- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਲੁਧਿਆਣਾ ਇਕਾਈ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ ਅਤੇ ਡਾ. ਡੀਐੱਨ ਕੋਟਨਿਸ ਐਕਿਊਪੰਕਚਰ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਘੁਬੀਰ ਸਿੰਘ ਅਤੇ ਡਾ. ਅਜੈਪਾਲ ਸਿੰਘ ਥਿੰਦ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਛਾਪਾ ਨੇ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਯਤਨਾਂ ਲਈ ਧੰਨਵਾਦ ਤੇ ਸ਼ਲਾਘਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੀ ਇਸ ਮੁਹਿੰਮ ਵਿੱਚ ਸਮਾਜਿਕ ਸੰਸਥਾਵਾਂ ਵੀ ਪੂਰੀ ਤਰ੍ਹਾਂ ਸਹਿਯੋਗ ਕਰਨ ਲਈ ਤਿਆਰ ਹਨ। ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਖਾਸ ਤੌਰ ’ਤੇ ਸਿੰਥੈਟਿਕ ਨਸ਼ਿਆਂ ਦੀ ਚੁਣੌਤੀ ਨਾਲ ਨਜਿੱਠਣ ਲਈ ਨਸ਼ਾਮੁਕਤੀ ਕੇਂਦਰਾਂ ਵਿੱਚ ਵਿਗਿਆਨਕ ਅਤੇ ਮੈਡੀਕਲ ਪਹੁੰਚ ਆਧਾਰਿਤ ਇਲਾਜ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
ਉਨ੍ਹਾਂ ਸੁਝਾਅ ਦਿੱਤਾ ਕਿ ਮਰੀਜ਼ ਦੀ ਸਥਿਤੀ ਤੇ ਨਸ਼ੇ ਦੀ ਕਿਸਮ ਦੇ ਅਨੁਸਾਰ ਮੈਡੀਕਲ ਇਲਾਜ, ਕੌਂਸਲਿੰਗ, ਐਕਿਊਪੰਕਚਰ, ਮੋਕਸੀਬਸ਼ਨ, ਮਾਨਸਿਕ ਸਿਹਤ ਸਹਾਇਤਾ ਤੇ ਪੁਨਰਵਾਸ ਨੂੰ ਇਕੱਠੇ ਤੌਰ ’ਤੇ ਅਪਣਾਇਆ ਜਾ ਸਕਦਾ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਕਿ ਨਸ਼ਾਮੁਕਤੀ ਤੇ ਇਲਾਜ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਐੱਨਡੀਪੀਐੱਸ ਐਕਟ ’ਚ ਲੁੜੀਂਦੀਆਂ ਸੋਧਾਂ ਸਬੰਧੀ ਲਗਭਗ ਡੇਢ ਸਾਲ ਪਹਿਲਾਂ ਸਿਹਤ ਮੰਤਰੀ ਨੂੰ ਇੱਕ ਪੱਤਰ ਤੇ ਸੁਝਾਅ ਭੇਜੇ ਗਏ ਸਨ। ਜਸਵੰਤ ਸਿੰਘ ਛਾਪਾ ਤੇ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਰਕਾਰ, ਸਿਹਤ ਮਾਹਿਰਾਂ ਅਤੇ ਸਮਾਜਿਕ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੀ ਦਿਸ਼ਾ ਵਿੱਚ ਹੋਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣਗੇ।