- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਵੱਲੋਂ ਮੀਟਿੰਗ ਲਈ ਬੁਲਾਉਣ ਉਪਰੰਤ ਕਿਸਾਨਾਂ ਨੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਸਮਾਪਤ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਲੁਧਿਆਣਾ ਦੇ ਘਿਰਾਓ ਦੇ ਦੂਜੇ ਦਿਨ ਪੰਜਾਬ ਸਰਕਾਰ ਵੱਲੋਂ ਯੂਨੀਅਨ ਨਾਲ 13 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਬੁਲਾਏ ਜਾਣ ਦਾ ਐਲਾਨ ਕੀਤਾ ਗਿਆ। ਇਸ ਤੋਂ ਬਾਅਦ ਜਥੇਬੰਦੀ ਨੇ ਡੀਸੀ ਦਫ਼ਤਰ ਦਾ ਘਿਰਾਓ ਸਮਾਪਤ ਕਰ ਦਿੱਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਕਿਸਾਨ ਮੰਗਾਂ ਨੂੰ ਲੈ ਕੇ ਪਹਿਲਾਂ ਵੀ 16 ਦਿਨ ਲਗਾਤਾਰ ਡੀਸੀ ਦਫ਼ਤਰ ਦੇ ਬਾਹਰ ਧਰਨਾ ਦੇ ਚੁੱਕੇ ਹਨ, ਪਰ ਉਸ ਸਮੇਂ ਸਰਕਾਰ ਵੱਲੋਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਪੰਜ ਅਕਤੂਬਰ ਤੋਂ ਮੁੜ ਡੀਸੀ ਦਫ਼ਤਰ ਦਾ ਘਿਰਾਓ ਸ਼ੁਰੂ ਕੀਤਾ। ਆਗੂਆਂ ਨੇ ਦੱਸਿਆ ਕਿ ਬੀਤੇ ਦਿਨ ਮਹਿਲਾ ਕਿਸਾਨਾਂ ਵੱਲੋਂ ਡੀਸੀ ਦੀ ਰਿਹਾਇਸ਼ ਨੇੜੇ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਵੀ ਕੀਤਾ ਸੀ। ਯੂਨੀਅਨ ਵੱਲੋਂ ਸਰਕਾਰ ਅੱਗੇ ਅਮਰੀਕਾ ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਾ ਰੱਦ ਕਰਨ, ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕਰਨ, ਨਵੀਂ ਲੈਂਡ ਪੂਲਿੰਗ ਨੀਤੀ ਰੱਦ ਕਰਨ, ਕਿਸਾਨਾਂ-ਮਜ਼ਦੂਰਾਂ ਵਿਰੁੱਧ ਦਰਜ ਕੇਸ ਵਾਪਸ ਲੈਣ, ਬੀਜ ਬਿੱਲ ਅਤੇ ਬਿਜਲੀ ਬਿੱਲ ਰੱਦ ਕਰਨ ਸਮੇਤ ਕਈ ਮੰਗਾਂ ਰੱਖੀਆਂ ਹਨ। ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ, ਕਾਰਪੋਰੇਟਾਂ ’ਤੇ ਟੈਕਸ ਵਧਾਉਣ ਤੇ ਗਰੀਬ ਵਰਗ ’ਤੇ ਟੈਕਸ ਦਾ ਬੋਝ ਘਟਾਉਣ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ 13 ਅਕਤੂਬਰ ਨੂੰ ਦੁਪਹਿਰ 12:30 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ’ਤੇ ਕੋਈ ਠੋਸ ਹੱਲ ਨਾ ਨਿਕਲਿਆ, ਤਾਂ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮੀਤ ਪ੍ਰਧਾਨ ਮਨੋਹਰ ਸਿੰਘ ਕਲਾਹੜ, ਜਗਮੀਤ ਸਿੰਘ ਕਲਾਹੜ, ਬਲਵੰਤ ਸਿੰਘ ਘੁਡਾਣੀ, ਜਸਬੀਰ ਸਿੰਘ ਖਟੜਾ, ਨਾਜਰ ਸਿੰਘ ਸਿਆੜ, ਹਾਕਮ ਸਿੰਘ ਜਰਗ, ਜਸਵੰਤ ਸਿੰਘ ਭੱਟੀਆਂ ਅਤੇ ਮਨਜੀਤ ਸਿੰਘ ਬੁਢੇਲ ਨੇ ਸੰਬੋਧਨ ਕੀਤਾ।