ਬਿਜਲੀ ਦੇ ਖੰਭੇ ’ਚ ਵੱਜੀ ਬੱਚਿਆਂ ਨਾਲ ਭਰੀ ਸਕੂਲ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਈ ਬੱਚਿਆਂ ਨਾਲ ਭਰੀ ਸਕੂਲ ਬੱਸ
Publish Date: Tue, 06 Oct 2026 07:52 PM (IST)
Updated Date: Wed, 07 Oct 2026 04:11 AM (IST)
-ਤਾਰਾਂ ਬੱਸ ’ਤੇ ਡਿੱਗਣ ਨਾਲ ਮਚੀ ਹਫ਼ੜਾ-ਦਫ਼ੜੀ, ਜਾਨੀ ਬਚਾਅ ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ ਇੱਥੋਂ ਦੇ ਭੋਰਾ ਇਲਾਕੇ ਦੇ ਵਰਿੰਦਰ ਨਗਰ ’ਚ ਮੰਗਲਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਿਜਲੀ ਦਾ ਖੰਭਾ ਟੁੱਟ ਗਿਆ ਤੇ ਬਿਜਲੀ ਦੀਆਂ ਤਾਰਾਂ ਬੱਸ ’ਤੇ ਡਿੱਗੀਆਂ। ਹਾਦਸੇ ਤੋਂ ਬਾਅਦ ਬੱਸ ’ਚ ਸਵਾਰ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕੇ ਵਰਗੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਤੇ ਇਲਾਕਾ ਨਿਵਾਸੀ ਤੁਰੰਤ ਮੌਕੇ ’ਤੇ ਇਕੱਠੇ ਹੋ ਗਏ। ਬਿਜਲੀ ਦੀਆਂ ਤਾਰਾਂ ਬੱਸ ’ਤੇ ਡਿੱਗੀਆਂ ਹੋਣ ਦੇ ਬਾਵਜੂਦ ਲੋਕਾਂ ਨੇ ਸਾਵਧਾਨੀ ਨਾਲ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਸਮਾਜ ਸੇਵੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੱਸ ’ਚ ਕਰੀਬ 20 ਤੋਂ 21 ਬੱਚੇ ਸਵਾਰ ਸਨ, ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢ ਲਿਆ ਗਿਆ। ਹਾਦਸੇ ਵਿੱਚ ਕਈ ਬੱਚਿਆਂ ਦੇ ਸੱਟਾਂ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕੁਝ ਬੱਚਿਆਂ ਨੂੰ ਗੁੱਝੀਆਂ ਸੱਟਾਂ ਲੱਗਣ ਦੀ ਵੀ ਗੱਲ ਕਹੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਬੱਚਿਆਂ ਦੇ ਮਾਪੇ ਮੌਕੇ ’ਤੇ ਪੁੱਜੇ ਤੇ ਆਪਣੇ ਬੱਚਿਆਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਲੈ ਗਏ। ਇਲਾਕਾ ਨਿਵਾਸੀਆਂ ਨੇ ਦੋਸ਼ ਲਾਇਆ ਕਿ ਬੱਸ ਚਾਲਕ ਦੀ ਕਥਿਤ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ। ਲੋਕਾਂ ਮੁਤਾਬਕ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਭੱਜ ਗਿਆ। ਲੋਕਾਂ ਨੇ ਸਕੂਲ ਬੱਸਾਂ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। -ਜੇਈ ਵਰਿੰਦਰ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਕੀਤੀ ਜਾਂਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਵਰਕਾਮ ਦੇ ਜੇਈ ਵਰਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਬੱਸ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਹਾਦਸੇ ਕਾਰਨ ਬਿਜਲੀ ਦਾ ਖੰਭਾ ਟੁੱਟਣ ਦੇ ਨਾਲ-ਨਾਲ ਤਾਰਾਂ ਅਤੇ ਬਿਜਲੀ ਦੇ ਹੋਰ ਸਾਮਾਨ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਵਰਕਾਮ ਵੱਲੋਂ ਥਾਣਾ ਸਲੇਮ ਟਾਬਰੀ ਵਿੱਚ ਸ਼ਿਕਾਇਤ ਵੀ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਨਾਲ ਸਬੰਧਤ ਤੱਥਾਂ ਤੇ ਬਿਆਨਾਂ ਦੀ ਜਾਂਚ ਤੋਂ ਬਾਅਦ ਜਲਦ ਹੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। -ਸਕੂਲ ਬੱਸਾਂ ਦੀ ਜਾਂਚ ਕਰਵਾਉਣ ਦੀ ਮੰਗ : ਅਸ਼ੋਕ ਕੁਮਾਰ ਸਮਾਜ ਸੇਵੀ ਅਸ਼ੋਕ ਕੁਮਾਰ ਨੇ ਕਿਹਾ ਕਿ ਸਕੂਲ ਬੱਸਾਂ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਕਥਿਤ ਲਾਪਰਵਾਹੀ ਨਾਲ ਵਾਹਨ ਚਲਾਉਣ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਮਾਸੂਮ ਬੱਚਿਆਂ ਦੀ ਜ਼ਿੰਦਗੀ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਜਲਦ ਹੀ ਪ੍ਰਸ਼ਾਸਨ ਨੂੰ ਸ਼ਿਕਾਇਤ ਦੇ ਕੇ ਸਕੂਲ ਬੱਸਾਂ ਦੀ ਜਾਂਚ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਮੰਗ ਕੀਤੀ ਜਾਵੇਗੀ।