- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਪੁਲਿਸ ਦਾ ਨਸ਼ਾ ਤਸਕਰਾਂ ’ਤੇ ਵੱਡਾ ਵਾਰ, ਇਕ ਦਿਨ ’ਚ 11 ਗ੍ਰਿਫ਼ਤਾਰ

-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 10 ਕੇਸ ਦਰਜ, ਤਲਾਸ਼ੀ ਤੋਂ ਲੈ ਕੇ ਕੈਮਿਸਟਾਂ ਦੀ ਜਾਂਚ ਤੱਕ ਕੀਤੀ ਕਾਰਵਾਈ
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ
ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਪੈਡਲਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕੋ ਦਿਨ ਵਿੱਚ ਨਸ਼ਿਆਂ ਨਾਲ ਸਬੰਧਤ 10 ਮੁਕੱਦਮੇ ਦਰਜ ਕਰਕੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਤਲਾਸ਼ੀ ਮੁਹਿੰਮ, ਕੈਮਿਸਟਾਂ ਦੀ ਜਾਂਚ, ਸਕੂਲਾਂ ’ਚ ਜਾਗਰੂਕਤਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ। ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇਕ ਦਿਨ ਵਿੱਚ ਨਸ਼ੀਲੇ ਪਦਾਰਥਾਂ ਸਬੰਧੀ ਕਾਨੂੰਨ ਅਧੀਨ 10 ਕੇਸ ਦਰਜ ਕਰਕੇ 11 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਸ਼ਿਆਂ ਖ਼ਿਲਾਫ਼ ਕਾਰਵਾਈ ਦੇ ਨਾਲ ਪੁਲਿਸ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਸਾਂਝ ਸਟਾਫ਼ ਵੱਲੋਂ ਪੁਲਿਸ ਡਿਵੀਜ਼ਨ ਨੰਬਰ-1 ਦੇ ਥਾਣਾ ਮੁਖੀ ਅਤੇ ਕੇਂਦਰੀ ਸਹਾਇਕ ਪੁਲਿਸ ਕਮਿਸ਼ਨਰ ਦੇ ਸਹਿਯੋਗ ਨਾਲ ਸਕੂਲ ਵਿੱਚ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਤੇ ਨਸ਼ਾਮੁਕਤ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਆਵਾਜਾਈ ਸਿੱਖਿਆ ਸੈੱਲ ਵੱਲੋਂ ਵੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸੜਕ ਸੁਰੱਖਿਆ ਨਿਯਮਾਂ ਤੇ ਨਸ਼ਿਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੰਪਰਕ ਵਿੱਚ ਆਉਣ ਤੋਂ ਬਚਣ ਤੇ ਨਸ਼ਿਆਂ ਦੀ ਪੇਸ਼ਕਸ਼ ਹੋਣ ’ਤੇ ਉਸ ਦਾ ਵਿਰੋਧ ਕਰਨ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ।
-ਬਾਕਸ-
-ਰੇਲਵੇ ਸਟੇਸ਼ਨ ਇਲਾਕੇ ਵਿੱਚ ਤਲਾਸ਼ੀ ਮੁਹਿੰਮ
ਥਾਣਾ-1 ਦੇ ਅਧਿਕਾਰ ਖੇਤਰ ਅਧੀਨ ਰੇਲਵੇ ਸਟੇਸ਼ਨ ਇਲਾਕੇ ਵਿੱਚ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਇਲਾਕੇ ਦੀ ਸੁਰੱਖਿਆ ਮਜ਼ਬੂਤ ਕਰਨ ਦੇ ਨਾਲ ਸ਼ੱਕੀ ਵਿਅਕਤੀਆਂ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ। ਇਸੇ ਤਰ੍ਹਾਂ ਸ਼ਹਿਰ ਦੇ ਵੱਖ-ਵੱਖ ਜਨਤਕ ਸਥਾਨਾਂ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਡੀਸੀਪੀ ਸਿਟੀ ਆਲਮ ਵਿਜੇ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਬਲ ਨਾਲ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਵੱਲੋਂ ਇਨ੍ਹਾਂ ਇਲਾਕਿਆਂ ’ਚ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਦੇ ਨਾਲ ਅਪਰਾਧਿਕ ਤੱਤਾਂ ’ਤੇ ਸ਼ਿਕੰਜਾ ਕੱਸਣ ਲਈ ਵੀ ਕਾਰਵਾਈ ਕੀਤੀ।
-ਬਾਕਸ-
-ਪਿੰਡ ਬੈਂਸ ’ਚ ਲੋਕਾਂ ਨਾਲ ਸਿੱਧਾ ਸੰਵਾਦ
ਸਰਾਭਾ ਨਗਰ ਥਾਣੇ ਦੇ ਅਧਿਕਾਰ ਖੇਤਰ ਅਧੀਨ ਪਿੰਡ ਬੈਂਸ ਵਿੱਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪਿੰਡ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਕੇ ਇਲਾਕੇ ਦੀ ਸੁਰੱਖਿਆ ਨਾਲ ਸਬੰਧਿਤ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਜਾਂ ਕਿਸੇ ਹੋਰ ਅਪਰਾਧਿਕ ਗਤੀਵਿਧੀ ਬਾਰੇ ਪੁਲਿਸ ਨੂੰ ਤੁਰੰਤ ਜਾਣਕਾਰੀ ਦੇਣ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
-ਕਿਲ੍ਹਾ ਮੁਹੱਲਾ ਵਿੱਚ ਕੈਮਿਸਟਾਂ ਦੀ ਅਚਾਨਕ ਜਾਂਚ
ਥਾਣਾ-4 ਦੇ ਅਧਿਕਾਰ ਖੇਤਰ ਅਧੀਨ ਕਿਲਾ ਮੁਹੱਲਾ ਵਿੱਚ ਪੁਲਿਸ ਵੱਲੋਂ ਕੈਮਿਸਟਾਂ ਤੇ ਦਵਾਈਆਂ ਦੀਆਂ ਦੁਕਾਨਾਂ ਦੀ ਅਚਾਨਕ ਜਾਂਚ ਕੀਤੀ। ਇਸ ਦੌਰਾਨ ਦਵਾਈਆਂ ਦੀ ਵਿਕਰੀ ਨਾਲ ਸਬੰਧਤ ਰਿਕਾਰਡ ਅਤੇ ਨਿਯੰਤਰਿਤ ਦਵਾਈਆਂ ਦੀ ਬਾਰੀਕੀ ਨਾਲ ਜਾਂਚ ਕੀਤੀ, ਤਾਂ ਜੋ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ਨੂੰ ਰੋਕਿਆ ਜਾ ਸਕੇ। ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ’ਚ ਲੋਕਾਂ ਨਾਲ ਗੱਲਬਾਤ ਕਰਕੇ ਸਥਾਨਕ ਸੁਰੱਖਿਆ ਸਮੱਸਿਆਵਾਂ ਬਾਰੇ ਜਾਣਕਾਰੀ ਵੀ ਲਈ ਗਈ। ਪੁਲਿਸ ਅਤੇ ਲੋਕਾਂ ਵਿਚਕਾਰ ਆਪਸੀ ਭਰੋਸਾ ਅਤੇ ਸਹਿਯੋਗ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਪੁਲਿਸ ਨਸ਼ਾ ਤਸਕਰੀ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ ਲੋਕਾਂ ਦੀ ਭਾਗੀਦਾਰੀ ਤੇ ਜਾਗਰੂਕਤਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਲੁਧਿਆਣਾ ਨੂੰ ਨਸ਼ਾ-ਮੁਕਤ ਸ਼ਹਿਰ ਬਣਾਉਣ ਲਈ ਪੁਲਿਸ ਦੀ ਇਹ ਮੁਹਿੰਮ ਜਾਰੀ ਰਹੇਗੀ।