- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਐੱਮਓ ਭ੍ਰਿਸ਼ਟਾਚਾਰੀਆਂ ਦਾ ਅੱਡਾ, ਭਗਵੰਤ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾ ਰਹੇ-ਭਾਜਪਾ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਦੱਸਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾਅ ਰਹੇ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਰਾਜਵੀਰ ਘੁੰਮਣ ਤੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣਾ ਇਸ ਦਾ ਸਾਬਤ ਸਬੂਤ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਹਾਈਕੋਰਟ ਵਲੋਂ ਜਾਂਚ ਸੀਬੀਆਈ ਹਵਾਲੇ ਕਰਨ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਹੋਏ ਹਨ। ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ 3 ਵਾਰ ਪੱਤਰ ਭੇਜੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਐੱਫਆਈਆਰ ਦਰਜ ਨਹੀਂ ਕੀਤੀ। ਜੇਕਰ ਪੰਜਾਬ ਸਰਕਾਰ ਸੱਚੀ ਸੀ ਤਾਂ ਇਸ ਜਾਂਚ ਨੂੰ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾ ਲੈਂਦੀ, ਪੰਜਾਬ ਸਰਕਾਰ ਨੇ ਅਜਿਹਾ ਨਹੀਂ ਕੀਤਾ ਕਿਉਂਕਿ ਦਾਲ ’ਚ ਕੁਝ ਕਾਲਾ ਹੈ। ਜੇ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਮੰਨਦੀ ਹੈ ਤਾਂ ਜਾਂਚ ਤੋਂ ਕਿਉਂ ਬਚਦੀ ਰਹੀ? ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਦੇ ਤਤਕਾਲੀ ਮੰਤਰੀ ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ, ਸੰਜੀਵ ਅਰੋੜਾ ਤੇ ਵਿਧਾਇਕ ਅਮਿਤ ਰਤਨ ਕੋਟਫੱਤਾ ਤੇ ਜਸਵੰਤ ਸਿੰਘ ਗੱਜਣਮਾਜਰਾ ਭ੍ਰਿਸ਼ਟਾਚਾਰ ਜਾਂ ਮਨੀ ਲਾਂਡਰਿੰਗ ਦੇ ਮਾਮਲਿਆਂ ’ਚ ਫਸ ਚੁੱਕੇ ਹਨ, ਜਦਕਿ ਤੱਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਸਰਕਾਰੀ ਅਧਿਕਾਰੀ ਦੀ ਖ਼ੁਦਕੁਸ਼ੀ ਦੇ ਮਾਮਲੇ ’ਚ ਜੇਲ੍ਹ ਜਾ ਚੁੱਕੇ ਹਨ।