- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਲਈ-ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਭਾਜਪਾ ਦਾ ਪੁਤਲਾ ਫ਼ੂਕ ਪ੍ਰਦਰਸ਼ਨ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਭਾਰਤੀ ਜਨਤਾ ਪਾਰਟੀ ਲੁਧਿਆਣਾ ਦਿਹਾਤੀ ਵੱਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਪੰਜਾਬ ਬੀਜੇਪੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਸਮੇਤ ਭਾਜਪਾ ਆਗੂਆਂ ਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ।
ਇਸ ਮੌਕੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੇ ਸੀਬੀਆਈ ਵੱਲੋਂ ਦਰਜ ਕੀਤੀ ਐਫ਼ਆੲਆਰ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਰਿਪੋਰਟਾਂ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਈਡੀ ਵੱਲੋਂ ਪੰਜਾਬ ਪੁਲਿਸ ਦੇ ਡੀਜਪੀ ਨੂੰ ਭੇਜੇ ਗਏ ਪੱਤਰਾਂ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਈਡੀ ਵੱਲੋਂ ਲਗਾਏ ਗਏ ਦੋਸ਼ਾਂ ਵਿੱਚ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ-ਤਾਇਨਾਤੀਆਂ, ਸਰਕਾਰੀ ਕੰਮਾਂ ਵਿੱਚ ਦਖ਼ਲਅੰਦਾਜ਼ੀ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਅਤੇ ਹੋਰ ਸਰਕਾਰੀ ਸਹੂਲਤਾਂ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਸ਼ਾਮਲ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਵਿੱਚ ਸਰਕਾਰੀ ਪ੍ਰਬੰਧ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਜੁੜੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਸੰਨੀ ਕੈਂਥ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੁਧਿਆਣਾ ਦਿਹਾਤੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰ ਤੋਂ ਹਰ ਮਾਮਲੇ ਵਿੱਚ ਜਵਾਬਦੇਹੀ ਦੀ ਮੰਗ ਕਰਦੀ ਰਹੇਗੀ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੱਚਾਈ ਜਾਂਚ ਰਾਹੀਂ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਣਾ ਚਾਹੀਦਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਲੋਕਤੰਤਰਿਕ ਸੰਸਥਾਵਾਂ ਦੀ ਮਜ਼ਬੂਤੀ, ਪਾਰਦਰਸ਼ੀ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਇਸ ਮੌਕੇ ਲੁਧਿਆਣਾ ਦਿਹਾਤੀ ਦੇ ਸਹਿ-ਇੰਚਾਰਜ ਰਾਕੇਸ਼ ਗੁਪਤਾ ਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਸਮੇਤ ਭਾਜਪਾ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ। ਆਗੂਆਂ ਨੇ ਇਕਜੁੱਟ ਹੋ ਕੇ ਕਿਹਾ ਕਿ ਪੰਜਾਬ ਦੇ ਹੱਕਾਂ, ਹਿੱਤਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਲਈ ਭਾਜਪਾ ਵੱਲੋਂ ਹਰ ਪੱਧਰ ’ਤੇ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ।ਜਨਰਲ ਸਕੱਤਰ ਅਵਤਾਰ ਸਿੰਘ ਭਾਟੀਆ, ਸਾਬਕਾ ਚੇਅਰਮੈਨ ਅਜਮੇਰ ਸਿੰਘ ਭਾਗਪੁਰ, ਗੁਰਬਖਸ਼ ਸਿੰਘ ਵਿੱਕੀ ਬਾਜਵਾ, ਰੋਹਿਤ ਮੁੰਜਾਲ, ਰਵਿੰਦਰ ਵਰਮਾ, ਸੋਹਣ ਸਿੰਘ ਢੋਲਣਵਾਲ, ਸੰਨੀ ਮਲਿਕ, ਬਲਕਾਰ ਸਿੰਘ ਮੰਗਲੀ, ਸਾਨਿਆ ਸ਼ਰਮਾ, ਗੁਰਚਰਨ ਸਿੰਘ ਰਾਜਪੂਤ ਆਦਿ ਹਾਜ਼ਰ ਸਨ।