਸਪੱਸ਼ਟ ਕਰਨ ਲਈ ਹਮੇਸ਼ਾ ਤਿਆਰ ਹਨ। ਉਨ੍ਹਾਂ ਲੋਕਾਂ ਨੂੰ ਆਪਣੀ ਸੰਸਕ੍ਰਿਤੀ ਅਤੇ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੀ ਅਪੀਲ ਵੀ ਕੀਤੀ। ਪੰਜਾਬੀ ਜਾਗਰਣ ਨਾਲ ਗੱਲ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਨੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਦਿੱਤੇ ਸਪੱਸ਼ਟੀਕਰਨ ’ਤੇ ਤਸੱਲੀ ਪ੍ਰਗਟ ਕੀਤੀ ਹੈ।