- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਲਈ-ਸਰਵਿਸ ਲੇਨ ਮੇਨ ਰੋਡ ’ਤੇ ਪਈ ਫੱਕ ਡਾਇੰਗ ਯੂਨਿਟਾਂ ਲਈ ਬਣੀ ਬਾਲਣ ਦਾ ਸਾਧਨ

-ਸ਼ਹਿਰ ’ਚ ਪ੍ਰਦੂਸ਼ਣ ਦਾ ਵਧਿਆ ਖ਼ਤਰਾ, ਜ਼ਹਿਰੀਲਾ ਧੂੰਆਂ ਲੋਕਾਂ ਦੀ ਸਿਹਤ ਲਈ ਖ਼ਤਰਨਾਕ
ਸੁਰੇਸ਼ ਕੁਮਾਰ, ਪੰਜਾਬੀ ਜਾਗਰਣ, ਲੁਧਿਆਣਾ
ਲੁਧਿਆਣਾ ਸ਼ਹਿਰ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਦਰਮਿਆਨ ਡਾਇੰਗ ਯੂਨਿਟਾਂ ’ਚ ਸਸਤੇ ਬਾਲਣ ਵਜੋਂ ਫੱਕ ਦੀ ਵਰਤੋਂ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ। ਸੁੰਦਰ ਨਗਰ ਸਥਿਤ ਹਾਈਵੇ ਮੇਨ ਰੋਡ ’ਤੇ ਪਈ ਫੱਕ ਨੂੰ ਡਾਇੰਗ ਯੂਨਿਟਾਂ ਵਿੱਚ ਵਰਤੋਂ ਲਈ ਲਿਜਾਏ ਜਾਣ ਦੇ ਮਾਮਲੇ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਦੋਸ਼ ਹਨ ਕਿ ਸਸਤਾ ਬਾਲਣ ਵਰਤਣ ਦੇ ਚੱਕਰ ’ਚ ਵਾਤਾਵਰਣ ਤੇ ਲੋਕਾਂ ਦੀ ਸਿਹਤ ਨਾਲ ਜੁੜੇ ਖ਼ਤਰਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਸਥਾਨਕ ਪੱਧਰ ’ਤੇ ਉੱਠ ਰਹੀਆਂ ਚਿੰਤਾਵਾਂ ਅਨੁਸਾਰ ਜੇਕਰ ਡਾਇੰਗ ਯੂਨਿਟਾਂ ਵਿੱਚ ਫੱਕ ਨੂੰ ਨਿਯਮਾਂ ਦੀ ਉਲੰਘਣਾ ਕਰਕੇ ਬਾਲਣ ਵਜੋਂ ਵਰਤਿਆ ਜਾ ਰਿਹਾ ਹੈ, ਤਾਂ ਇਸ ਨਾਲ ਨਿਕਲਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦਾ ਸਭ ਤੋਂ ਵੱਧ ਅਸਰ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ’ਤੇ ਪੈਣ ਦਾ ਖ਼ਦਸ਼ਾ ਹੈ। ਹਵਾ ਪ੍ਰਦੂਸ਼ਣ ਕਾਰਨ ਦਮੇ, ਸਾਹ ਲੈਣ ਵਿੱਚ ਤਕਲੀਫ਼ ਤੇ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਵਧ ਸਕਦਾ ਹੈ।
ਡਾਇੰਗ ਯੂਨਿਟਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਿਰਫ਼ ਹਵਾ ਪ੍ਰਦੂਸ਼ਣ ਹੀ ਨਹੀਂ, ਸਗੋਂ ਗੰਦੇ ਪਾਣੀ ਦੇ ਨਿਕਾਸ ਬਾਰੇ ਵੀ ਸਵਾਲ ਉੱਠਦੇ ਰਹੇ ਹਨ। ਸੂਤਰਾਂ ਅਨੁਸਾਰ, ਸ਼ਹਿਰ ਦੀਆਂ ਸਰਕਾਰੀ ਸੀਵਰ ਲਾਈਨਾਂ ਅਤੇ ਬੁੱਢੇ ਦਰਿਆ ’ਚ ਰੰਗਦਾਰ ਤੇ ਰਸਾਇਣਕ ਪਦਾਰਥਾਂ ਵਾਲਾ ਪਾਣੀ ਛੱਡਣ ਦੇ ਮਾਮਲਿਆਂ ਵਿੱਚ ਪਹਿਲਾਂ ਵੀ ਪ੍ਰਦੂਸ਼ਣ ਬੋਰਡ ਵੱਲੋਂ ਜੁਰਮਾਨੇ ਕੀਤੇ ਜਾਣ ਦੀ ਗੱਲ ਸਾਹਮਣੇ ਆਉਂਦੀ ਰਹੀ ਹੈ। ਅਜਿਹੇ ਹਾਲਾਤ ਵਿੱਚ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਡਾਇੰਗ ਯੂਨਿਟਾਂ ਵੱਲੋਂ ਨਿਰਧਾਰਤ ਵਾਤਾਵਰਣ ਮਾਪਦੰਡਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ।
-ਬਾਕਸ-
-ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿਆਂਗੇ : ਐੱਸਡੀਓ
ਇਸ ਸਬੰਧੀ ਜਦੋਂ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸਡੀਓ ਜਗਪ੍ਰੀਤ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਪਾਈ ਜਾਂਦੀ ਹੈ, ਤਾਂ ਸਬੰਧਤ ਇਕਾਈਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਜਾਂਚ ਸਿਰਫ਼ ਭਰੋਸੇ ਤੱਕ ਸੀਮਤ ਰਹਿੰਦੀ ਹੈ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਅਸਲ ’ਚ ਕਾਰਵਾਈ ਵੀ ਕੀਤੀ ਜਾਂਦੀ ਹੈ। ਇਹ ਆਉਣ ਵਾਲਾ ਸਮਾਂ ਦੱਸੇਗਾ।