- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਗਿੱਲ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਨਿਯੁਕਤੀ ’ਤੇ ਕਾਂਗਰਸੀ ਆਗੂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ, ਇੰਦਰਜੀਤ ਸਿੰਘ ਗਿੱਲ ਪ੍ਰਧਾਨ ਕਿਸਾਨ ਸੈੱਲ ਹਲਕਾ ਗਿੱਲ, ਹਰਜੋਤ ਗਰੇਵਾਲ ਯੂਥ ਕਾਂਗਰਸ ਪ੍ਰਧਾਨ ਹਲਕਾ ਗਿੱਲ, ਪਰਮਿੰਦਰ ਸਿੰਘ ਗਾਬੀ ਮੀਡੀਆ ਇੰਚਾਰਜ, ਜ਼ਿਲ੍ਹਾ ਕਾਂਗਰਸ ਕਮੇਟੀ, ਜਿਲਾ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਇੰਚਾਰਜ ਪਰਮਜੀਤ ਸਿੰਘ ਪੰਮਾ ਜੱਸੋਵਾਲ ਅਤੇ ਸਾਬਕਾ ਸਰਪੰਚ ਰਵਦੀਪ ਸਿੰਘ ਬਿੱਟੂ ਨੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਗਿੱਲ ਅੰਦਰ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਨਿੱਤਰੇਗੀ। ਜਿਸ ਤਰ੍ਹਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਨੇ ਪੰਜਾਬ ਕਾਂਗਰਸ ਦੇ ਨੌਜਵਾਨਾਂ ’ਚ ਭਾਰੀ ਜੋਸ਼ ਭਰਿਆ ਸੀ, ਠੀਕ ਉਸੇ ਤਰ੍ਹਾਂ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਵੀ ਪਾਰਟੀ ਨੂੰ ਹੋਰ ਅੱਗੇ ਲਿਜਾਣ ’ਚ ਸਫ਼ਲ ਰਹਿਣਗੇ। ਆਗੂਆਂ ਨੇ ਦਾਅਵਾ ਕੀਤਾ ਕਿ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਇੱਕ ਵਰਕਰ ਅੰਦਰ ਚੋਣਾਂ ਨੂੰ ਲੈ ਕੇ ਨਵਾਂ ਜੋਸ਼ ਦੇਖਣ ਨੂੰ ਮਿਲੇਗਾ। ਪੰਜਾਬ ਦੇ ਲੋਕ ਮੌਜੂਦਾ ਲੋਟੂ ਟੋਲਿਆਂ ਦੀਆਂ ਸਰਕਾਰਾਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਸਰਕਾਰਾਂ ਨੂੰ ਚਲਦਾ ਕਰਕੇ ਪੰਜਾਬ ਅੰਦਰ ਮੁੜ ਕਾਂਗਰਸ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਈ ਜਾਵੇਗੀ।