- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਸਿੱਖਿਆ ਕ੍ਰਾਂਤੀ' ਦੇ ਦਾਅਵਿਆਂ ਦੀ ਪੋਲ ਖੁੱਲਣ ਤੋਂ ਬਾਅਦ ਸਿਆਸੀ ਪਾਰਾ ਗਰਮਾਇਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਬੀਤੇ ਦਿਨੀ ਮੌੜ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮੈਸਰਖਾਨਾ ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣੀ ਹੀ ਸਰਕਾਰ ਦੇ 'ਸਿੱਖਿਆ ਕ੍ਰਾਂਤੀ' ਦੇ ਦਾਅਵਿਆਂ ਦੀ ਪੋਲ ਖੋਲ੍ਹਣ ਤੋਂ ਬਾਅਦ ਸਿਆਸੀ ਪਾਰਾ ਗਰਮਾ ਗਿਆ ਹੈ। ਇਸ ਮੁੱਦੇ 'ਤੇ ਬਲਾਕ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ ਗੁਰਜੀਤ ਸਿੰਘ ਰੰਗੀ ਨੇ ਸਰਕਾਰ ਨੂੰ ਤਿੱਖੇ ਹੱਥੀਂ ਲਿਆ। ਨੋਨੀ ਸੀਲੋ ਅਤੇ ਗੁਰਜੀਤ ਸਿੰਘ ਰੰਗੀ ਨੇ ਆਖਿਆ ਕਿ ਕਾਂਗਰਸ ਪਾਰਟੀ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਦੀ ਇਸ ਝੂਠੀ 'ਸਿੱਖਿਆ ਕ੍ਰਾਂਤੀ' ਦਾ ਪਰਦਾਫਾਸ਼ ਕਰਦੀ ਆ ਰਹੀ ਹੈ, ਪਰ ਹੁਣ ਤਾਂ ਸਰਕਾਰ ਦੇ ਆਪਣੇ ਹੀ ਵਿਧਾਇਕ ਆਪਣੀ ਸਰਕਾਰ ਦੇ ਦਾਅਵਿਆਂ ਦੀਆਂ ਧੱਜੀਆਂ ਉਡਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਇੱਕ ਹਲਕਾ ਵਿਧਾਇਕ ਦੇ ਆਪਣੇ ਪਿੰਡ ਦੇ ਸਕੂਲ ਵਿੱਚ ਹੀ ਅਧਿਆਪਕ ਪੂਰੇ ਨਹੀਂ ਹਨ, ਤਾਂ ਬਾਕੀ ਪੰਜਾਬ ਦੇ ਸਕੂਲਾਂ ਦੇ ਹਾਲਾਤ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਸਕੂਲਾਂ ਵਿੱਚ ਯੋਗ ਅਧਿਆਪਕਾਂ ਦਾ ਹੋਣਾ ਲਾਜ਼ਮੀ ਹੈ, ਤਾਂ ਜੋ ਬੱਚਿਆਂ ਨੂੰ ਸਹੀ ਤੇ ਗੁਣਵੱਤਾਪੂਰਨ ਸਿੱਖਿਆ ਮਿਲ ਸਕੇ। ਉਨ੍ਹਾਂ ਦੱਸਿਆ ਕਿ ਵਿਧਾਇਕ ਮੈਸਰਖਾਨਾ ਦੇ ਲਾਈਵ ਹੋਣ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਆਪਣੇ ਹੀ ਪਿੰਡ ਦੀ ਪੰਚਾਇਤ ਨੇ ਸਕੂਲ ਨੂੰ ਤਾਲਾ ਜੜ ਦਿੱਤਾ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਉੱਥੇ ਅਧਿਆਪਕਾਂ ਦੀ ਭਾਰੀ ਘਾਟ ਹੈ ਅਤੇ ਨਾਂ ਮਾਤਰ ਹੀ ਸਟਾਫ਼ ਤਾਇਨਾਤ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਹੈ ਕਿ ਸਕੂਲਾਂ ਵਿੱਚ ਰੰਗ-ਰੋਗਨ ਦੇ ਡਰਾਮੇ ਛੱਡ ਕੇ ਤੁਰੰਤ ਖਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਜਾਣ।