- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰੀ ਸੀਜ਼ਨ ’ਚ ਲੁਧਿਆਣਾ ਦੀ ਸਫ਼ਾਈ ਨੂੰ ਲੈਕੇ ਨਗਰ ਨਿਗਮ ਸਖ਼ਤ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਨਗਰ ਨਿਗਮ ਨੇ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਲੁਧਿਆਣਾ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਮਰ ਕੱਸ ਲਈ ਹੈ। ‘ਮਿਸ਼ਨ ਕਲੀਨ ਪੰਜਾਬ’ ਤਹਿਤ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੇ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਸ਼ਹਿਰ ਵਿੱਚ ਸਫ਼ਾਈ ਅਤੇ ਕੂੜਾ ਚੁੱਕਣ ਦੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਅੱਜ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਫੀਲਡ ਵਿੱਚ ਜਾ ਕੇ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ। ਬਾਜ਼ਾਰਾਂ ਤੇ ਹੋਰ ਜਨਤਕ ਥਾਵਾਂ ’ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੂੰ ਸ਼ਹਿਰ ਵਿੱਚੋਂ ਕੂੜੇ ਦੀ ਲਗਾਤਾਰ ਲਿਫਟਿੰਗ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ ’ਤੇ ਸਬੰਧਤ ਅਧਿਕਾਰੀ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਚਿਤਾਵਨੀ ਦਿੱਤੀ। ਤਿਉਹਾਰੀ ਸੀਜ਼ਨ ਦੌਰਾਨ ਕੂੜੇ ਦੀ ਮਾਤਰਾ ਵਧਣ ਦੇ ਮੱਦੇਨਜ਼ਰ ਪਹਿਲਾਂ ਹੀ ਲੁੜੀਂਦੇ ਪ੍ਰਬੰਧ ਕਰਨ ਅਤੇ ਜ਼ਰੂਰਤ ਪੈਣ ’ਤੇ ਵਾਧੂ ਮਸ਼ੀਨਰੀ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ। ਮੇਅਰ ਇੰਦਰਜੀਤ ਕੌਰ ਤੇ ਕਮਿਸ਼ਨਰ ਓਜਸਵੀ ਅਲੰਕਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ਦੀ ਸਫ਼ਾਈ ਨੂੰ ਮੁੱਖ ਤਰਜੀਹਾਂ ਵਿੱਚ ਸ਼ਾਮਲ ਕੀਤਾ ਹੈ। ਠੋਸ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਭਵਿੱਖ ’ਚ ਅਚਾਨਕ ਜਾਂਚ ਵੀ ਕੀਤੀ ਜਾਵੇਗੀ। ਜੇਕਰ ਫੀਲਡ ਪੱਧਰ ’ਤੇ ਕਿਸੇ ਤਰ੍ਹਾਂ ਦੀ ਖਾਮੀ ਜਾਂ ਲਾਪਰਵਾਹੀ ਮਿਲੀ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੇਅਰ ਇੰਦਰਜੀਤ ਕੌਰ ਨੇ ਬੀਐਂਡਆਰ. ਬ੍ਰਾਂਚ ਅਤੇ ਓਐਂਡਐੱਮ. ਸੈੱਲ ਦੇ ਸੁਪਰਿੰਟੈਂਡਿੰਗ ਇੰਜੀਨੀਅਰਾਂ ਨਾਲ ਵੀ ਮੀਟਿੰਗ ਕੀਤੀ। ਇਸ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਅਤੇ ਬਕਾਇਆ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਮੇਅਰ ਵੱਲੋਂ ਅਧਿਕਾਰੀਆਂ ਨੂੰ ਬਕਾਇਆ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।