- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਲਮਗੀਰ ਗੁਰਦੁਆਰਾ ਸਾਹਿਬ 'ਚ ਪੱਥਰਬਾਜ਼ੀ ਤੋਂ ਬਾਅਦ ਤਣਾਅ

-ਖ਼ਾਲੀ ਕਰਵਾਈਆਂ ਝੁੱਗੀਆਂ ਨੂੰ ਲਾਈ ਅੱਗ, ਧਾਮੀ ਤੇ ਜਥੇ. ਗੜਗੱਜ ਵੱਲੋਂ ਕਾਰਵਾਈ ਦੀ ਮੰਗ
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਬੀਤੇ ਦਿਨ ਵਾਪਰੀ ਇਕ ਮੰਦਭਾਗੀ ਘਟਨਾ ਤੋਂ ਬਾਅਦ ਖੇਤਰ ’ਚ ਭਾਰੀ ਤਣਾਅ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਝੁੱਗੀਆਂ ਵਿੱਚ ਰਹਿਣ ਵਾਲੇ ਕੁਝ ਪਰਵਾਸੀ ਮਜ਼ਦੂਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਲੰਗਰ ਛਕਣ ਲਈ ਪਹੁੰਚੇ ਸਨ। ਇਸ ਦੌਰਾਨ ਜਦੋਂ ਲੰਗਰ ਹਾਲ ਵਿੱਚ ਮੌਜੂਦ ਸੇਵਾਦਾਰਾਂ ਨੇ ਉਨ੍ਹਾਂ ਨੂੰ ਗੁਰੂਘਰ ਦੀ ਮਰਿਆਦਾ ਸਬੰਧੀ ਸਮਝਾਉਣ ਅਤੇ ਦੱਸਣ ਦਾ ਯਤਨ ਕੀਤਾ, ਤਾਂ ਰੋਸ ’ਚ ਆਏ ਪਰਵਾਸੀ ਮਜ਼ਦੂਰਾਂ ਨੇ ਗੁਰਦੁਆਰਾ ਸਾਹਿਬ ਦੀ ਹਦੂਦ ਦੇ ਬਾਹਰੋਂ ਲੰਗਰ ਹਾਲ ਦੀ ਦੀਵਾਰ 'ਤੇ ਪੱਥਰਬਾਜ਼ੀ ਕਰ ਦਿੱਤੀ।
ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਤੇ ਧਾਰਮਿਕ ਜਥੇਬੰਦੀਆਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ’ਚ ਇਕੱਠੀਆਂ ਹੋਈਆਂ ਸੰਗਤ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਗੁਰਦੁਆਰਾ ਸਾਹਿਬ ਦੇ ਨੇੜੇ ਬਣੀਆਂ ਉਕਤ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਗਨ ਭੇਟ ਕਰ ਦਿੱਤਾ।
ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਸਮੇਤ ਸਮੂਹ ਸੇਵਾਦਾਰਾਂ ਨੇ ਝੁੱਗੀ ਨਿਵਾਸੀਆਂ ਨੂੰ ਸ਼ਾਮ ਤੱਕ ਜਗ੍ਹਾ ਖਾਲੀ ਕਰਨ ਦੀ ਚਿਤਾਵਨੀ ਦਿੱਤੀ ਸੀ। ਮਜ਼ਦੂਰਾਂ ਵੱਲੋਂ ਝੁੱਗੀਆਂ ਖਾਲੀ ਕੀਤੇ ਜਾਣ ਤੋਂ ਬਾਅਦ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਅੱਗ ਲਾ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕੁਝ ਵਿਅਕਤੀਆਂ ਖ਼ਿਲਾਫ਼ ਪਰਚਾ ਵੀ ਦਰਜ ਕੀਤਾ ਹੈ।
-ਧਾਰਮਿਕ ਸ਼ਖ਼ਸੀਅਤਾਂ ਵੱਲੋਂ ਸਖ਼ਤ ਨਿਖੇਧੀ
ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਕਿਸੇ ਗੁਰੂ ਘਰ ਜਾਂ ਕਿਸੇ ਵੀ ਧਾਰਮਿਕ ਅਸਥਾਨ ਵੱਲ ਮਾੜੀ ਨਜ਼ਰ ਨਾਲ ਦੇਖਣ ਦੀ ਜ਼ੁਰਅਤ ਨਾ ਕਰ ਸਕੇ।