- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੋਮਣੀ ਅਕਾਲੀ ਦਲ ਨੂੰ ਸਿਆਸੀ ਹੁਲਾਰਾ, ਮਨਿੰਦਰ ਬੱਗਾ ਦੀ ਅਗਵਾਈ ਹੇਠ ਵੱਡੀ ਗਿਣਤੀ ਸਾਥੀ ਪਾਰਟੀ ’ਚ ਸ਼ਾਮਲ

-ਢਿੱਲੋਂ ਨੇ ਸਵਾਗਤ ਦੌਰਾਨ ਕਿਹਾ, ਪਾਰਟੀ ’ਚ ਹਰ ਸਾਥੀ ਨੂੰ ਮਿਲੇਗਾ ਮਾਣ-ਸਨਮਾਨ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਹੁਲਾਰਾ ਮਿਲਿਆ, ਜਦੋਂ ‘ਆਪ’ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਨਿੰਦਰ ਬੱਗਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ, ਹਲਕਾ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕਰਦਿਆਂ ਢਿੱਲੋਂ ਨੇ ਉਨ੍ਹਾਂ ਨੂੰ ਨਿੱਘਾ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਾ ਹਰ ਸਾਥੀ ਅਕਾਲੀ ਪਰਿਵਾਰ ਦਾ ਅਹਿਮ ਹਿੱਸਾ ਹੈ। ਪਾਰਟੀ ਵੱਲੋਂ ਸਾਰੇ ਸਾਥੀਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਤੇ ਲੋੜਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਸ਼੍ਰੋਮਣੀ ਅਕਾਲੀ ਦਲ ਦੀ ਆਪਣੀ ਵਿਲੱਖਣ ਭੂਮਿਕਾ ਰਹੀ ਹੈ। ਪਾਰਟੀ ਪੰਜਾਬ ਦੇ ਹਿੱਤਾਂ, ਪੰਜਾਬੀਅਤ ਅਤੇ ਲੋਕਾਂ ਦੇ ਮੁੱਦਿਆਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੀ ਹੈ। ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਾਥੀਆਂ ਨੇ ਕਿਹਾ ਕਿ ‘ਆਪ’ ਨੇ ਇਨਕਲਾਬ ਦੇ ਨਾਅਰੇ ਲਾ ਕੇ ਪੰਜਾਬ ਦੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋਣ ਕਾਰਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਢਿੱਲੋਂ ਨੇ ਨਵੇਂ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਦੀ ਆਵਾਜ਼ ਨੂੰ ਪੂਰੀ ਤਵੱਜੋ ਦਿੱਤੀ ਜਾਵੇਗੀ ਤੇ ਭਵਿੱਖ ’ਚ ਉਨ੍ਹਾਂ ਨੂੰ ਪਾਰਟੀ ਦੀਆਂ ਸਰਗਰਮੀਆਂ ’ਚ ਸਰਗਰਮ ਭੂਮਿਕਾ ਨਿਭਾਉਣ ਦੇ ਮੌਕੇ ਦਿੱਤੇ ਜਾਣਗੇ।