- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਾਹਿਬ 'ਤੇ ਪੱਥਰਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਬੇਅਦਬੀ ਦਾ ਮਾਮਲਾ ਦਰਜ ਕਰਨ ਦੀ ਮੰਗ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਇਤਿਹਾਸਿਕ ਪਿੰਡ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਦੇ ਲੰਗਰ ਹਾਲ ਦੀ ਦੀਵਾਰ 'ਤੇ ਕੁੱਝ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੀਤੀ ਗਈ ਪੱਥਰਬਾਜ਼ੀ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਆਗੂਆਂ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ। ਇਸ ਸਬੰਧੀ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਜੀਪੀਸੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਜਗਬੀਰ ਸਿੰਘ ਸੋਖੀ ਅਤੇ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਅਨੁਸਾਰ ਲੰਗਰ ਹਾਲ ਦੀ ਦੀਵਾਰ ਨਾਲ ਬਣੀਆਂ ਝੁੱਗੀਆਂ ’ਚ ਰਹਿੰਦੇ ਪਰਵਾਸੀ ਮਜ਼ਦੂਰਾਂ ਨੂੰ ਗੁਰੂ ਘਰ ਦੀ ਮਰਿਆਦਾ ਬਾਰੇ ਬੇਨਤੀ ਕੀਤੀ ਗਈ ਸੀ। ਇਸੇ ਰੰਜਿਸ਼ 'ਚ ਆ ਕੇ ਦੋਸ਼ੀਆਂ ਨੇ ਪੱਥਰਬਾਜ਼ੀ ਦੀ ਘਟਨਾ ਨੂੰ ਅੰਜਾਮ ਦਿੱਤਾ। ਗੁਰਦੁਆਰਾ ਪ੍ਰਬੰਧਕਾਂ ਦੀ ਤੁਰੰਤ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੌਕੇ ਤੋਂ 5 ਵਿਅਕਤੀਆਂ ਨੂੰ ਹਿਰਾਸਤ ’ਚ ਲੈ ਲਿਆ ਹੈ। ਆਗੂਆਂ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਉਕਤ ਦੋਸ਼ੀਆਂ ਖ਼ਿਲਾਫ਼ ਬੇਅਦਬੀ ਕਾਨੂੰਨ ਅਤੇ ਹੋਰ ਸਖ਼ਤ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਜਾਵੇ। ਇਸ ਮੌਕੇ ਜਥੇਦਾਰ ਹਰਭਿੰਦਰ ਸਿੰਘ ਭਿੰਦਾ, ਅਕਾਲੀ ਦਲ (ਬਾ) ਬੀਸੀ ਵਿੰਗ ਹਲਕਾ ਗਿੱਲ ਦੇ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਸੋਹਲ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਲੋਟੇ, ਪ੍ਰਚਾਰਕ ਭਾਈ ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਖੱਟੜਾ, ਕੁਲਜੀਤ ਸਿੰਘ ਬੁਲਾਰਾ, ਅਮਨਦੀਪ ਸਿੰਘ ਅਕਾਊਂਟੈਂਟ, ਸੁਖਦੀਪ ਸਿੰਘ ਗਿੱਲ ਸਮੇਤ ਵੱਡੀ ਗਿਣਤੀ 'ਚ ਪੰਥਕ ਨੁਮਾਇੰਦੇ ਹਾਜ਼ਰ ਸਨ•।