- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਗਤ ਸਿੰਘ ਨਗਰ ’ਚ ਸਵੱਛਤਾ ਮੁਹਿੰਮ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ : ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਸ਼ਹਿਰ ਭਰ ਵਿੱਚ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਉਣ ਅਤੇ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਜਾਗਰੂਕਤਾ ਫੈਲਾਉਣ ਦੇ ਦਾਅਵਿਆਂ ਦਰਮਿਆਨ ਵਾਰਡ ਨੰਬਰ 56 ਵਿੱਚ ਪਾਰਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਸਥਾਨਕ ਲੋਕਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਸਾਬਕਾ ਕੌਂਸਲਰ ਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਰਵਿੰਦਰ ਪਾਲ ਸਿੰਘ ਖਾਲਸਾ ਨੇ ਸੱਤਾਧਾਰੀ ‘ਆਪ’ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਪਾਸੇ ਸਵੱਛਤਾ ਮੁਹਿੰਮ ਚਲਾਈ ਜਾ ਰਹੀ ਹੈ, ਜਦਕਿ ਦੂਜੇ ਪਾਸੇ ਵਾਰਡ ਦੇ ਪਾਰਕਾਂ ਦੀ ਹਾਲਤ ਇਨ੍ਹਾਂ ਦਾਅਵਿਆਂ ’ਤੇ ਉਲਟ ਨਜ਼ਰ ਆ ਰਹੀ ਹੈ। ਸਾਬਕਾ ਕੌਂਸਲਰ ਖਾਲਸਾ ਨੇ ਕਿਹਾ ਕਿ ਵਾਰਡ ਵਿੱਚ ‘ਆਪ’ ਦੇ ਸ਼ਹਿਰੀ ਪ੍ਰਧਾਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਮੇਤ ਕਈ ਸੱਤਾਧਾਰੀ ਆਗੂ ਅਤੇ ਅਹੁਦੇਦਾਰ ਮੌਜੂਦ ਹਨ। ਇਸ ਦੇ ਬਾਵਜੂਦ ਸ਼ਹੀਦ ਭਗਤ ਸਿੰਘ ਨਗਰ ਸਮੇਤ ਕਈ ਇਲਾਕਿਆਂ ਦੇ ਪਾਰਕਾਂ ਵਿੱਚ 8-8 ਫੁੱਟ ਤੱਕ ਘਾਹ ਉੱਗਿਆ ਹੋਇਆ ਹੈ। ਫੁੱਲਾਂ ਤੇ ਬੂਟਿਆਂ ਦੀ ਸੰਭਾਲ ਨਹੀਂ ਹੋ ਰਹੀ ਤੇ ਪਾਰਕਾਂ ਦੀ ਨਿਯਮਤ ਸਫ਼ਾਈ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇ ਸਵੱਛਤਾ ਮੁਹਿੰਮ ਦਾ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਹੈ ਤਾਂ ਸਭ ਤੋਂ ਪਹਿਲਾਂ ਪਾਰਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਤੇ ਸਾਂਭ-ਸੰਭਾਲ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਹੀਦ ਭਗਤ ਸਿੰਘ ਨਗਰ ਦੀਆਂ ਸੜਕਾਂ ਤਾਂ ਕਈ ਵਾਰ ਬਣਾਈਆਂ ਜਾ ਚੁੱਕੀਆਂ ਹਨ, ਪਰ ਪਾਰਕਾਂ ਦੀ ਸੰਭਾਲ ਵੱਲ ਲੁੜੀਂਦਾ ਧਿਆਨ ਨਹੀਂ ਦਿੱਤਾ ਗਿਆ। ਸਾਬਕਾ ਕੌਂਸਲਰ ਨੇ ਕਿਹਾ ਕਿ ਨਿਊ ਬੀਆਰਐਸ ਨਗਰ ਅਤੇ ਨਿਊ ਸ਼ਾਮ ਨਗਰ ਦੀਆਂ ਸੜਕਾਂ ਦੀ ਵੀ ਪਿਛਲੇ ਪੰਜ ਸਾਲਾਂ ਦੌਰਾਨ ਅਣਦੇਖੀ ਹੋਈ ਹੈ। ਨਿਊ ਬੀਆਰਐੱਸ ਨਗਰ ਦੀਆਂ ਅੱਠ ਸੜਕਾਂ ਵਿੱਚੋਂ ਸਿਰਫ਼ ਇੱਕ ਤੋਂ ਚਾਰ ਨੰਬਰ ਸੜਕਾਂ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ, ਜਦਕਿ ਪੰਜ ਅਤੇ ਛੇ ਨੰਬਰ ਸੜਕਾਂ ਨੂੰ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 26 ਏਕੜ ਵਿੱਚ ਬਣਨ ਵਾਲਾ ਸਿਟੀ ਸੈਂਟਰ ਕਰੀਬ 20 ਸਾਲਾਂ ਤੋਂ ਅਧੂਰਾ ਪਿਆ ਹੈ ਅਤੇ ਹੁਣ ਖੰਡਰ ਦਾ ਰੂਪ ਧਾਰ ਚੁੱਕਾ ਹੈ। ਸਰਕਾਰ ਦੇ ਕਰੀਬ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਵੀ ਇਸ ਦਾ ਕੋਈ ਸਥਾਈ ਹੱਲ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਕੌਂਸਲਰ ਖਾਲਸਾ ਨੇ ਮੰਗ ਕੀਤੀ ਕਿ ਫਾਟਕਾਂ ਨੇੜਲੇ ਪਾਰਕਾਂ ਅਤੇ ਸਿਟੀ ਸੈਂਟਰ ਸਾਹਮਣੇ ਸਥਿਤ ਪਾਰਕਾਂ ਵਿੱਚੋਂ ਤੁਰੰਤ ਘਾਹ ਕਟਵਾਇਆ ਜਾਵੇ ਅਤੇ ਫੁੱਲ-ਬੂਟਿਆਂ ਦੀ ਨਿਯਮਤ ਸੰਭਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਸਿਰਫ਼ ਜਾਗਰੂਕਤਾ ਮੁਹਿੰਮਾਂ ਤੱਕ ਸੀਮਤ ਨਾ ਰਹੇ, ਸਗੋਂ ਇਸ ਦਾ ਅਸਰ ਪਾਰਕਾਂ, ਸੜਕਾਂ ਅਤੇ ਜਨਤਕ ਥਾਵਾਂ ’ਤੇ ਜ਼ਮੀਨੀ ਪੱਧਰ ’ਤੇ ਵੀ ਦਿਖਾਈ ਦੇਣਾ ਚਾਹੀਦਾ ਹੈ।