- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਿਹਤ ਪ੍ਰਤੀ ਜਾਗਰੂਕਤਾ ਕੀਤਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਮਾਂ ਤੇ ਬੱਚੇ ਦੀ ਸਿਹਤ ਨੂੰ ਤਰਜੀਹ ਦਿੰਦਿਆਂ ਮਮਤਾ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਸ਼ਿਮਲਾਪੁਰੀ ਵਿਖੇ ਵਿਸ਼ੇਸ਼ ਸਿਹਤ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਮਾਂ ਦੀ ਸਿਹਤ ਸਿੱਧੇ ਤੌਰ ’ਤੇ ਬੱਚੇ ਦੇ ਸਿਹਤਮੰਦ ਵਿਕਾਸ ਨਾਲ ਜੁੜੀ ਹੋਈ ਹੈ। ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਦੌਰਾਨ ਨਿਯਮਤ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜਣੇਪਾ ਯੋਗ ਸਿਹਤ ਮਾਹਿਰਾਂ ਦੀ ਨਿਗਰਾਨੀ ਹੇਠ ਸਿਹਤ ਸੰਸਥਾ ਵਿੱਚ ਕਰਵਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਸਮੇਂ ਸਿਰ ਜਾਂਚ ਅਤੇ ਸਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਮਿਲਦੀ ਹੈ। ਡਾ. ਕੌਰ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗਰਭਵਤੀਆਂ ਤੇ ਨਵਜੰਮੇ ਬੱਚਿਆਂ ਲਈ ਕਈ ਮਹੱਤਵਪੂਰਨ ਸਿਹਤ ਸਹੂਲਤਾਂ ਮੁਫ਼ਤ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਹਰ ਕਿਸਮ ਦਾ ਜਣੇਪਾ ਮੁਫ਼ਤ ਕੀਤਾ ਜਾਂਦਾ ਹੈ, ਇਸ ਦੇ ਨਾਲ ਮੁਫ਼ਤ ਆਵਾਜਾਈ, ਮੁਫ਼ਤ ਖੁਰਾਕ, ਸਾਰੇ ਲੁੜੀਂਦੇ ਡਾਇਗਨੋਸਟਿਕ ਟੈਸਟ, ਸਕੈਨ ਅਤੇ ਲੋੜ ਪੈਣ ’ਤੇ ਮੁਫ਼ਤ ਖੂਨ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇੱਕ ਸਾਲ ਤੱਕ ਦੇ ਮੁੰਡੇ ਤੇ ਕੁੜੀਆਂ ਦਾ ਇਲਾਜ ਮੁਫ਼ਤ, ਜਦਕਿ ਪੰਜ ਸਾਲ ਤੱਕ ਦੀਆਂ ਲੜਕੀਆਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਗਰਭਵਤੀ ਔਰਤਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮਾਂ ਜਾਂ ਬੱਚੇ ਦੀ ਸਿਹਤ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ਼ ਨਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸਮੇਂ ਸਿਰ ਟੀਕਾਕਰਨ ਬੱਚਿਆਂ ਨੂੰ ਕਈ ਗੰਭੀਰ ਅਤੇ ਰੋਕਥਾਮਯੋਗ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਦੇ ਟੀਕਾਕਰਨ ਕਾਰਡ ਨੂੰ ਸੰਭਾਲ ਕੇ ਰੱਖਣ ਅਤੇ ਸਿਹਤ ਵਿਭਾਗ ਵੱਲੋਂ ਨਿਰਧਾਰਤ ਟੀਕਾਕਰਨ ਸ਼ਡਿਊਲ ਅਨੁਸਾਰ ਸਾਰੇ ਟੀਕੇ ਲਗਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਰਾਜਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ ਅਤੇ ਗੀਤਾਂਸ਼ੂ ਅਗਰਵਾਲ ਨੇ ਕਿਹਾ ਕਿ ਸਿਹਤਮੰਦ ਮਾਂ ਤੋਂ ਹੀ ਸਿਹਤਮੰਦ ਪੀੜ੍ਹੀ ਦੀ ਨੀਂਹ ਰੱਖੀ ਜਾਂਦੀ ਹੈ।